ਦਿੱਲੀ ਗੁਰਦੁਆਰਾ ਕਮੇਟੀ ਦੇ ਪ੍ਰਧਾਨ ਹਰਮੀਤ ਸਿੰਘ ਕਾਲਕਾ ਦਾ ਪਟਨਾ ਹਵਾਈ ਅੱਡੇ 'ਤੇ ਹੋਇਆ ਨਿੱਘਾ ਸਵਾਗਤ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਰਾਸ਼ਟਰੀ

ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 350 ਸ਼ਹੀਦੀ ਦਿਹਾੜੇ ਨੂੰ ਸਮਰਪਿਤ ਵਿਸ਼ੇਸ਼ ਜਾਗ੍ਰਿਤੀ ਯਾਤਰਾ 'ਚ ਭਰੀ ਹਾਜ਼ਰੀ

Delhi Gurdwara Committee President Harmeet Singh Kalka received a warm welcome at Patna Airport.

ਨਵੀਂ ਦਿੱਲੀ: ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਮੀਤ ਸਿੰਘ ਕਾਲਕਾ ਅੱਜ ਤਖ਼ਤ ਸ੍ਰੀ ਪਟਨਾ ਸਾਹਿਬ ਵੱਲੋਂ ਬਿਹਾਰ ਦੀ ਸਰਕਾਰ ਦੇ ਸਹਿਯੋਗ ਨਾਲ ਗੁਰੂ ਤੇਗ ਬਹਾਦਰ ਸਾਹਿਬ ਜੀ  ਅਤੇ ਉਹਨਾਂ ਦੇ ਅਨਿੰਨ ਗੁਰਸਿੱਖ ਭਾਈ ਮਤੀ ਦਾਸ ਜੀ, ਭਾਈ ਸਤੀ ਦਾਸ ਜੀ ਅਤੇ ਭਾਈ ਦਿਆਲਾ ਜੀ ਦੇ 350 ਸਾਲਾ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਕੱਢੀ ਜਾ ਰਹੀ ’ਵਿਸ਼ੇਸ਼ ਜਾਗ੍ਰਿਤੀ ਯਾਤਰਾ’ ਵਿਚ ਹਾਜ਼ਰੀ ਭਰਨ ਲਈ ਪਟਨਾ ਪੁੱਜੇ।

ਹਵਾਈ ਅੱਡੇ ’ਤੇ ਹਰਮੀਤ ਸਿੰਘ ਕਾਲਕਾ ਤੇ ਸਾਥੀਆਂ ਦਾ ਤਖਤ ਪਟਨ ਸਾਹਿਬ ਕਮੇਟੀ ਦੇ ਬੁਲਾਰੇ ਸਰਦਾਰ ਹਰਪਾਲ ਸਿੰਘ ਜੌਹਲ ਅਤੇ ਮੀਡੀਆ ਇੰਚਾਰਜ ਸਰਦਾਰ ਸੁਦੀਪ ਸਿੰਘ ਦੇ ਸਾਥੀਆਂ ਨੇ ਸਿਰੋਪਾਓ ਦੇ ਕੇ ਸਨਮਾਨ ਕੀਤਾ ਅਤੇ ਨਿੱਘਾ ਸਵਾਗਤ ਕੀਤਾ। ਇਸ ਮੌਕੇ ਦਿੱਲੀ ਗੁਰਦੁਆਰਾ ਕਮੇਟੀ ਦੇ ਮੈਂਬਰ ਸਰਦਾਰ ਭੁਪਿੰਦਰ ਸਿੰਘ ਭੁੱਲਰ ਅਤੇ ਸਰਦਾਰ ਜਸਪ੍ਰੀਤ ਸਿੰਘ ਵਿੱਕੀ ਮਾਨ ਵੀ ਉਹਨਾਂ ਦੇ ਨਾਲ ਸਨ।

ਇਸ ਉਪਰੰਤ ਹਰਮੀਤ ਸਿੰਘ ਕਾਲਕਾ ਨੇ ਸਾਥੀਆਂ ਸਮੇਤ

ਤਖ਼ਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਪੁੱਜੇ ਮੱਥਾ ਟੇਕ ਕੇ ਗੁਰੂ ਸਾਹਿਬ ਦਾ ਆਸ਼ੀਰਵਾਦ ਪ੍ਰਾਪਤ ਕੀਤਾ। ਇਸ ਮਗਰੋਂ ਗੁਰੂਦੁਆਰਾ ਗੁਰੁ ਕਾ ਬਾਗ ਪਹੁੰਚੇ ਜਿਥੋਂ “ ਵਿਸ਼ੇਸ਼ ਜਾਗਰਤੀ ਯਾਤਰਾ “ ਦੀ ਆਰੰਭਤਾ ਹੋਈ। ਗੁਰਦੁਆਰਾ ਸ੍ਰੀ ਬਾਲ ਲੀਲ੍ਹਾ ਮੈਣੀ ਸੰਗਤ ਸਾਹਿਬ, ਸ੍ਰੀ ਪਟਨਾ ਸਾਹਿਬ ਬਿਹਾਰ ਵਿਖੇ ਵੀ ਨਤਮਸਤਕ ਹੋਏ ਹੋਏ ਜਿਥੇ ਪ੍ਰਬੰਧਕਾਂ ਅਤੇ ਸੰਤ ਬਾਬਾ ਗੁਰਵਿੰਦਰ ਸਿੰਘ, ਸੰਪਰਦਾ ਸੰਤ ਬਾਬਾ ਕਸ਼ਮੀਰ ਸਿੰਘ ਕਾਰ ਸੇਵਾ ਭੂਰੀ ਵਾਲਿਆਂ ਨੇ ਵੀ ਉਹਨਾਂ ਨੂੰ ਸਨਮਾਨਤ ਕੀਤਾ।

ਗੁਰੂਦਵਾਰਾ ਗੁਰੂ ਕਾ ਬਾਗ ਵਿਖੇ ਸੰਗਤ ਨੂੰ ਸੰਬੋਧਨ ਕਰਦਿਆਂ ਉਹਨਾਂ ਨੇ ਵਿਸ਼ੇਸ਼ ਜਾਗ੍ਰਿਤੀ ਯਾਤਰਾ ਕੱਢਣ ਲਈ ਪ੍ਰਬੰਧਕਾਂ ਦਾ ਧੰਨਵਾਦ ਕੀਤਾ ਤੇ ਕਿਹਾ ਕਿ ਇਸ ਯਾਤਰਾ ਰਾਹੀਂ ਗੁਰੂ ਤੇਗ ਬਹਾਦਰ ਸਾਹਿਬ ਦੀ ਸ਼ਹਾਦਤ ਦਾ ਸੰਦੇਸ਼ ਦੇਸ਼ ਭਰ ਵਿਚ ਵੱਖ-ਵੱਖ ਥਾਵਾਂ ’ਤੇ ਜਾਵੇਗਾ। ਉਹਨਾਂ ਕਿਹਾ ਕਿ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ ਸ਼ਹਾਦਤ ਇਤਿਹਾਸ ਵਿਚ ਇਕੋ ਇਕ ਸ਼ਹਾਦਤ ਹੈ ਜੋ ਦੂਸਰੇ ਧਰਮ ਵਾਸਤੇ ਦਿੱਤੀ ਗਈ ਹੈ।

ਉਹਨਾਂ ਦੱਸਿਆ ਕਿ ਦਿੱਲੀ ਗੁਰਦੁਆਰਾ ਕਮੇਟੀ ਨੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਬਹੁਤ ਸਾਰੇ ਸਮਾਗਮ ਰੱਖੇ ਹਨ। ਉਹਨਾਂ ਕਿਹਾ ਕਿ ਗੁਰੂ ਤੇਗ ਬਹਾਦਰ ਸਾਹਿਬ ਦੀ ਸ਼ਹਾਦਤ ਦਿੱਲੀ ਵਿਚ ਹੋਈ ਤੇ ਉਹਨਾਂ ਦਾ ਅੰਤਿਮ ਸਸਕਾਰ ਵੀ ਦਿੱਲੀ ਵਿਚ ਹੋਇਆ ਜਿਥੇ ਅੱਜ ਗੁਰਦੁਆਰਾ ਸੀਸਗੰਜ ਸਾਹਿਬ ਅਤੇ ਗੁਰਦੁਆਰਾ ਰਕਾਬਗੰਜ ਸਾਹਿਬ ਸਥਿਤ ਹਨ ਜਿਹਨਾਂ ਦੀ ਸੇਵਾ ਦਿੱਲੀ ਗੁਰਦੁਆਰਾ ਕਮੇਟੀ ਕਰ ਰਹੀ ਹੈ। ਉਹਨਾਂ ਕਿਹਾ ਕਿ ਇਸ ਵਾਸਤੇ ਇਹ ਸਮਾਗਮ ਆਯੋਜਿਤ ਕਰਨ ਦੀ ਸਭ ਤੋਂ ਵੱਡੀ ਜ਼ਿੰਮੇਵਾਰੀ ਦਿੱਲੀ ਗੁਰਦੁਆਰਾ ਕਮੇਟੀ ਦੇ ਮੋਢਿਆਂ ’ਤੇ ਹੈ ਤੇ ਅਸੀਂ ਇਹ ਜ਼ਿੰਮੇਵਾਰੀ ਪੂਰੀ ਤਨਦੇਹੀ ਨਾਲ ਨਿਭਾ ਰਹੇ ਹਾਂ।

ਉਹਨਾਂ ਦੱਸਿਆ ਕਿ ਗੁਰੂ ਤੇਗ ਬਹਾਦਰ ਸਾਹਿਬ ਦੇ ਸ਼ਹੀਦੀ ਦਿਹਾੜੇ ’ਤੇ ਤਿੰਨ ਰੋਜ਼ਾ ਸਮਾਗਮ 23, 24 ਅਤੇ 25 ਨਵੰਬਰ ਨੂੰ ਦਿੱਲੀ ਦੇ ਲਾਲ ਕਿਲ੍ਹੇ ’ਤੇ ਰੱਖੇ ਗਏ ਹਨ। ਉਹਨਾਂ ਦੱਸਿਆ ਕਿ ਇਸ ਮੌਕੇ ਲੱਖਾਂ ਸੰਗਤਾਂ ਵੱਲੋਂ ਰੱਖੇ ਗਏ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸ੍ਰੀ ਸਹਿਜ ਪਾਠਾਂ ਦੇ ਭੋਗ ਪਾਏ ਜਾਣਗੇ। ਉਹਨਾਂ ਕਿਹਾ ਕਿ ਇਹਨਾਂ ਸਮਾਗਮਾਂ ਵਿਚ ਜਿਥੇ ਸੰਗਤਾਂ ਵੱਡੀ ਗਿਣਤੀ ਵਿਚ ਸ਼ਾਮਲ ਹੋਣਗੀਆਂ, ਉਥੇ ਹੀ ਆਨਲਾਈਨ ਵੀ ਵੱਡੀ ਗਿਣਤੀ ’ਚ ਸੰਗਤਾਂ ਨੂੰ ਇਹਨਾਂ ਯਾਦਗਾਰੀ ਸਮਾਗਮਾਂ ਨਾਲ ਜੋੜਿਆ ਜਾਵੇਗਾ। ਉਹਨਾਂ ਨੇ ਸੰਗਤਾਂ ਨੂੰ ਅਪੀਲ ਕੀਤੀ ਕਿ ਉਹ ਵੱਧ ਤੋਂ ਵੱਧ ਗਿਣਤੀ ਵਿਚ ਇਹਨਾਂ ਸਮਾਗਮਾਂ ਵਿਚ ਸ਼ਾਮਲ ਹੋਣ। ਇਸ ਮੌਕੇ ਪ੍ਰਬੰਧਕਾ ਅਤੇ ਸਨਮਾਨਿਤ ਸ਼ਖ਼ਸੀਅਤਾਂ ਨਾਲ ਮਿਲਕੇ ਗੋਬਿੰਦ ਪ੍ਰਕਾਸ਼ ਮੈਗਜ਼ੀਨ ਦਾ ਵਿਮੋਚਨ ਕੀਤਾ।