ਕੱਲ੍ਹ ਦਿੱਲੀ ਦੌਰੇ 'ਤੇ ਜਾਣਗੇ ਭਗਵੰਤ ਮਾਨ, ਸਰਕਾਰੀ ਸਕੂਲਾਂ ਤੇ ਮੁਹੱਲਾ ਕਲੀਨਿਕਾਂ ਦਾ ਕਰਨਗੇ ਦੌਰਾ
ਸਿੱਖਿਆ ਮੰਤਰੀ ਤੇ ਸਿਹਤ ਮੰਤਰੀ ਵੀ ਮੁੱਖ ਮੰਤਰੀ ਨਾਲ ਰਹਿਣਗੇ ਮੌਜੂਦ
ਨਵੀਂ ਦਿੱਲੀ - ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਕੱਲ੍ਹ ਦਿੱਲੀ ਦਾ ਦੌਰਾ ਕਰਨਗੇ। ਇਸ ਦੌਰਾਨ ਉਹ ਦਿੱਲੀ ਦੇ ਸਰਕਾਰੀ ਸਕੂਲਾਂ ਅਤੇ ਮੁਹੱਲਾ ਕਲੀਨਿਕਾਂ ਦਾ ਦੌਰਾ ਕਰਨਗੇ। ਭਗਵੰਤ ਮਾਨ ਦੇ ਨਾਲ ਸਿੱਖਿਆ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਅਤੇ ਸਿਹਤ ਮੰਤਰੀ ਡਾ: ਵਿਜੇ ਸਿੰਗਲਾ ਵੀ ਹੋਣਗੇ। ਇਸ ਤੋਂ ਇਲਾਵਾ ਦੋਵਾਂ ਵਿਭਾਗਾਂ ਦੇ ਸਕੱਤਰਾਂ ਸਮੇਤ ਸੀਨੀਅਰ ਅਧਿਕਾਰੀ ਵੀ ਇਸ ਵਿੱਚ ਸ਼ਿਰਕਤ ਕਰਨਗੇ। ਇਸ ਦੌਰਾਨ ਉਹ ਸਰਕਾਰੀ ਸਕੂਲਾਂ ਵਿਚ ਕੀਤੀਆਂ ਗਈਆਂ ਤਬਦੀਲੀਆਂ ਬਾਰੇ ਜਾਣਕਾਰੀ ਲੈਣਗੇ।
ਇਸ ਦੇ ਨਾਲ ਹੀ ਮੁਹੱਲਾ ਕਲੀਨਿਕਾਂ ਦੇ ਕੰਮਕਾਜ ਬਾਰੇ ਵੀ ਜਾਣਕਾਰੀ ਹਾਸਲ ਕਰਨਗੇ। ਮਾਨ ਦੇ ਨਾਲ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅਤੇ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਵੀ ਮੌਜੂਦ ਹੋਣਗੇ। ਜੋ ਉਨ੍ਹਾਂ ਨੂੰ ਸਰਕਾਰੀ ਸਕੂਲਾਂ ਅਤੇ ਮੁਹੱਲਾ ਕਲੀਨਿਕਾਂ ਦਾ ਦੌਰਾ ਕਰਵਾਉਣਗੇ। ਵਿਧਾਨ ਸਭਾ ਚੋਣਾਂ ਦੌਰਾਨ ਆਮ ਆਦਮੀ ਪਾਰਟੀ ਨੇ ਵਾਅਦਾ ਕੀਤਾ ਸੀ ਕਿ ਪੰਜਾਬ ਵਿਚ ਵਿਸ਼ਵ ਪੱਧਰੀ ਸਕੂਲ ਬਣਾਏ ਜਾਣਗੇ। ਦੱਸ ਦਈਏ ਕਿ ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਦੀ ਪਤਨੀ ਮੇਲਾਨੀਆ ਟਰੰਪ ਵੀ ਸਰਕਾਰੀ ਸਕੂਲ ਦੇਖਣ ਦਿੱਲੀ ਪਹੁੰਚੀ ਸੀ। ਇਸੇ ਤਰ੍ਹਾਂ ਪੰਜਾਬ ਵਿਚ ਵੀ ਕੈਨੇਡਾ ਤੋਂ ਲੋਕ ਸਰਕਾਰੀ ਸਕੂਲਾਂ ਨੂੰ ਦੇਖਣ ਲਈ ਆਉਣਗੇ। ਇਸ ਦੇ ਲਈ ‘ਆਪ’ ਨੇ ਦਿੱਲੀ ਦੇ ਸਰਕਾਰੀ ਸਕੂਲਾਂ ਦੀ ਮਿਸਾਲ ਦਿੱਤੀ ਸੀ।
ਅਰਵਿੰਦ ਕੇਜਰੀਵਾਲ ਨੇ ਚੋਣਾਂ ਦੌਰਾਨ ਕਿਹਾ ਸੀ ਕਿ ਪੰਜਾਬ ਵਿੱਚ 16,000 ਪਿਂਡ ਅਤੇ ਵਾਰਡ ਕਲੀਨਿਕ ਬਣਾਏ ਜਾਣਗੇ। ਇਨ੍ਹਾਂ ਨੂੰ ਦਿੱਲੀ ਦੇ ਮੁਹੱਲਾ ਕਲੀਨਿਕਾਂ ਦੀ ਤਰਜ਼ 'ਤੇ ਬਣਾਇਆ ਜਾਵੇਗਾ। ਸਿਹਤ ਨੂੰ ਲੈ ਕੇ 'ਆਪ' ਨੇ ਸਾਰੇ ਨਾਗਰਿਕਾਂ ਨੂੰ ਮੁਫਤ ਸਿਹਤ ਸਹੂਲਤਾਂ ਦੇ ਨਾਲ-ਨਾਲ ਸਾਰੇ ਸਰਕਾਰੀ ਹਸਪਤਾਲਾਂ ਦੀ ਵਿਵਸਥਾ ਨੂੰ ਸੁਧਾਰਨ ਦਾ ਭਰੋਸਾ ਦਿੱਤਾ ਸੀ।