ਤਾਲਿਬਾਨ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸਰੂਪ ਭਾਰਤ ਲਿਜਾਣ ਤੋਂ ਰੋਕਿਆ, 60 ਅਫ਼ਗਾਨ ਸਿੱਖਾਂ ਨੇ ਆਉਣਾ ਸੀ ਭਾਰਤ 

ਏਜੰਸੀ

ਪੰਥਕ, ਪੰਥਕ/ਗੁਰਬਾਣੀ

SGPC ਨੇ ਕੀਤੀ ਕਰੜੀ ਨਿੰਦਾ, ਕੇਂਦਰ ਸਕਾਰ ਤੇ ਵਿਦੇਸ਼ ਮੰਤਰਾਲੇ ਨੂੰ ਦਖ਼ਲ ਦੇਣ ਲਈ ਕਿਹਾ

The Taliban prevented Sri Guru Granth Sahib from being taken to India

 

ਕਾਬੁਲ - ਤਾਲਿਬਾਨ ਸਰਕਾਰ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸਰੂਪ ਨੂੰ ਅਫ਼ਗਾਨਿਸਤਾਨ ਤੋਂ ਬਾਹਰ ਭੇਜਣ 'ਤੇ ਪਾਬੰਦੀ ਲਗਾ ਦਿੱਤੀ ਹੈ। ਇਸ ਘਟਨਾ ਤੋਂ ਬਾਅਦ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਵਿਦੇਸ਼ ਮੰਤਰਾਲੇ ਨੂੰ ਇਸ ਮਾਮਲੇ ਵਿਚ ਦਖਲ ਦੇਣ ਦੀ ਮੰਗ ਕੀਤੀ ਹੈ। ਉਨ੍ਹਾਂ ਨੇ ਇਸ ਨੂੰ ਧਾਰਮਿਕ ਮਾਮਲਿਆਂ 'ਚ ਤਾਲਿਬਾਨ ਸਰਕਾਰ ਦੀ ਦਖਲਅੰਦਾਜ਼ੀ ਕਰਾਰ ਦਿੱਤਾ ਹੈ।

ਐਡਵੋਕੇਟ ਧਾਮੀ ਨੇ ਕਿਹਾ ਕਿ ਇਕ ਪਾਸੇ ਅਫ਼ਗਾਨਿਸਤਾਨ ਅੰਦਰ ਸਿੱਖਾਂ ਅਤੇ ਪਾਵਨ ਗੁਰਦੁਆਰਾ ਸਾਹਿਬਾਨ ’ਤੇ ਹਮਲੇ ਕੀਤੇ ਜਾ ਰਹੇ ਹਨ, ਜਦਕਿ ਦੂਜੇ ਪਾਸੇ ਉਨ੍ਹਾਂ ਨੂੰ ਭਾਰਤ ਆਉਣ ਸਮੇਂ ਪਾਵਨ ਸ੍ਰੀ ਗੁਰੂ ਗ੍ਰੰਥ ਸਾਹਿਬ ਨਾਲ ਲਿਆਉਣ ਤੋਂ ਰੋਕਿਆ ਜਾ ਰਿਹਾ ਹੈ। ਐਡਵੋਕੇਟ ਧਾਮੀ ਨੇ ਕਿਹਾ ਕਿ ਅਫ਼ਗਾਨਿਸਤਾਨ ਵਿਚ ਸਿੱਖ ਸੁਰੱਖਿਅਤ ਨਾ ਹੋਣ ਕਰਕੇ ਦੇਸ਼ ਛੱਡ ਰਹੇ ਹਨ ਅਤੇ ਜਦੋਂ ਸਿੱਖ ਹੀ ਦੇਸ਼ ਅੰਦਰ ਨਾ ਰਹੇ ਤਾਂ ਫਿਰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਸੇਵਾ ਸੰਭਾਲ ਕੌਣ ਕਰੇਗਾ? ਇਸੇ ਕਰਕੇ ਹੀ ਸਿੱਖ ਆਪਣੇ ਨਾਲ ਭਾਰਤ ਆਉਣ ਸਮੇਂ ਪਾਵਨ ਸ੍ਰੀ ਗੁਰੂ ਗ੍ਰੰਥ ਸਾਹਿਬ ਲਿਆ ਰਹੇ ਹਨ।

ਉਨ੍ਹਾਂ ਆਖਿਆ ਕਿ ਅਫ਼ਗਾਨਿਸਤਾਨ ਦੀ ਤਾਲਿਬਾਨ ਸਰਕਾਰ ਨੂੰ ਸਿੱਖਾਂ ਦੀ ਭਾਵਨਾਵਾਂ ਵਿਰੁੱਧ ਫ਼ੈਸਲੇ ਨਹੀਂ ਕਰਨੇ ਚਾਹੀਦੇ। ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਅਪੀਲ ਕੀਤੀ ਕਿ ਉਹ ਇਸ ਮਾਮਲੇ ਵਿਚ ਦਖ਼ਲ ਦੇਣ ਅਤੇ ਸਿੱਖਾਂ ਦੀਆਂ ਧਾਰਮਿਕ ਭਾਵਨਾਵਾਂ ਵਿਰੁੱਧ ਅਫਗਾਨਿਸਤਾਨ ਸਰਕਾਰ ਵੱਲੋਂ ਕੀਤੀਆਂ ਜਾ ਰਹੀਆਂ ਕਾਰਵਾਈਆਂ ਨੂੰ ਰੋਕਣ।

ਦਰਅਸਲ ਕਰਤੇ ਪਰਵਾਨ ਗੁਰਦੁਆਰਾ ਸਾਹਿਬ ਵਿਚ ਬੰਬ ਧਮਾਕਾ ਅਤੇ ਸਿੱਖਾਂ ਦੀ ਟਾਰਗੇਟ ਕਿਲਿੰਗ ਦੇ ਬਾਅਦ ਤੋਂ ਭਾਰਤ ਸਰਕਾਰ ਅਫ਼ਗਾਨਿਸਤਾਨ ਵਿੱਚ ਰਹਿੰਦੇ ਸਿੱਖਾਂ ਨੂੰ ਈ-ਵੀਜ਼ਾ ਦੇ ਰਹੀ ਹੈ। ਪਿਛਲੇ ਕੁਝ ਸਮੇਂ ਤੋਂ ਤਾਲਿਬਾਨ ਸਰਕਾਰ ਵੀ ਸ਼ਾਂਤ ਮਾਹੌਲ ਦਾ ਹਵਾਲਾ ਦਿੰਦੇ ਹੋਏ ਸਿੱਖਾਂ ਅਤੇ ਹਿੰਦੂਆਂ ਨੂੰ ਅਫਗਾਨਿਸਤਾਨ ਤੋਂ ਵਾਪਸ ਪਰਤਣ ਦੀ ਅਪੀਲ ਕਰ ਰਹੀ ਹੈ। ਇਸ ਦੌਰਾਨ 11 ਸਤੰਬਰ ਨੂੰ 60 ਅਫ਼ਗਾਨ ਸਿੱਖਾਂ ਨੇ ਭਾਰਤ ਆਉਣਾ ਸੀ।

ਉਹ ਅਫ਼ਗਾਨਿਸਤਾਨ ਤੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸਰੂਪ ਵੀ ਆਪਣੇ ਨਾਲ ਲੈ ਕੇ ਆ ਰਹੇ ਸਨ ਪਰ ਅਫ਼ਗਾਨਿਸਤਾਨ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਅਤੇ ਹੋਰ ਧਾਰਮਿਕ ਗ੍ਰੰਥ ਲੈ ਕੇ ਆਉਣਾ ਬੰਦ ਕਰ ਦਿੱਤਾ ਹੈ। ਇਸ ਕਾਰਨ 60 ਸਿੱਖ ਵੀ ਭਾਰਤ ਨਹੀਂ ਆ ਸਕੇ। ਅਫ਼ਗਾਨਿਸਤਾਨ ਦੇ ਸੱਭਿਆਚਾਰਕ ਮੰਤਰਾਲੇ ਨੇ ਧਾਰਮਿਕ ਗ੍ਰੰਥਾਂ ਨੂੰ ਅਫ਼ਗਾਨਿਸਤਾਨ ਤੋਂ ਬਾਹਰ ਲਿਜਾਣ ਦੀ ਇਜਾਜ਼ਤ ਦੇਣ ਤੋਂ ਇਨਕਾਰ ਕਰ ਦਿੱਤਾ ਹੈ।