ਕੋਰੋਨਾ ਟੀਕਾਕਰਨ ਨੂੰ ਇਕ ਸਾਲ ਪੂਰਾ ਹੋਣ 'ਤੇ ਮਨਸੁਖ ਮਾਂਡਵੀਆ ਨੇ ਲੋਕਾਂ ਨੂੰ ਦਿੱਤੀ ਵਧਾਈ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਰਾਸ਼ਟਰੀ

ਕਿਹਾ ਕੋਰੋਨਾ ਟੀਕਾਕਰਨ ਰਿਹਾ ਦੁਨੀਆਂ ਦਾ ਸਫਲ ਅਭਿਆਨ

Corona Vaccine

 

ਨਵੀਂ ਦਿੱਲੀ: ਦੇਸ਼ ਵਿੱਚ ਕੋਰੋਨਾ ਵਾਇਰਸ ਖਿਲਾਫ਼ ਕੋਵਿਡ ਟੀਕਾਕਰਨ ਮੁਹਿੰਮ ਨੂੰ ਅੱਜ ਇੱਕ ਸਾਲ ਪੂਰਾ ਹੋ ਗਿਆ ਹੈ।16 ਜਨਵਰੀ, 2021 ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਆਪਣੇ ਸੰਬੋਧਨ ਵਿੱਚ ਕੋਵਿਡ ਟੀਕਾਕਰਨ ਦੀ ਸ਼ੁਰੂਆਤ ਦਾ ਐਲਾਨ ਕੀਤਾ ਸੀ। ਪਹਿਲੇ ਪੜਾਅ ਵਿੱਚ, ਵੈਕਸੀਨ ਡਾਕਟਰਾਂ, ਸਿਹਤ ਕਰਮਚਾਰੀਆਂ, ਕੋਰੋਨਾ ਫਰੰਟ ਦੇ ਯੋਧਿਆਂ ਅਤੇ ਗੰਭੀਰ ਬਿਮਾਰੀ ਤੋਂ ਪੀੜਤ 60 ਸਾਲ ਤੋਂ ਵੱਧ ਉਮਰ ਦੇ ਲੋਕਾਂ ਨੂੰ ਵੈਕਸੀਨ ਦੀਆਂ ਖੁਰਾਕਾਂ ਦਿੱਤੀਆਂ ਗਈਆਂ।

ਟੀਕਾਕਰਨ ਦਾ ਇੱਕ ਸਾਲ ਪੂਰਾ ਹੋਣ 'ਤੇ ਕੇਂਦਰੀ ਸਿਹਤ ਮੰਤਰੀ ਮਨਸੁਖ ਮੰਡਾਵੀਆ ਨੇ ਟੀਕਾਕਰਨ ਮੁਹਿੰਮ ਨੂੰ 'ਦੁਨੀਆ ਵਿੱਚ ਸਭ ਤੋਂ ਸਫਲ ਅਭਿਆਨ' ਦੱਸਿਆ ਹੈ। ਦੇਸ਼ ਵਿੱਚ ਹੁਣ ਤੱਕ 156.76 ਕਰੋੜ ਤੋਂ ਵੱਧ ਖੁਰਾਕਾਂ ਦਿੱਤੀਆਂ ਜਾ ਚੁੱਕੀਆਂ ਹਨ। ਇਸ ਮੌਕੇ 'ਤੇ ਭਾਰਤ ਸਰਕਾਰ ਨੇ 'ਕੋਵਿਡ-19 ਟੀਕਾਕਰਨ' ਡਾਕ ਟਿਕਟ ਜਾਰੀ ਕਰਨ ਦਾ ਫੈਸਲਾ ਕੀਤਾ ਹੈ।

 

ਕੇਂਦਰੀ ਸਿਹਤ ਮੰਤਰੀ ਮਨਸੁਖ ਮਾਂਡਵੀਆ ਨੇ ਕੋਵਿਡ ਟੀਕਾਕਰਨ ਮੁਹਿੰਮ ਦੇ ਇੱਕ ਸਾਲ ਪੂਰੇ ਹੋਣ 'ਤੇ ਦੇਸ਼ ਵਾਸੀਆਂ ਨੂੰ ਵਧਾਈ ਦਿੱਤੀ। ਸਿਹਤ ਮੰਤਰੀ ਨੇ ਕਿਹਾ ਕਿ ਅੱਜ ਵਿਸ਼ਵ ਦੀ ਸਭ ਤੋਂ ਵੱਡੀ ਟੀਕਾਕਰਨ ਮੁਹਿੰਮ ਨੂੰ ਇੱਕ ਸਾਲ ਪੂਰਾ ਹੋ ਗਿਆ ਹੈ। ਪ੍ਰਧਾਨ ਮੰਤਰੀ ਦੀ ਅਗਵਾਈ 'ਚ  ਲੋਕਾਂ ਦੀ ਕੋਸ਼ਿਸ਼ਾਂ ਨਾਲ ਸ਼ੁਰੂ ਕੀਤੀ ਗਈ ਇਹ ਮੁਹਿੰਮ ਅੱਜ ਦੁਨੀਆ ਦੀ ਸਭ ਤੋਂ ਸਫਲ ਟੀਕਾਕਰਨ ਮੁਹਿੰਮ ਹੈ। ਮੈਂ ਸਾਰੇ ਸਿਹਤ ਕਰਮਚਾਰੀਆਂ, ਵਿਗਿਆਨੀਆਂ ਅਤੇ ਦੇਸ਼ ਵਾਸੀਆਂ ਨੂੰ ਵਧਾਈ ਦਿੰਦਾ ਹਾਂ।

ਜ਼ਿਕਰਯੋਗ ਹੈ ਕਿ ਪਿਛਲੇ ਦੋ ਸਾਲਾਂ ਤੋਂ ਦੁਨੀਆ ਕੋਰੋਨਾ ਵਾਇਰਸ ਦੇ ਖਿਲਾਫ ਜੰਗ ਲੜ ਰਹੀ ਹੈ। ਕੋਵਿਡ ਟੀਕੇ ਨੇ ਲੋਕਾਂ ਨੂੰ ਕੋਰੋਨਾ ਵਾਇਰਸ ਤੋਂ ਸੁਰੱਖਿਆ ਪ੍ਰਦਾਨ ਕੀਤੀ, ਜਿਸ ਨਾਲ ਮਹਾਂਮਾਰੀ ਦੀ ਤੀਜੀ ਲਹਿਰ ਇੰਨੀ ਘਾਤਕ ਨਹੀਂ ਰਹੀ। ਪੀਐਮ ਮੋਦੀ ਦੇ ਐਲਾਨ ਤੋਂ ਬਾਅਦ, ਇਸ ਮਹੀਨੇ ਦੀ ਸ਼ੁਰੂਆਤ ਤੋਂ 15 ਤੋਂ 18 ਸਾਲ ਦੇ ਬੱਚਿਆਂ ਦੇ ਟੀਕਾਕਰਨ ਦੇ ਨਾਲ ਟੀਕੇ ਦੀ ਬੂਸਟਰ ਡੋਜ਼ ਲਗਾਉਣ ਦੀ ਮੁਹਿੰਮ ਵੀ ਸ਼ੁਰੂ ਕੀਤੀ ਗਈ ਸੀ।