1984 ਸਿੱਖ ਕਤਲੇਆਮ : ਸੱਜਣ ਕੁਮਾਰ ਵਿਰੁਧ ਕਤਲ ਕੇਸ ਦਾ ਫ਼ੈਸਲਾ ਆ ਸਕਦੈ 8 ਜਨਵਰੀ ਨੂੰ
1984 ਸਿੱਖ ਕਤਲੇਆਮ : ਮਾਮਲਾ ਸਿੱਖ ਕਤਲੇਆਮ ਦੌਰਾਨ ਸਰਸਵਤੀ ਵਿਹਾਰ ਇਲਾਕੇ ਵਿੱਚ ਦੋ ਵਿਅਕਤੀਆਂ ਦੇ ਕਤਲ ਨਾਲ ਸਬੰਧਤ
News Delhi News: ਦਿੱਲੀ ਦੀ ਇੱਕ ਅਦਾਲਤ ਵੱਲੋਂ ਕਾਂਗਰਸ ਦੇ ਸਾਬਕਾ ਸੰਸਦ ਮੈਂਬਰ ਸੱਜਣ ਕੁਮਾਰ ਵਿਰੁਧ 1984 ਦੇ ਸਿੱਖ ਕਤਲੇਆਮ ਦੇ ਇੱਕ ਕੇਸ ਵਿੱਚ ਅਗਲੇ ਸਾਲ 8 ਜਨਵਰੀ ਨੂੰ ਫ਼ੈਸਲਾ ਸੁਣਾਏ ਜਾਣ ਦੀ ਸੰਭਾਵਨਾ ਹੈ। ਵਿਸ਼ੇਸ਼ ਜੱਜ ਕਾਵੇਰੀ ਬਵੇਜਾ ਨੇ ਸੋਮਵਾਰ ਨੂੰ ਫ਼ੈਸਲਾ ਸੁਣਾਉਣਾ ਸੀ ਪਰ ਇਸ ਨੂੰ ਟਾਲ ਦਿੱਤਾ। ਜੱਜ ਨੇ ਕਿਹਾ ਕਿ 8 ਜਨਵਰੀ ਅਗਲੀ ਤਰੀਕ ਹੈ। ਸੱਜਣ ਕੁਮਾਰ ਇਸ ਸਮੇਂ ਤਿਹਾੜ ਜੇਲ ਵਿਚ ਬੰਦ ਹੈ। ਉਹ ਵੀਡੀਓ ਕਾਨਫਰੰਸ ਰਾਹੀਂ ਅਦਾਲਤ ਵਿੱਚ ਪੇਸ਼ ਹੋਇਆ। ਇਹ ਮਾਮਲਾ ਸਿੱਖ ਕਤਲੇਆਮ ਦੌਰਾਨ ਸਰਸਵਤੀ ਵਿਹਾਰ ਇਲਾਕੇ ਵਿੱਚ ਦੋ ਵਿਅਕਤੀਆਂ ਦੇ ਕਥਿਤ ਕਤਲ ਨਾਲ ਸਬੰਧਤ ਹੈ।
ਅਦਾਲਤ ਨੇ 1 ਨਵੰਬਰ 1984 ਨੂੰ ਜਸਵੰਤ ਸਿੰਘ ਅਤੇ ਉਸ ਦੇ ਪੁੱਤਰ ਤਰੁਣਦੀਪ ਸਿੰਘ ਦੇ ਕਥਿਤ ਕਤਲ ਨਾਲ ਸਬੰਧਤ ਕੇਸ ਵਿੱਚ ਅੰਤਮ ਦਲੀਲਾਂ ਸੁਣਨ ਤੋਂ ਬਾਅਦ ਆਪਣਾ ਫ਼ੈਸਲਾ ਸੁਰੱਖਿਅਤ ਰੱਖ ਲਿਆ ਸੀ। ਸ਼ੁਰੂ ਵਿਚ ਪੰਜਾਬੀ ਬਾਗ਼ ਥਾਣੇ ਨੇ ਕੇਸ ਦਰਜ ਕੀਤਾ ਸੀ ਪਰ ਬਾਅਦ ਵਿੱਚ ਵਿਸ਼ੇਸ਼ ਜਾਂਚ ਟੀਮ (ਐਸਆਈਟੀ) ਨੇ ਜਾਂਚ ਆਪਣੇ ਹੱਥ ਵਿੱਚ ਲੈ ਲਈ।
ਅਦਾਲਤ ਨੇ 16 ਦਸੰਬਰ 2021 ਨੂੰ ਕੁਮਾਰ ਵਿਰੁੱਧ ਦੋਸ਼ ਆਇਦ ਕੀਤੇ ਸਨ। ਇਸ ਤੋਂ ਪਹਿਲਾਂ, ਅਦਾਲਤ ਇਸ ਸਿੱਟੇ 'ਤੇ ਪਹੁੰਚੀ ਸੀ ਕਿ "ਪਹਿਲੀ ਨਜ਼ਰ" ਵਿਚ ਉਸ ਵਿਰੁੱਧ ਕੇਸ ਬਣਦਾ ਹੈ।