ਦਿੱਲੀ ਆਬਕਾਰੀ ਨੀਤੀ ਮਾਮਲਾ : ਸੰਮਨ ਵਿਰੁਧ ਕੇਜਰੀਵਾਲ ਦੀਆਂ ਪਟੀਸ਼ਨਾਂ ਖਾਰਜ
ਮੈਜਿਸਟ੍ਰੇਟ ਅਦਾਲਤ ਨੇ ਈ.ਡੀ. ਦੀ ਸ਼ਿਕਾਇਤ ਦਾ ਨੋਟਿਸ ਲਿਆ ਸੀ ਅਤੇ ਕੇਜਰੀਵਾਲ ਨੂੰ ਪੇਸ਼ ਹੋਣ ਦਾ ਹੁਕਮ ਦਿਤਾ ਸੀ।
ਨਵੀਂ ਦਿੱਲੀ : ਦਿੱਲੀ ਦੀ ਇਕ ਅਦਾਲਤ ਨੇ ਕਥਿਤ ਆਬਕਾਰੀ ਨੀਤੀ ਘਪਲੇ ਨਾਲ ਜੁੜੇ ਮਨੀ ਲਾਂਡਰਿੰਗ ਮਾਮਲੇ ’ਚ ਇਨਫੋਰਸਮੈਂਟ ਡਾਇਰੈਕਟੋਰੇਟ (ਈ.ਡੀ.) ਦੀ ਸ਼ਿਕਾਇਤ ’ਤੇ ਮੈਜਿਸਟ੍ਰੇਟ ਅਦਾਲਤ ਵਲੋਂ ਜਾਰੀ ਸੰਮਨ ਨੂੰ ਚੁਨੌਤੀ ਦੇਣ ਵਾਲੀ ਆਮ ਆਦਮੀ ਪਾਰਟੀ (ਆਪ) ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਦੀਆਂ ਦੋ ਪਟੀਸ਼ਨਾਂ ਮੰਗਲਵਾਰ ਨੂੰ ਖਾਰਜ ਕਰ ਦਿਤੀਆਂ।
ਵਿਸ਼ੇਸ਼ ਜੱਜ ਰਾਕੇਸ਼ ਸਿਆਲ ਨੇ ਕੇਜਰੀਵਾਲ ਵਲੋਂ ਦਾਇਰ ਸਮੀਖਿਆ ਪਟੀਸ਼ਨ ਨੂੰ ਇਹ ਕਹਿੰਦੇ ਹੋਏ ਖਾਰਜ ਕਰ ਦਿਤਾ ਕਿ ਉਨ੍ਹਾਂ ਵਿਰੁਧ ਕਾਰਵਾਈ ਕਰਨ ਲਈ ਕਾਫ਼ੀ ਆਧਾਰ ਹਨ।
ਕੇਜਰੀਵਾਲ ਨੇ ਮੈਜਿਸਟ੍ਰੇਟ ਅਦਾਲਤ ਦੇ ਫੈਸਲੇ ਵਿਰੁਧ ਸੈਸ਼ਨ ਕੋਰਟ ਦਾ ਦਰਵਾਜ਼ਾ ਖੜਕਾਇਆ ਸੀ। ਮੈਜਿਸਟ੍ਰੇਟ ਅਦਾਲਤ ਨੇ ਈ.ਡੀ. ਦੀ ਸ਼ਿਕਾਇਤ ਦਾ ਨੋਟਿਸ ਲਿਆ ਸੀ ਅਤੇ ਕੇਜਰੀਵਾਲ ਨੂੰ ਪੇਸ਼ ਹੋਣ ਦਾ ਹੁਕਮ ਦਿਤਾ ਸੀ।
‘ਆਪ’ ਆਗੂ ਨੇ ਸੰਮਨ ਦੀ ਉਲੰਘਣਾ ਕਰਨ ਲਈ ਈ.ਡੀ. ਵਲੋਂ ਦਾਇਰ ਦੋ ਸ਼ਿਕਾਇਤਾਂ ਤੋਂ ਬਾਅਦ ਮੈਜਿਸਟ੍ਰੇਟ ਅਦਾਲਤ ਵਲੋਂ ਉਨ੍ਹਾਂ ਨੂੰ ਜਾਰੀ ਸੰਮਨ ਨੂੰ ਸੈਸ਼ਨ ਕੋਰਟ ’ਚ ਚੁਨੌਤੀ ਦਿਤੀ ਸੀ।
ਈ.ਡੀ. ਨੇ ਮੈਜਿਸਟ੍ਰੇਟ ਅਦਾਲਤ ਵਿਚ ਸ਼ਿਕਾਇਤ ਦਾਇਰ ਕਰ ਕੇ ਮੰਗ ਕੀਤੀ ਸੀ ਕਿ ਕਥਿਤ ਆਬਕਾਰੀ ਨੀਤੀ ਘਪਲੇ ਨਾਲ ਜੁੜੇ ਮਨੀ ਲਾਂਡਰਿੰਗ ਮਾਮਲੇ ਵਿਚ ਕੇਜਰੀਵਾਲ ਨੂੰ ਜਾਰੀ ਕਈ ਸੰਮਨਾਂ ਦੀ ਅਣਦੇਖੀ ਕਰਨ ਲਈ ਉਨ੍ਹਾਂ ’ਤੇ ਮੁਕੱਦਮਾ ਚਲਾਇਆ ਜਾਵੇ।