ਭਾਜਪਾ ਭਾਰਤੀ ਕਿਸਾਨ ਯੂਨੀਅਨ ਦੀਆਂ ਉਮੀਦਾਂ ’ਤੇ ਖਰਾ ਉਤਰਨ ’ਚ ਅਸਫਲ ਰਹੀ: ਨਰੇਸ਼ ਟਿਕੈਤ 

ਏਜੰਸੀ

ਖ਼ਬਰਾਂ, ਰਾਸ਼ਟਰੀ

ਕਿਹਾ 2014 ਦੀਆਂ ਚੋਣਾਂ ’ਚ ਯੂਨੀਅਨ ਨੇ ਭਾਜਪਾ ਦਾ ਸਮਰਥਨ ਕੀਤਾ ਸੀ

Naresh Tikait

ਮੁਜ਼ੱਫਰਨਗਰ: ਕਿਸਾਨ ਆਗੂ ਨਰੇਸ਼ ਟਿਕੈਤ ਨੇ ਕਿਹਾ ਕਿ ਉਨ੍ਹਾਂ ਦੀ ਭਾਰਤੀ ਕਿਸਾਨ ਯੂਨੀਅਨ (ਬੀ.ਕੇ.ਯੂ.) ਨੇ 2014 ਦੀਆਂ ਲੋਕ ਸਭਾ ਚੋਣਾਂ ’ਚ ਭਾਰਤੀ ਜਨਤਾ ਪਾਰਟੀ (ਭਾਜਪਾ) ਦਾ ਖੁੱਲ੍ਹ ਕੇ ਸਮਰਥਨ ਕੀਤਾ ਸੀ ਪਰ ਸੱਤਾ ’ਚ ਆਉਣ ਤੋਂ ਬਾਅਦ ਪਾਰਟੀ ਉਨ੍ਹਾਂ ਦੀਆਂ ਉਮੀਦਾਂ ’ਤੇ ਖਰਾ ਉਤਰਨ ’ਚ ਅਸਫਲ ਰਹੀ। 

ਟਿਕੈਤ ਨੇ ਅਫਸੋਸ ਜ਼ਾਹਰ ਕੀਤਾ ਕਿ ਕੇਂਦਰ ਦੀ ਭਾਜਪਾ ਦੀ ਅਗਵਾਈ ਵਾਲੀ ਸਰਕਾਰ ਨੇ 2020-21 ’ਚ ਦਿੱਲੀ ਦੀਆਂ ਸਰਹੱਦਾਂ ’ਤੇ 13 ਮਹੀਨਿਆਂ ਦੇ ਵਿਰੋਧ ਪ੍ਰਦਰਸ਼ਨ ਦੌਰਾਨ ਲਗਭਗ 750 ਕਿਸਾਨਾਂ ਦੀ ਸ਼ਹਾਦਤ ਨੂੰ ਮਨਜ਼ੂਰ ਨਹੀਂ ਕੀਤਾ। ਉਨ੍ਹਾਂ ਦਾਅਵਾ ਕੀਤਾ ਕਿ ਇਸ ਪਾਰਟੀ ’ਚੋਂ ਤਾਨਾਸ਼ਾਹੀ ਦੀ ਬਦਬੂ ਆਉਂਦੀ ਹੈ।

ਹਾਲਾਂਕਿ, ਪਛਮੀ ਉੱਤਰ ਪ੍ਰਦੇਸ਼ ਅਤੇ ਹਰਿਆਣਾ ਦੇ ਪ੍ਰਮੁੱਖ ਜਾਟ ਭਾਈਚਾਰੇ ਬਾਲਿਆਨ ਖਾਪ ਦੇ ਚੌਧਰੀ ਟਿਕੈਤ ਨੇ ਕਿਹਾ ਕਿ ਬੀ.ਕੇ.ਯੂ. ਦੇ ਮੈਂਬਰ ਆਉਣ ਵਾਲੀਆਂ ਲੋਕ ਸਭਾ ਚੋਣਾਂ ’ਚ ਕਿਸੇ ਵੀ ਪਾਰਟੀ ਦੇ ਉਮੀਦਵਾਰਾਂ ਦਾ ਸਮਰਥਨ ਕਰਨ ਲਈ ਤਿਆਰ ਹਨ। 

ਬੀ.ਕੇ.ਯੂ. ਸੰਯੁਕਤ ਕਿਸਾਨ ਮੋਰਚਾ (ਐਸ.ਕੇ.ਐਮ.) ਦਾ ਹਿੱਸਾ ਹੈ। ਕਿਸਾਨ ਯੂਨੀਅਨਾਂ ਦੀ ਇਸ ਸਾਂਝੀ ਸੰਸਥਾ ਨੇ ਹੁਣ ਰੱਦ ਕੀਤੇ ਗਏ ਖੇਤੀ ਕਾਨੂੰਨਾਂ ਨੂੰ ਲੈ ਕੇ 2020-21 ’ਚ ਕੇਂਦਰ ਵਿਰੁਧ ਵਿਸ਼ਾਲ ਵਿਰੋਧ ਪ੍ਰਦਰਸ਼ਨ ਕੀਤਾ ਸੀ।