ਕੇਜਰੀਵਾਲ ਦੇ ਵੱਖਵਾਦੀ ਜਥੇਬੰਦੀਆਂ ਨਾਲ ਸਬੰਧਾਂ ਦੇ ਦੋਸ਼ਾਂ ਦੀ ਜਾਂਚ ਵਾਲੀ ਪਟੀਸ਼ਨ ਰੱਦ

ਏਜੰਸੀ

ਖ਼ਬਰਾਂ, ਰਾਸ਼ਟਰੀ

ਮੈਨੂੰ ਅਤਿਵਾਦੀ ਕਹਿਣ ਵਾਲਿਆਂ ਨੂੰ ਪਹਿਲਾਂ ਜਨਤਾ ਨੇ ਅਤੇ ਹੁਣ ਅਦਾਲਤ ਨੇ ਜਵਾਬ ਦੇ ਦਿੱਤਾ ਹੈ - ਅਰਵਿੰਦ ਕੇਜਰੀਵਾਲ 

Delhi High Court

ਨਵੀਂ ਦਿੱਲੀ : ਦਿੱਲੀ ਹਾਈ ਕੋਰਟ ਨੇ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਵੱਡੀ ਰਾਹਤ ਦਿੱਤੀ ਹੈ। ਦਿੱਲੀ ਹਾਈ ਕੋਰਟ ਨੇ ਅਰਵਿੰਦ ਕੇਜਰੀਵਾਲ ਖ਼ਿਲਾਫ਼ ਗਰਮ ਖਿਆਲੀ ਜਥੇਬੰਦੀਆਂ ਨਾਲ ਕਥਿਤ ਸਬੰਧਾਂ ਦੀ ਉੱਚ ਪੱਧਰੀ ਜਾਂਚ ਦੀ ਮੰਗ ਕਰਨ ਵਾਲੀ ਪਟੀਸ਼ਨ ਨੂੰ ਪੂਰੀ ਤਰ੍ਹਾਂ ਫਜ਼ੂਲ ਕਰਾਰ ਦਿੰਦਿਆਂ ਖਾਰਜ ਕਰ ਦਿੱਤਾ ਹੈ।

ਇਸ ਮੌਕੇ ਪਟੀਸ਼ਨ 'ਤੇ ਸੁਣਵਾਈ ਕਰਨ ਦੌਰਾਨ ਕਾਰਜਕਾਰੀ ਚੀਫ਼ ਜਸਟਿਸ ਵਿਪਿਨ ਸਾਂਘੀ ਅਤੇ ਜਸਟਿਸ ਨਵੀਨ ਚਾਵਲਾ ਦੇ ਬੈਂਚ ਨੇ ਅਪੀਲਕਰਤਾ ਦੇ ਵਕੀਲ ਨੂੰ ਕਿਹਾ ਹੈ ਕਿ ਅਜਿਹੀਆਂ ਬੇਤੁਕੀ ਪਟੀਸ਼ਨਾਂ ਦਾਇਰ ਨਾ ਕੀਤੀਆਂ ਜਾਣ। ਦੱਸ ਦਈਏ ਕਿ ਕਾਂਗਰਸੀ ਆਗੂ ਜਗਦੀਸ਼ ਸ਼ਰਮਾ ਵੱਲੋਂ ਪਟੀਸ਼ਨ ਦਾਇਰ ਕੀਤੀ ਗਈ ਸੀ ਜਿਸ ਵਿਚ 'ਆਪ' ਅਤੇ ਇਸ ਦੇ ਕਨਵੀਨਰ ਕੇਜਰੀਵਾਲ ਦੇ ਵੱਖਵਾਦੀ ਜਥੇਬੰਦੀਆਂ ਨਾਲ ਸਬੰਧ ਹੋਣ ਅਤੇ ਪੰਜਾਬ ਵਿਚ ਚੋਣਾਂ ਲੜਨ ਲਈ ਉਨ੍ਹਾਂ ਤੋਂ ਫੰਡ ਪ੍ਰਾਪਤ ਕੀਤੇ ਜਾਣ ਦੀ ਜਾਂਚ ਦੀ ਮੰਗ ਕੀਤੀ ਗਈ ਸੀ।

ਇਸ ਪਟੀਸ਼ਨ ਵਿਚ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵੱਲੋਂ ਲਿਖੀ ਚਿੱਠੀ ਦਾ ਹਵਾਲਾ ਦਿੱਤਾ ਗਿਆ ਹੈ, ਜਿਸ ਵਿਚ ‘ਆਪ’ ਦੇ ਸਾਬਕਾ ਆਗੂ ਕੁਮਾਰ ਵਿਸ਼ਵਾਸ ਦੇ ਬਿਆਨ ਦਾ ਹਵਾਲਾ ਦਿੱਤਾ ਗਿਆ ਸੀ। ਇਸ ਪਟੀਸ਼ਨ 'ਤੇ ਸੁਣਵਾਈ ਦੌਰਾਨ ਅਦਾਲਤ ਨੇ ਇਸ ਨੂੰ ਫਜ਼ੂਲ ਦੱਸਿਆ ਅਤੇ ਕਿਹਾ ਕਿ ਉਹ ਭਵਿੱਖ ਵਿਚ ਅਜਿਹੀਆਂ ਅਪੀਲਾਂ ਨਾ ਕਰਨ।

ਵਾਇਰਲ ਹੋ ਰਹੀ ਇੱਕ ਵੀਡੀਓ ਕਲਿੱਪ ਵਿਚ ਦਾਅਵਾ ਕੀਤਾ ਗਿਆ ਸੀ ਕਿ ਅਰਵਿੰਦ ਕੇਜਰੀਵਾਲ ਪੰਜਾਬ ਦਾ ਮੁੱਖ ਮੰਤਰੀ ਜਾਂ ਆਜ਼ਾਦ ਪੰਜਾਬ ਦਾ ਪ੍ਰਧਾਨ ਮੰਤਰੀ ਬਣਨਾ ਚਾਹੁੰਦਾ ਸੀ। 'ਆਪ' ਨੇ ਵੀਡੀਓ ਨੂੰ ਝੂਠਾ, ਗੁੰਮਰਾਹਕੁੰਨ ਅਤੇ ਵਿਰੋਧੀ ਸਿਆਸੀ ਪਾਰਟੀਆਂ ਦੀ ਚਾਲ ਕਰਾਰ ਦਿੱਤਾ ਸੀ।

ਅਦਾਲਤ ਦੇ ਇਸ ਫੈਸਲੇ 'ਤੇ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਵਿਰੋਧੀਆਂ 'ਤੇ ਪਲਟਵਾਰ ਕਰਦੇ ਹੋਏ ਕਿਹਾ, ''ਜਿਹੜੇ ਲੋਕ ਮੈਨੂੰ ਅਤਿਵਾਦੀ ਕਹਿੰਦੇ ਹਨ, ਉਨ੍ਹਾਂ ਨੂੰ ਪਹਿਲਾਂ ਜਨਤਾ ਨੇ ਜਵਾਬ ਦਿੱਤਾ ਅਤੇ ਅੱਜ ਅਦਾਲਤ ਨੇ ਵੀ ਉਨ੍ਹਾਂ ਨੂੰ ਜਵਾਬ ਦੇ ਦਿੱਤਾ ਹੈ। 

ਦੱਸਣਯੋਗ ਹੈ ਕਿ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਕੁਮਾਰ ਵਿਸ਼ਵਾਸ ਨੇ ਦਾਅਵਾ ਕੀਤਾ ਸੀ ਕਿ ਅਰਵਿੰਦ ਕੇਜਰੀਵਾਲ ਵੱਖਵਾਦੀ ਜਥੇਬੰਦੀਆਂ ਦਾ ਸਮਰਥਨ ਲੈਂਦੇ ਹਨ। ਉਨ੍ਹਾਂ ਦੇ ਇਸ ਬਿਆਨ ਤੋਂ ਬਾਅਦ ਸਿਆਸੀ ਹੰਗਾਮਾ ਹੋ ਗਿਆ ਹੈ। ਦੂਜੇ ਪਾਸੇ ਪੰਜਾਬ ਵਿਧਾਨ ਸਭਾ ਚੋਣਾਂ ਵਿੱਚ ਅਰਵਿੰਦ ਕੇਜਰੀਵਾਲ ਦੀ ਪਾਰਟੀ ਨੇ ਸ਼ਾਨਦਾਰ ਜਿੱਤ ਹਾਸਲ ਕੀਤੀ ਹੈ। ਇਨ੍ਹਾਂ ਚੋਣਾਂ ਵਿਚ ਆਮ ਆਦਮੀ ਪਾਰਟੀ ਨੂੰ 92, ਕਾਂਗਰਸ ਨੂੰ 18, ਅਕਾਲੀ ਦਲ ਨੂੰ 3, ਭਾਜਪਾ ਨੂੰ 2 ਸੀਟਾਂ ਮਿਲੀਆਂ ਹਨ। 16 ਮਾਰਚ ਯਾਨੀ ਬੁੱਧਵਾਰ ਨੂੰ ‘ਆਪ’ ਆਗੂ ਭਗਵੰਤ ਮਾਨ ਸੂਬੇ ਦੇ ਮੁੱਖ ਮੰਤਰੀ ਵਜੋਂ ਸਹੁੰ ਚੁੱਕਣ ਜਾ ਰਹੇ ਹਨ।