ਪ੍ਰਦੂਸ਼ਣ ਦਾ ਖ਼ਤਰਾ : ਦਿੱਲੀ ਤੋਂ ਬਾਅਦ ਹੁਣ ਹਰਿਆਣਾ 'ਚ ਵੀ ਸਕੂਲ ਬੰਦ
ਨਿਰਮਾਣ ਕਾਰਜਾਂ 'ਤੇ ਵੀ ਲੱਗੀ ਪੂਰੀ ਤਰ੍ਹਾਂ ਪਾਬੰਦੀ
ਨਵੀਂ ਦਿੱਲੀ: ਇਨ੍ਹੀਂ ਦਿਨੀਂ ਦਿੱਲੀ-NCR ਸਮੇਤ ਨਾਲ ਲੱਗਦੇ ਰਾਜਾਂ 'ਚ ਪ੍ਰਦੂਸ਼ਣ ਦਾ ਕਹਿਰ ਦੇਖਣ ਨੂੰ ਮਿਲ ਰਿਹਾ ਹੈ। ਇਸ ਕਾਰਨ ਸਰਕਾਰਾਂ ਵੀ ਹੁਣ ਸੁਚੇਤ ਨਜ਼ਰ ਆ ਰਹੀਆਂ ਹਨ।
ਇਹੀ ਕਾਰਨ ਹੈ ਕਿ ਦਿੱਲੀ ਤੋਂ ਬਾਅਦ ਹਰਿਆਣਾ ਵਿਚ ਵੀ 4 ਜ਼ਿਲ੍ਹਿਆਂ ਦੇ ਸਾਰੇ ਸਕੂਲ ਬੰਦ ਕਰ ਦਿਤੇ ਹਨ। ਜਾਣਕਾਰੀ ਮੁਤਾਬਕ ਹਰਿਆਣਾ ਸਰਕਾਰ ਨੇ ਦਿੱਲੀ ਦੇ ਨਾਲ ਲੱਗਦੇ ਫਰੀਦਾਬਾਦ, ਗੁਰੂਗ੍ਰਾਮ, ਸੋਨੀਪਤ ਅਤੇ ਝੱਜਰ ਜ਼ਿਲ੍ਹਿਆਂ ਦੇ ਸਾਰੇ ਸਰਕਾਰੀ ਅਤੇ ਗੈਰ-ਸਰਕਾਰੀ ਸਕੂਲ ਬੰਦ ਕਰਨ ਦਾ ਐਲਾਨ ਕੀਤਾ ਹੈ।
ਦੱਸ ਦੇਈਏ ਕਿ ਮੌਸਮ ਵਿਭਾਗ ਨੇ ਸੂਬੇ ਦੇ ਮੌਸਮ ਨੂੰ ਲੈ ਕੇ ਅੰਦਾਜ਼ਾ ਲਗਾਇਆ ਗਿਆ ਸੀ ਕਿ ਇਕ ਹਫ਼ਤੇ ਲਈ ਸੂਬੇ ਵਿਚ ਇਸ ਤਰ੍ਹਾਂ ਦਾ ਮੌਸਮ ਹੀ ਬਣਿਆ ਰਹੇਗਾ। ਇਸ ਤੋਂ ਬਾਅਦ ਹਰਿਆਣਾ ਸਰਕਾਰ ਨੇ ਦਿੱਲੀ ਦੀ ਤਰਜ਼ 'ਤੇ 4 ਜ਼ਿਲ੍ਹਿਆਂ ਦੇ ਸਾਰੇ ਸਕੂਲ ਬੰਦ ਕਰਨ ਦਾ ਹੁਕਮ ਜਾਰੀ ਕੀਤਾ ਹੈ।
ਇਸ ਦੌਰਾਨ ਸਰਕਾਰੀ ਦਫ਼ਤਰਾਂ ਦੇ ਕਰਮਚਾਰੀ ਘਰ ਬੈਠੇ ਹੀ ਕੰਮ ਕਰਨਗੇ। ਇਸ ਦੇ ਨਾਲ ਹੀ ਸਰਕਾਰ ਨੇ ਸੜਕਾਂ 'ਤੇ ਵਾਹਨਾਂ ਦੀ ਗਿਣਤੀ 30 ਫ਼ੀ ਸਦੀ ਤੱਕ ਘੱਟ ਕਰਨ ਦਾ ਟੀਚਾ ਰੱਖਿਆ ਹੈ। ਸਰਕਾਰ ਨੇ ਪ੍ਰਾਈਵੇਟ ਕੰਪਨੀਆਂ ਨੂੰ ਵੀ ਬੇਨਤੀ ਕੀਤੀ ਹੈ ਕਿ ਉਹ ਆਪਣੇ ਕਰਮਚਾਰੀਆਂ ਨੂੰ ਘਰ ਤੋਂ ਕੰਮ ਕਰਨ ਦੀ ਇਜਾਜ਼ਤ ਦੇਣ।
ਸਰਕਾਰ ਦਾ ਕਹਿਣਾ ਹੈ ਕਿ ਇਹ ਕਦਮ ਲੋਕਾਂ ਦੀ ਸਿਹਤ ਲਈ ਬਹੁਤ ਜ਼ਰੂਰੀ ਹੈ। ਇਸ ਦੇ ਨਾਲ ਹੀ ਜਦੋਂ ਪੂਰਾ ਦੇਸ਼ ਕੋਰੋਨਾ ਮਹਾਮਾਰੀ ਨਾਲ ਜੂਝ ਰਿਹਾ ਹੈ ਤਾਂ ਪ੍ਰਦੂਸ਼ਣ ਨੂੰ ਲੈ ਕੇ ਚੌਕਸੀ ਹੋਰ ਵੀ ਜ਼ਰੂਰੀ ਹੋ ਜਾਂਦੀ ਹੈ। ਇਸ ਦੌਰਾਨ ਸੂਬੇ 'ਚ ਨਿਰਮਾਣ ਕਾਰਜਾਂ 'ਤੇ ਵੀ ਪੂਰੀ ਤਰ੍ਹਾਂ ਪਾਬੰਦੀ ਲਗਾ ਦਿਤੀ ਗਈ ਹੈ।