PM Modi: ਜਦੋਂ ਸਾਰਿਆਂ ਤੋਂ ਉਮੀਦ ਖ਼ਤਮ ਹੋ ਜਾਂਦੀ ਹੈ ਤਾਂ ‘ਮੋਦੀ ਦੀ ਗਾਰੰਟੀ’ ਸ਼ੁਰੂ ਹੁੰਦੀ ਹੈ: ਪ੍ਰਧਾਨ ਮੰਤਰੀ ਮੋਦੀ
ਪੰਜ ਸੂਬਿਆਂ ’ਚ ‘ਵਿਕਾਸ ਭਾਰਤ ਸੰਕਲਪ ਯਾਤਰਾ’ ਦੀ ਸ਼ੁਰੂਆਤ ਕੀਤੀ
ਨਵੀਂ ਦਿੱਲੀ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸ਼ਨਿਚਰਵਾਰ ਨੂੰ ਕਿਹਾ ਕਿ ‘ਮੋਦੀ ਦੀ ਗਾਰੰਟੀ’ ਉਦੋਂ ਸ਼ੁਰੂ ਹੁੰਦੀ ਹੈ ਜਦੋਂ ਦੇਸ਼ ਦੇ ਛੋਟੇ ਸ਼ਹਿਰਾਂ ਦੇ ਵਿਕਾਸ ਦੇ ਮੱਦੇਨਜ਼ਰ ਉਮੀਦਾਂ ਖਤਮ ਹੋ ਜਾਂਦੀਆਂ ਹਨ। ਮੋਦੀ ਨੇ ਕਿਹਾ ਕਿ ਛੋਟੇ ਸ਼ਹਿਰਾਂ ਦਾ ਵਿਕਾਸ 2047 ਤਕ ‘ਵਿਕਸਤ ਭਾਰਤ’ ਬਣਾਉਣ ਦੇ ਉਨ੍ਹਾਂ ਦੇ ਸੰਕਲਪ ਦੇ ਕੇਂਦਰ ’ਚ ਹੈ।
ਵੀਡੀਉ ਕਾਨਫਰੰਸਿੰਗ ਰਾਹੀਂ ‘ਵਿਕਾਸ ਭਾਰਤ ਸੰਕਲਪ ਯਾਤਰਾ’ ਦੇ ਲਾਭਪਾਤਰੀਆਂ ਨੂੰ ਸੰਬੋਧਨ ਕਰਦਿਆਂ ਪ੍ਰਧਾਨ ਮੰਤਰੀ ਨੇ ਕਿਹਾ, ‘‘ਵਿਕਸਤ ਭਾਰਤ ਦੇ ਸੰਕਲਪ ਨਾਲ ‘ਮੋਦੀ ਦੀ ਗਾਰੰਟੀ ਗੱਡੀ’ ਦੇਸ਼ ਦੇ ਹਰ ਕੋਨੇ ਤਕ ਪਹੁੰਚ ਰਹੀ ਹੈ।’’ਉਨ੍ਹਾਂ ਕਿਹਾ ਕਿ ਇਕ ਮਹੀਨੇ ’ਚ ‘ਵਿਕਾਸ ਭਾਰਤ ਸੰਕਲਪ ਯਾਤਰਾ’ ਹਜ਼ਾਰਾਂ ਪਿੰਡਾਂ ਅਤੇ ਸ਼ਹਿਰਾਂ ਤਕ ਪਹੁੰਚ ਗਈ ਹੈ, ਜਿਨ੍ਹਾਂ ’ਚ ਜ਼ਿਆਦਾਤਰ ਛੋਟੇ ਕਸਬੇ ਹਨ। ਉਨ੍ਹਾਂ ਕਿਹਾ ਕਿ ਉਨ੍ਹਾਂ ਦੀ ਸਰਕਾਰ ਇਕ ਪਰਿਵਾਰ ਦੇ ਮੈਂਬਰ ਵਾਂਗ ਸਾਰਿਆਂ ਦੀਆਂ ਸਮੱਸਿਆਵਾਂ ਨੂੰ ਘੱਟ ਕਰਨ ਦੀ ਕੋਸ਼ਿਸ਼ ਕਰ ਰਹੀ ਹੈ।
ਉਨ੍ਹਾਂ ਕਿਹਾ, ‘‘ਇਹ ਸਾਡੀ ਸਰਕਾਰ ਹੈ ਜਿਸ ਨੇ ਗਰੀਬਾਂ, ਕਿਸਾਨਾਂ, ਛੋਟੇ ਵਪਾਰੀਆਂ ਅਤੇ ਸਮਾਜ ਦੇ ਵੱਖ-ਵੱਖ ਵਰਗਾਂ ਦੀ ਮਦਦ ਕੀਤੀ ਹੈ। ਮੋਦੀ ਦੀ ਗਾਰੰਟੀ ਉਦੋਂ ਸ਼ੁਰੂ ਹੁੰਦੀ ਹੈ ਜਦੋਂ ਹਰ ਕਿਸੇ ਦੀਆਂ ਉਮੀਦਾਂ ਖਤਮ ਹੋ ਜਾਂਦੀਆਂ ਹਨ।’’ਪ੍ਰਧਾਨ ਮੰਤਰੀ ਨੇ ਕਿਹਾ ਕਿ ਆਜ਼ਾਦੀ ਤੋਂ ਬਾਅਦ ਲੰਮੇ ਸਮੇਂ ਤਕ ਵਿਕਾਸ ਦਾ ਲਾਭ ਕੁਝ ਵੱਡੇ ਸ਼ਹਿਰਾਂ ਤਕ ਸੀਮਤ ਸੀ, ਪਰ ਉਨ੍ਹਾਂ ਦੀ ਸਰਕਾਰ ਛੋਟੇ ਸ਼ਹਿਰਾਂ ਦੇ ਵਿਕਾਸ ’ਤੇ ਧਿਆਨ ਕੇਂਦਰਿਤ ਕਰ ਰਹੀ ਹੈ ਅਤੇ ਇਸ ਨਾਲ ਵਿਕਸਤ ਭਾਰਤ ਦੀ ਨੀਂਹ ਮਜ਼ਬੂਤ ਹੋਵੇਗੀ।
ਉਨ੍ਹਾਂ ਸਾਰਿਆਂ ਨੂੰ ਵੱਖ-ਵੱਖ ਸਰਕਾਰੀ ਸਕੀਮਾਂ ਦਾ ਲਾਭ ਲੈਣ ਦੀ ਅਪੀਲ ਕੀਤੀ। ਉਨ੍ਹਾਂ ਕਿਹਾ, ‘‘ਭਾਵੇਂ ਮੋਦੀ ਨੇ ਵਿਕਾਸ ਭਾਰਤ ਸੰਕਲਪ ਯਾਤਰਾ ਨੂੰ ਹਰੀ ਝੰਡੀ ਦੇ ਦਿਤੀ ਹੈ ਪਰ ਸੱਚਾਈ ਇਹ ਹੈ ਕਿ ਅੱਜ ਉਸ ਯਾਤਰਾ ਦੀ ਕਮਾਨ ਦੇਸ਼ ਵਾਸੀਆਂ ਨੇ ਅਪਣੇ ਹੱਥਾਂ ’ਚ ਲੈ ਲਈ ਹੈ। ਜਿੱਥੇ ਯਾਤਰਾ ਰੁਕਦੀ ਹੈ, ਉੱਥੇ ਦੂਜੇ ਪਿੰਡਾਂ ਜਾਂ ਸ਼ਹਿਰਾਂ ਦੇ ਲੋਕ ਯਾਤਰਾ ਦੀ ਅਗਵਾਈ ਕਰਨਾ ਸ਼ੁਰੂ ਕਰ ਦਿੰਦੇ ਹਨ।’’
ਮੋਦੀ ਨੇ ਪੰਜ ਸੂਬਿਆਂ ਰਾਜਸਥਾਨ, ਮੱਧ ਪ੍ਰਦੇਸ਼, ਛੱਤੀਸਗੜ੍ਹ, ਤੇਲੰਗਾਨਾ ਅਤੇ ਮਿਜ਼ੋਰਮ ’ਚ ‘ਵਿਕਾਸ ਭਾਰਤ ਸੰਕਲਪ ਯਾਤਰਾ’ ਨੂੰ ਹਰੀ ਝੰਡੀ ਵਿਖਾ ਕੇ ਰਵਾਨਾ ਕੀਤਾ। ਯਾਤਰਾ ਪਹਿਲਾਂ ਹੀ ਦੂਜੇ ਸੂਬਿਆਂ ’ਚ ਸ਼ੁਰੂ ਹੋ ਚੁੱਕੀ ਸੀ ਪਰ ਇਨ੍ਹਾਂ ਪੰਜ ਸੂਬਿਆਂ ’ਚ ਵਿਧਾਨ ਸਭਾ ਚੋਣਾਂ ਕਾਰਨ ਲਾਗੂ ਆਦਰਸ਼ ਚੋਣ ਜ਼ਾਬਤੇ ਕਾਰਨ ਦੇਰੀ ਹੋਈ।
ਮੋਦੀ ਨੇ ਵੱਖ-ਵੱਖ ਸੂਬਿਆਂ ਦੇ ਲਾਭਪਾਤਰੀਆਂ ਨਾਲ ਵੀ ਗੱਲਬਾਤ ਕੀਤੀ ਜਿਨ੍ਹਾਂ ਨੇ ਵੱਖ-ਵੱਖ ਸਰਕਾਰੀ ਯੋਜਨਾਵਾਂ ਦਾ ਲਾਭ ਲਿਆ ਹੈ। ਇਕ ਲਾਭਪਾਤਰੀ ਨਾਲ ਗੱਲਬਾਤ ਕਰਦਿਆਂ ਪ੍ਰਧਾਨ ਮੰਤਰੀ ਨੇ ਕਿਹਾ ਕਿ ਦੇਸ਼ ਦੀਆਂ ‘ਸਵੈ-ਨਿਰਭਰ’ ਔਰਤਾਂ ਨਾ ਸਿਰਫ ਅਪਣਾ ਪੇਟ ਭਰ ਰਹੀਆਂ ਹਨ, ਬਲਕਿ ਦੂਜਿਆਂ ਲਈ ਵਰਦਾਨ ਵੀ ਬਣ ਰਹੀਆਂ ਹਨ। ਵਿਕਾਸ ਭਾਰਤ ਸੰਕਲਪ ਯਾਤਰਾ ਦੇਸ਼ ਭਰ ਵਿੱਚ ਕੱਢੀ ਜਾ ਰਹੀ ਹੈ ਜਿਸ ਦਾ ਉਦੇਸ਼ ਵੱਡੀਆਂ ਸਰਕਾਰੀ ਯੋਜਨਾਵਾਂ ਨੂੰ ਹਰ ਲਾਭਪਾਤਰੀ ਤਕ ਪਹੁੰਚਾਉਣਾ ਹੈ।
(For more news apart from PM Modi, stay tuned to Rozana Spokesman)