ਕਿਸੇ ਚੀਜ਼ ਦੀ ਕਮੀ ਨਹੀਂ, ਅਸੀਂ ਬਿਮਾਰੀ ਦੀ ਗੰਭੀਰਤਾ ਨੂੰ ਚੰਗੀ ਤਰ੍ਹਾਂ ਸਮਝ ਚੁੱਕੇ ਹਾਂ-ਸਿਹਤ ਮੰਤਰੀ

ਏਜੰਸੀ

ਖ਼ਬਰਾਂ, ਰਾਸ਼ਟਰੀ

ਸਿਹਤ ਮੰਤਰੀ ਡਾ. ਹਰਸ਼ਵਰਧਨ ਨੇ ਕੀਤਾ ਏਮਜ਼ ਦਾ ਦੌਰਾ

Dr Harsh Vardhan

ਨਵੀਂ ਦਿੱਲੀ: ਕੋਰੋਨਾ ਦੇ ਵਧਦੇ ਮਾਮਲਿਆਂ ਦੇ ਚਲਦਿਆਂ ਦਿੱਲੀ ਏਮਜ਼ ਦਾ ਦੌਰਾ ਕਰਨ ਪਹੁੰਚੇ ਕੇਂਦਰੀ ਸਿਹਤ ਮੰਤਰੀ ਨੇ ਕਿਹਾ ਕਿ ਦੇਸ਼ ਵਿਚ ਕਿਸੇ ਵੀ ਚੀਜ਼ ਦੀ ਘਾਟ ਨਹੀਂ ਹੈ, ਅਸੀਂ ਬਿਮਾਰੀ ਦੀ ਗੰਭੀਰਤਾ ਨੂੰ ਚੰਗੀ ਤਰ੍ਹਾਂ ਸਮਝ ਚੁੱਕੇ ਹਾਂ। ਸਾਡੇ ਕੋਲ ਅੱਜ ਪਹਿਲਾਂ ਨਾਲੋਂ ਜ਼ਿਆਦਾ ਆਤਮ ਵਿਸ਼ਵਾਸ ਹੈ।

ਸਿਹਤ ਮੰਤਰੀ ਨੇ ਦੱਸਿਆ ਕਿ ਦੇਸ਼ ਭਰ ਵਿਚ ਕੋਰੋਨਾ ਮਾਮਲਿਆਂ ਦੀ ਗਿਣਤੀ ਲਗਾਤਾਰ ਵਧ ਰਹੀ ਹੈ। ਉਹਨਾਂ ਕਿਹਾ ਕਿ ਉਹ ਹਸਪਤਾਲਾਂ ਵਿਚ ਜਾ ਕੇ ਡਾਕਟਰਾਂ ਨਾਲ ਗੱਲ ਕਰਕੇ ਇਹ ਜਾਣਨ ਦੀ ਕੋਸ਼ਿਸ਼ ਕਰ ਰਹੇ ਹਨ ਕਿ ਸਾਨੂੰ ਹੋਰ ਕਿਸ ਤਰ੍ਹਾਂ ਦੀਆਂ ਤਿਆਰੀਆਂ ਕਰਨ ਦੀ ਲੋੜ ਹੈ।

ਡਾ. ਹਰਸ਼ਵਰਧਨ ਨੇ ਕਿਹਾ ਕਿ 2021 ਵਿਚ 2020 ਦੇ ਮੁਕਾਬਲੇ ਮਾਮਲਿਆਂ ਦੀ ਗਿਣਤੀ ਵਧ ਰਹੀ ਹੈ ਪਰ 2021 ਵਿਚ ਡਾਕਟਰਾਂ ਕੋਲ ਕਈ ਸੌ ਗੁਣਾ ਜ਼ਿਆਦਾ ਤਜ਼ੁਰਬਾ ਹੈ। ਕੇਂਦਰੀ ਮੰਤਰੀ ਨੇ ਕਿਹਾ ਕਿ ਕੇਂਦਰ ਸਰਕਾਰ ਕੋਲ ਵੈਂਟੀਲੇਟਰ ਹੈ ਪਰ ਫਿਲਹਾਲ ਕੋਈ ਸੂਬਾ ਸਰਕਾਰ ਸਾਡੇ ਕੋਲੋਂ ਵੈਂਟੀਲੇਟਰ ਨਹੀਂ ਮੰਗ ਰਹੀ। ਬਹੁਤ ਸਾਰੀਆਂ ਸੂਬਾ ਸਰਕਾਰਾਂ ਨੂੰ ਅਸੀਂ ਜੋ ਵੈਂਟੀਲੇਟਰ ਦਿੱਤੇ ਹਨ, ਉਹ ਉਹਨਾਂ ਦੀ ਵਰਤੋਂ ਵੀ ਨਹੀਂ ਕਰ ਸਕੀਆਂ ਹਨ, ਉਹਨਾਂ ਕੋਲ ਵੈਂਟੀਲੇਟਰ ਲਗਾਉਣ ਲਈ ਜਗ੍ਹਾ ਨਹੀਂ ਹੈ।

ਦੱਸ ਦਈਏ ਕਿ ਕੋਰੋਨਾ ਵਾਇਰਸ ਦੇ ਵਧ ਰਹੇ ਮਾਮਲਿਆਂ ਦੌਰਾਨ ਕੇਂਦਰੀ ਸਿਹਤ ਮੰਤਰੀ ਡਾ. ਹਰਸ਼ਵਰਧਨ ਨੇ ਏਮਜ਼ ਦੇ ਟ੍ਰਾਮਾ ਸੈਂਟਰ ਦਾ ਦੌਰਾ ਕੀਤਾ। ਇਸ ਮੌਕੇ ਉਹਨਾਂ ਉੱਥੇ ਸਿਹਤ ਸਹੂਲਤਾਂ ਦਾ ਜਾਇਜ਼ਾ ਲਿਆ। ਉਹਨਾਂ ਨਾਲ ਏਮਜ਼ ਦੇ ਡਾਇਰੈਕਟਰ ਡਾ. ਰਣਦੀਪ ਗੁਲੇਰੀਆ ਵੀ ਮੌਜੂਦ ਰਹੇ। ਜ਼ਿਕਰਯੋਗ ਹੈ ਕਿ ਤਾਜ਼ਾ ਅੰਕੜਿਆਂ ਅਨੁਸਾਰ ਪਿਛਲੇ 24 ਘੰਟਿਆਂ ਦੌਰਾਨ ਭਾਰਤ ਵਿਚ 2,17,353 ਨਵੇਂ ਕੋਰੋਨਾ ਦੇ ਮਾਮਲੇ ਦਰਜ ਕੀਤੇ ਗਏ ਜਦਕਿ 1,18,302 ਮਰੀਜਾਂ ਨੂੰ ਘਰ ਭੇਜਿਆ ਗਿਆ। ਇਸ ਤੋਂ ਇਲਾਵਾ ਪਿਛਲੇ 24 ਘੰਟਿਆਂ ਦੌਰਾਨ 1,185 ਲੋਕਾਂ ਦੀ ਮੌਤ ਹੋਈ ਹੈ।