ਦਿਸ਼ਾ ਰਵੀ ਦੀ ਗ੍ਰਿਫ਼ਤਾਰੀ ਦਾ ਮਾਮਲਾ: ਦਿੱਲੀ ਮਹਿਲਾ ਕਮਿਸ਼ਨ ਨੇ ਦਿੱਲੀ ਪੁਲਿਸ ਨੂੰ ਭੇਜਿਆ ਨੋਟਿਸ
ਕਮਿਸ਼ਨ ਨੇ ਪੁੱਛਿਆ- ਕੀ ਦਿਸ਼ਾ ਦੀ ਗ੍ਰਿਫ਼ਤਾਰੀ ਦੌਰਾਨ ਤੈਅ ਪ੍ਰਕਿਰਿਆਵਾਂ ਦਾ ਪਾਲਣ ਨਹੀਂ ਕੀਤਾ ਗਿਆ ਸੀ?
ਨਵੀਂ ਦਿੱਲੀ: ਵਾਤਾਵਰਣ ਕਾਰਕੁਨ ਦਿਸ਼ਾ ਰਵੀ ਦੀ ਗ੍ਰਿਫ਼ਤਾਰੀ ਦੇ ਮਾਮਲੇ ਵਿਚ ਦਿੱਲੀ ਮਹਿਲਾ ਕਮਿਸ਼ਨ ਨੇ ਦਿੱਲੀ ਪੁਲਿਸ ਨੂੰ ਨੋਟਿਸ ਜਾਰੀ ਕੀਤਾ ਹੈ। ਦਿਸ਼ਾ ਦੀ ਗ੍ਰਿਫ਼ਤਾਰੀ ਤੋਂ ਬਾਅਦ ਸਾਹਮਣੇ ਆਈਆਂ ਮੀਡੀਆ ਰਿਪੋਰਟਾਂ ਮੁਤਾਬਕ ਗ੍ਰਿਫ਼ਤਾਰੀ ਦੌਰਾਨ ਕਾਨੂੰਨੀ ਪ੍ਰਕਿਰਿਆਵਾਂ ਦਾ ਉਲੰਘਣ ਕੀਤਾ ਗਿਆ ਹੈ। ਦਿੱਲੀ ਮਹਿਲਾ ਕਮਿਸ਼ਨ ਦੇ ਨੋਟਿਸ ਵਿਚ ਦਿੱਲੀ ਪੁਲਿਸ ਕੋਲੋਂ ਦਿਸ਼ਾ ਖ਼ਿਲਾਫ਼ ਦਰਜ ਕੀਤੀ ਗਈ ਐਫ.ਆਈ.ਆਰ ਦੀ ਕਾਪੀ ਮੰਗੀ ਹੈ।
ਕਮਿਸ਼ਨ ਨੇ ਪੁੱਛਿਆ ਕਿ ਕੀ ਦਿਸ਼ਾ ਦੀ ਗ੍ਰਿਫ਼ਤਾਰੀ ਦੌਰਾਨ ਤੈਅ ਪ੍ਰਕਿਰਿਆਵਾਂ ਦਾ ਪਾਲਣ ਨਹੀਂ ਕੀਤਾ ਗਿਆ ਸੀ? ਮੀਡੀਆ ਰਿਪੋਰਟਾਂ ਅਨੁਸਾਰ ਦਿਸ਼ਾ ਨੂੰ ਕੋਰਟ ਵਿਚ ਪੇਸ਼ ਹੋਣ ਤੋਂ ਪਹਿਲਾਂ ਪਸੰਦ ਦਾ ਵਕੀਲ ਵੀ ਮੁਹੱਈਆ ਨਹੀਂ ਕਰਵਾਇਆ ਗਿਆ ਸੀ। ਕਈ ਕਾਰਕੁਨਾਂ ਦਾ ਦਾਅਵਾ ਹੈ ਕਿ ਗ੍ਰਿਫ਼ਤਾਰੀ ਦੌਰਾਨ ਦਿਸ਼ਾ ਦੇ ਮਾਤਾ-ਪਿਤਾ ਨੂੰ ਵੀ ਇਹ ਜਾਣਕਾਰੀ ਨਹੀਂ ਦਿੱਤੀ ਗਈ ਸੀ ਕਿ ਉਸ ਨੂੰ ਕਿੱਥੇ ਲਿਜਾਇਆ ਜਾ ਰਿਹਾ ਹੈ।
ਮਹਿਲਾ ਕਮਿਸ਼ਨ ਨੇ ਮਾਮਲੇ ਵਿਚ ਹੁਣ ਤੱਕ ਦੀ ਕਾਰਵਾਈ ਦੀ ਜਾਣਕਾਰੀ ਮੰਗੀ ਹੈ। ਦਿੱਲੀ ਮਹਿਲਾ ਕਮਿਸ਼ਨ ਦੀ ਮੁਖੀ ਸਵਾਤੀ ਮਾਲੀਵਾਲ ਨੇ ਕਿਹਾ, ‘ਦਿਸ਼ਾ ਨੂੰ ਕਿਸਾਨੀ ਅੰਦੋਲਨ ਨਾਲ ਸਬੰਧਤ ਮਾਮਲੇ ਵਿਚ ਗ੍ਰਿਫ਼ਤਾਰ ਕੀਤਾ ਗਿਆ ਹੈ। ਮੀਡੀਆ ਰਿਪੋਰਟਾਂ ਅਨੁਸਾਰ ਦਿਸ਼ਾ ਨੂੰ ਕੋਰਟ ਵਿਚ ਪੇਸ਼ ਕਰਨ ਤੋਂ ਪਹਿਲਾਂ ਪਸੰਦ ਦਾ ਵਕੀਲ ਨਹੀਂ ਦਿੱਤਾ ਗਿਆ’।
ਸਵਾਤੀ ਦਾ ਕਹਿਣਾ ਹੈ ਕਿ ਕਮਿਸ਼ਨ ਨੇ ਪੁਲਿਸ ਨੂੰ ਨੋਟਿਸ ਜਾਰੀ ਕੀਤਾ ਹੈ ਅਤੇ ਮਾਮਲੇ ਦੀ ਜਾਣਕਾਰੀ ਮੰਗੀ ਹੈ। ਉਹਨਾਂ ਕਿਹਾ ਪੁਲਿਸ ਮਾਮਲੇ ਦੀ ਜਾਂਚ ਕਰੇ ਪਰ ਜੇਕਰ ਇਹ ਗ੍ਰਿਫ਼ਤਾਰੀ ਖੇਤੀਬਾੜੀ ਅੰਦੋਲਨ ਨੂੰ ਸਮਰਥਨ ਕਰਨ ਕਾਰਨ ਹੋਈ ਹੈ ਤਾਂ ਇਹ ਬੇਹੱਦ ਮੰਦਭਾਗਾ ਹੈ।