ਬਿਲਕਿਸ ਬਾਨੋ ਜਬਰ ਜ਼ਨਾਹ ਮਾਮਲਾ: ਉਮਰ ਕੈਦ ਦੀ ਸਜ਼ਾ ਕੱਟ ਰਹੇ 11 ਦੋਸ਼ੀਆਂ ਨੂੰ ਗੁਜਰਾਤ ਸਰਕਾਰ ਨੇ ਕੀਤਾ ਰਿਹਾਅ

ਏਜੰਸੀ

ਖ਼ਬਰਾਂ, ਰਾਸ਼ਟਰੀ

ਗੁਜਰਾਤ ਵਿਚ 2002 ਤੋਂ ਬਾਅਦ ਗੋਧਰਾ ਦੰਗਿਆਂ ਦੌਰਾਨ ਬਿਲਕਿਸ ਬਾਨੋ ਨਾਲ ਲਿਮਖੇੜਾ ਤਹਿਸੀਲ ਵਿਚ ਸਮੂਹਿਕ ਬਲਾਤਕਾਰ ਕੀਤਾ ਗਿਆ ਸੀ।

Bilkis Bano case convicts released from jail


ਅਹਿਮਦਾਬਾਦ:  ਗੁਜਰਾਤ ਦੰਗਿਆਂ ਦੌਰਾਨ ਬਿਲਕਿਸ ਬਾਨੋ ਨਾਲ ਸਮੂਹਿਕ ਬਲਾਤਕਾਰ ਅਤੇ ਉਸ ਦੇ ਪਰਿਵਾਰ ਦੇ 7 ਮੈਂਬਰਾਂ ਦੀ ਹੱਤਿਆ ਦੇ ਸਾਰੇ 11 ਦੋਸ਼ੀਆਂ ਨੂੰ ਅੱਜ ਜੇਲ੍ਹ ਤੋਂ ਰਿਹਾਅ ਕਰ ਦਿੱਤਾ ਗਿਆ। ਇਹਨਾਂ ਸਾਰਿਆਂ ਨੂੰ ਸੂਬਾ ਸਰਕਾਰ ਦੀ ਮੁਆਫੀ ਨੀਤੀ ਤਹਿਤ ਸੁਤੰਤਰਤਾ ਦਿਵਸ 'ਤੇ ਰਿਹਾਅ ਕੀਤਾ ਗਿਆ ਸੀ। ਇਸ ਤੋਂ ਪਹਿਲਾਂ ਸਾਰੇ ਦੋਸ਼ੀਆਂ ਨੇ ਸੁਪਰੀਮ ਕੋਰਟ ਨੂੰ 15 ਸਾਲ ਦੀ ਸਜ਼ਾ ਪੂਰੀ ਕਰਨ ਤੋਂ ਬਾਅਦ ਰਿਹਾਅ ਕਰਨ ਦੀ ਅਪੀਲ ਵੀ ਕੀਤੀ ਸੀ। ਇਸ ਰਿਹਾਈ ਨੂੰ ਸੁਪਰੀਮ ਕੋਰਟ ਨੇ ਵੀ ਮਨਜ਼ੂਰੀ ਦੇ ਦਿੱਤੀ ਹੈ। ਇਹਨਾਂ ਨੂੰ ਸੀਬੀਆਈ ਦੀ ਵਿਸ਼ੇਸ਼ ਅਦਾਲਤ ਨੇ 2004 ਵਿਚ ਉਮਰ ਕੈਦ ਦੀ ਸਜ਼ਾ ਸੁਣਾਈ ਸੀ।

Bilkis Bano

ਗੁਜਰਾਤ ਵਿਚ 2002 ਤੋਂ ਬਾਅਦ ਗੋਧਰਾ ਦੰਗਿਆਂ ਦੌਰਾਨ ਬਿਲਕਿਸ ਬਾਨੋ ਨਾਲ ਲਿਮਖੇੜਾ ਤਹਿਸੀਲ ਵਿਚ ਸਮੂਹਿਕ ਬਲਾਤਕਾਰ ਕੀਤਾ ਗਿਆ ਸੀ। ਇਸ ਦੌਰਾਨ ਉਸ ਦੇ ਪਰਿਵਾਰ ਦੇ 7 ਮੈਂਬਰਾਂ ਦਾ ਵੀ ਕਤਲ ਕਰ ਦਿੱਤਾ ਗਿਆ। ਸੁਪਰੀਮ ਕੋਰਟ ਦੇ ਹੁਕਮਾਂ 'ਤੇ ਸੀਬੀਆਈ ਨੇ ਮਾਮਲੇ ਦੀ ਜਾਂਚ ਕੀਤੀ ਅਤੇ 2004 'ਚ 11 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰਕੇ ਮੁੰਬਈ ਲਿਜਾਇਆ ਗਿਆ। ਇਹਨਾਂ ਸਾਰਿਆਂ ਨੂੰ ਸੀਬੀਆਈ ਅਦਾਲਤ ਨੇ ਉਮਰ ਕੈਦ ਦੀ ਸਜ਼ਾ ਸੁਣਾਈ ਸੀ।

Bilkis Bano case convicts released from jail

ਮੁਲਜ਼ਮ ਪਹਿਲਾਂ ਮੁੰਬਈ ਦੀ ਆਰਥਰ ਰੋਡ ਜੇਲ੍ਹ ਅਤੇ ਫਿਰ ਨਾਸਿਕ ਜੇਲ੍ਹ ਵਿਚ ਬੰਦ ਸਨ। ਕਰੀਬ 9 ਸਾਲ ਬਾਅਦ ਸਾਰਿਆਂ ਨੂੰ ਗੋਧਰਾ ਦੀ ਸਬ-ਜੇਲ 'ਚ ਸ਼ਿਫਟ ਕਰ ਦਿੱਤਾ ਗਿਆ। 27 ਫਰਵਰੀ 2002 ਨੂੰ ਗੁਜਰਾਤ ਦੇ ਗੋਧਰਾ ਸਟੇਸ਼ਨ 'ਤੇ ਸਾਬਰਮਤੀ ਐਕਸਪ੍ਰੈਸ ਟਰੇਨ ਦੇ ਕੋਚ S-6 ਨੂੰ ਅੱਗ ਲਗਾ ਦਿੱਤੀ ਗਈ ਸੀ। ਅੱਗ ਵਿਚ 59 ਲੋਕ ਮਾਰੇ ਗਏ ਸਨ। ਇਹ ਸਾਰੇ ਕਾਰ ਸੇਵਕ ਸਨ, ਜੋ ਅਯੁੱਧਿਆ ਤੋਂ ਵਾਪਸ ਆ ਰਹੇ ਸਨ। ਗੋਧਰਾ ਕਾਂਡ ਤੋਂ ਬਾਅਦ ਪੂਰੇ ਗੁਜਰਾਤ ਵਿਚ ਦੰਗੇ ਭੜਕ ਗਏ ਸਨ।