'ਆਪ' ਸਰਕਾਰ ਨੇ ਸੱਤਾ ਵਿਚ ਆਉਂਦਿਆਂ ਹੀ ਆਪਣਾ ਵਾਅਦਾ ਪੂਰਾ ਕੀਤਾ- ਬਿਜਲੀ ਮੰਤਰੀ
''ਆਉਣ ਵਾਲੇ ਸਮੇਂ ਵਿੱਚ ਪੰਜਾਬ ਨੂੰ ਪੂਰੀ ਤਰ੍ਹਾਂ ਬਿਜਲੀ ਨਾਲ ਰੁਸ਼ਨਾ ਦੇਵਾਂਗੇ''
ਚੰਡੀਗੜ੍ਹ: ਮੁੱਖ ਮੰਤਰੀ ਭਗਵੰਤ ਮਾਨ ਨੇ ਪੰਜਾਬ ਦੇ ਹਰ ਘਰ ਨੂੰ ਪ੍ਰਤੀ ਮਹੀਨਾ 300 ਯੂਨਿਟ ਮੁਫਤ ਬਿਜਲੀ ਦੇਣ ਦਾ ਐਲਾਨ ਕੀਤਾ ਹੈ। ਇਸ ਦੀ ਸ਼ੁਰੂਆਤ 1 ਜੁਲਾਈ ਤੋਂ ਹੋਵੇਗੀ। ਸਰਕਾਰ ਵਪਾਰਕ ਅਤੇ ਉਦਯੋਗਿਕ ਬਿਜਲੀ ਦੇ ਰੇਟ ਨਹੀਂ ਵਧਾਏਗੀ।
ਇਸ ਦੇ ਨਾਲ ਹੀ ਕਿਸਾਨਾਂ ਨੂੰ ਮੁਫਤ ਬਿਜਲੀ ਵੀ ਮਿਲਦੀ ਰਹੇਗੀ। 300 ਯੂਨਿਟ ਮੁਆਫ਼ ਕਰਨ ਦੇ ਐਲਾਨ ਤੋਂ ਬਾਅਦ ਬਿਜਲੀ ਮੰਤਰੀ ਹਰਭਜਨ ਸਿੰਘ ਈਟੀਓ ਦਾ ਬਿਆਨ ਸਾਹਮਣੇ ਆਇਆ ਹੈ।
ਉਹਨਾਂ ਕਿਹਾ ਪੰਜਾਬ ਸਰਕਾਰ ਨੇ 300 ਯੂਨਿਟ ਪ੍ਰਤੀ ਮਹੀਨਾ ਮੁਫ਼ਤ ਬਿਜਲੀ ਦੇਣ ਦਾ ਵਾਅਦਾ ਪੂਰਾ ਕੀਤਾ। ਇਹ ਫ਼ੈਸਲਾ ਇੱਕ ਜੁਲਾਈ ਤੋਂ ਲਾਗੂ ਹੋਵੇਗਾ ਅਤੇ ਬਤੌਰ ਬਿਜਲੀ ਮੰਤਰੀ ਮੈਂ ਵਾਅਦਾ ਕਰਦਾ ਹਾਂ ਕਿ ਆਉਣ ਵਾਲੇ ਸਮੇਂ ਵਿੱਚ ਪੰਜਾਬ ਨੂੰ ਪੂਰੀ ਤਰ੍ਹਾਂ ਬਿਜਲੀ ਨਾਲ ਰੁਸ਼ਨਾ ਦੇਵਾਂਗੇ।
ਉਹਨਾਂ ਕਿਹਾ ਕਿ ਪਿਛਲੀਆਂ ਸਰਕਾਰਾਂ ਪੰਜ ਸਾਲ ਬੀਤ ਜਾਣ ਤੋਂ ਬਾਅਦ ਆਪਣੇ ਵਾਅਦੇ ਪੂਰੇ ਕਰਦੀਆਂ ਸਨ ਪਰ ਸਾਡੀ ਸਰਕਾਰ ਨੇ ਸੱਤਾ ਵਿਚ ਆਉਂਦਿਆਂ ਹੀ ਆਪਣਾ ਵਾਅਦਾ ਪੂਰਾ ਕੀਤਾ।