ਦਿੱਲੀ ਸ਼ਰਾਬ ਨੀਤੀ ਮਾਮਲਾ : ਕੋਰਟ ਨੇ ਮਨੀਸ਼ ਸਿਸੋਦੀਆ ਦੇ ED ਰਿਮਾਂਡ 'ਤੇ ਫ਼ੈਸਲਾ ਰੱਖਿਆ ਸੁਰੱਖਿਅਤ 

ਏਜੰਸੀ

ਖ਼ਬਰਾਂ, ਰਾਸ਼ਟਰੀ

ਅੱਜ ਰਿਮਾਂਡ ਖਤਮ ਹੋਣ ਮਗਰੋਂ ਅਦਾਲਤ ਵਿਚ ਸਿਸੋਦੀਆ ਨੂੰ ਕੀਤਾ ਗਿਆ ਸੀ ਪੇਸ਼ 

Manish Sisodia

ਨਵੀਂ ਦਿੱਲੀ : ਈਡੀ ਨੇ ਦਿੱਲੀ ਸ਼ਰਾਬ ਨੀਤੀ ਮਾਮਲੇ ਵਿੱਚ ਸ਼ੁੱਕਰਵਾਰ ਨੂੰ ਮਨੀਸ਼ ਸਿਸੋਦੀਆ ਨੂੰ ਅਦਾਲਤ ਵਿੱਚ ਪੇਸ਼ ਕੀਤਾ। 10 ਮਾਰਚ ਨੂੰ ਅਦਾਲਤ ਨੇ ਸਿਸੋਦੀਆ ਨੂੰ 7 ਦਿਨਾਂ (17 ਮਾਰਚ) ਲਈ ਈਡੀ ਦੇ ਰਿਮਾਂਡ 'ਤੇ ਭੇਜਿਆ ਸੀ, ਜੋ ਅੱਜ ਖ਼ਤਮ ਹੋ ਗਿਆ ਹੈ। ਸੂਤਰਾਂ ਮੁਤਾਬਕ ਈਡੀ ਨੇ ਅਦਾਲਤ ਤੋਂ ਸਿਸੋਦੀਆ ਦੇ 7 ਦਿਨ ਦੇ ਹੋਰ ਰਿਮਾਂਡ ਦੀ ਮੰਗ ਕੀਤੀ ਹੈ। ਅਦਾਲਤ ਨੇ ਇਸ 'ਤੇ ਆਪਣਾ ਫ਼ੈਸਲਾ ਸੁਰੱਖਿਅਤ ਰੱਖ ਲਿਆ ਹੈ।

ਸਿਸੋਦੀਆ ਦੇ ਵਕੀਲ ਇਸ ਦਾ ਵਿਰੋਧ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਜਦੋਂ ਸੀਬੀਆਈ ਨੇ ਮਾਮਲੇ ਦੀ ਜਾਂਚ ਕਰ ਲਈ ਹੈ ਤਾਂ ਫਿਰ ਈਡੀ ਨੂੰ ਪੁੱਛਗਿੱਛ ਕਰਨ ਦੀ ਕੀ ਲੋੜ ਹੈ? ਇਸ ਦੇ ਨਾਲ ਹੀ ਜਾਂਚ ਏਜੰਸੀ ਦਾ ਕਹਿਣਾ ਹੈ ਕਿ ਸਿਸੋਦੀਆ ਨੇ LG ਦੀ ਤਰਫੋਂ ਸ਼ਿਕਾਇਤ ਕਰਨ ਤੋਂ ਬਾਅਦ ਆਪਣਾ ਫੋਨ ਬਦਲ ਲਿਆ ਸੀ। ਉਸ ਦਾ ਮੋਬਾਈਲ ਡਾਟਾ ਬਰਾਮਦ ਕਰ ਲਿਆ ਗਿਆ ਹੈ।

ਇਹ ਵੀ ਪੜ੍ਹੋ: ਵਿਦੇਸ਼ ਭੇਜਣ ਦਾ ਝਾਂਸਾ ਦੇ ਕੇ ਮਾਰੀ 5.50 ਲੱਖ ਦੀ ਠੱਗੀ, ਪੁਲਿਸ ਨੇ ਦੋ ਦਬੋਚੇ 

ਜਾਂਚ ਏਜੰਸੀ ਨੇ ਦਿੱਲੀ ਸ਼ਰਾਬ ਨੀਤੀ ਮਾਮਲੇ 'ਚ ਮਨੀ ਲਾਂਡਰਿੰਗ ਮਾਮਲੇ 'ਚ ਮਨੀਸ਼ ਸਿਸੋਦੀਆ ਨੂੰ 9 ਮਾਰਚ ਨੂੰ ਤਿਹਾੜ ਜੇਲ੍ਹ ਤੋਂ ਗ੍ਰਿਫ਼ਤਾਰ ਕੀਤਾ ਸੀ। ਇਸ ਤੋਂ ਬਾਅਦ 10 ਮਾਰਚ ਨੂੰ ਸਿਸੋਦੀਆ ਨੂੰ ਦਿੱਲੀ ਦੀ ਰਾਉਸ ਐਵੇਨਿਊ ਅਦਾਲਤ ਵਿੱਚ ਪੇਸ਼ ਕੀਤਾ ਗਿਆ। ਈਡੀ ਨੇ ਅਦਾਲਤ ਤੋਂ ਸਿਸੋਦੀਆ ਦਾ 10 ਦਿਨ ਦਾ ਰਿਮਾਂਡ ਮੰਗਿਆ ਸੀ। ਇਸ ਤੋਂ ਬਾਅਦ ਅਦਾਲਤ ਨੇ ਸਾਬਕਾ ਉਪ ਮੁੱਖ ਮੰਤਰੀ ਸਿਸੋਦੀਆ ਨੂੰ 17 ਮਾਰਚ ਤੱਕ ਰਿਮਾਂਡ 'ਤੇ ਭੇਜ ਦਿੱਤਾ।

ਇਸ ਤੋਂ ਪਹਿਲਾਂ 26 ਫਰਵਰੀ ਨੂੰ ਸੀਬੀਆਈ ਨੇ ਦਿੱਲੀ ਸ਼ਰਾਬ ਨੀਤੀ ਮਾਮਲੇ ਵਿੱਚ 8 ਘੰਟੇ ਦੀ ਪੁੱਛਗਿੱਛ ਤੋਂ ਬਾਅਦ ਉਸ ਨੂੰ ਗ੍ਰਿਫ਼ਤਾਰ ਕੀਤਾ ਸੀ। ਅਦਾਲਤ ਸਿਸੋਦੀਆ ਦੀ ਜ਼ਮਾਨਤ ਪਟੀਸ਼ਨ 'ਤੇ 21 ਮਾਰਚ ਨੂੰ ਦੁਪਹਿਰ 2 ਵਜੇ ਸੁਣਵਾਈ ਕਰੇਗੀ।