ਗਜੇਂਦਰ ਸਿੰਘ ਸ਼ੇਖਾਵਤ ਨਾਲ ਮੁਲਾਕਾਤ ਤੋਂ ਬਾਅਦ ਕੈਪਟਨ ਦਾ ਬਿਆਨ- 'ਅਸੀਂ 101% ਜਿੱਤਾਂਗੇ'
ਕੈਪਟਨ ਅਮਰਿੰਦਰ ਸਿੰਘ ਨੇ ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਭਾਜਪਾ ਦੇ ਸੂਬਾ ਚੋਣ ਇੰਚਾਰਜ ਕੇਂਦਰੀ ਮੰਤਰੀ ਗਜੇਂਦਰ ਸ਼ੇਖਾਵਤ ਨਾਲ ਮੁਲਾਕਾਤ ਕੀਤੀ।
ਨਵੀਂ ਦਿੱਲੀ: ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਭਾਜਪਾ ਦੇ ਸੂਬਾ ਚੋਣ ਇੰਚਾਰਜ ਕੇਂਦਰੀ ਮੰਤਰੀ ਗਜੇਂਦਰ ਸ਼ੇਖਾਵਤ ਨਾਲ ਮੁਲਾਕਾਤ ਕੀਤੀ। ਇਸ ਤੋਂ ਬਾਅਦ ਸ਼ੇਖਾਵਤ ਨੇ ਕਿਹਾ ਕਿ ਭਾਜਪਾ ਦੀ ਸੀਨੀਅਰ ਲੀਡਰਸ਼ਿਪ ਪਹਿਲਾਂ ਹੀ ਸੰਕੇਤ ਦੇ ਚੁੱਕੀ ਹੈ ਕਿ ਅਸੀਂ ਇਕੱਠੇ ਚੋਣ ਲੜਨ ਜਾ ਰਹੇ ਹਾਂ। ਕੈਪਟਨ ਅਮਰਿੰਦਰ ਸਿੰਘ ਕੋਲ ਕਾਫੀ ਲੰਬਾ ਸਿਆਸੀ ਤਜਰਬਾ ਹੈ। ਉਹ ਪੰਜਾਬ ਦੇ ਲੋਕਾਂ ਦਾ ਹਿੱਤ ਚਾਹੁੰਦੇ ਹਨ।
ਇਸ ਦੇ ਨਾਲ ਹੀ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਅਸੀਂ ਚੋਣਾਂ ਲਈ ਬਿਲਕੁਲ ਤਿਆਰ ਹਾਂ ਅਤੇ ਇਹ ਚੋਣ ਅਸੀਂ ਜਿੱਤਣ ਜਾ ਰਹੇ ਹਾਂ। ਸੀਟ ਵੰਡ ਦਾ ਫੈਸਲਾ ਸੀਟ ਦਰ ਸੀਟ ਦੇ ਆਧਾਰ 'ਤੇ ਲਿਆ ਜਾਵੇਗਾ, ਜਿਸ ਵਿਚ ਜਿੱਤਣ ਦੀ ਯੋਗਤਾ ਨੂੰ ਪਹਿਲ ਦਿੱਤੀ ਜਾਵੇਗੀ। ਉਹਨਾਂ ਕਿਹਾ ਕਿ ਸਾਡਾ ਨਾ ਅਕਾਲੀ ਦਲ ਨਾਲ ਕੋਈ ਮੁਕਾਬਲਾ ਹੈ, ਨਾ 'ਆਪ' ਨਾਲ ਅਤੇ ਨਾ ਹੀ ਕਿਸੇ ਹੋਰ ਨਾਲ। ਅਸੀਂ 101% ਜਿੱਤਾਂਗੇ।
ਗਜੇਂਦਰ ਸ਼ੇਖਾਵਤ ਤੋਂ ਬਾਅਦ ਕੈਪਟਨ ਅਮਰਿੰਦਰ ਭਾਜਪਾ ਦੇ ਕੌਮੀ ਪ੍ਰਧਾਨ ਜੇਪੀ ਨੱਡਾ ਅਤੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਵੀ ਮੁਲਾਕਾਤ ਕਰਨਗੇ। ਇਸ ਵਾਰ ਕੈਪਟਨ ਅਮਰਿੰਦਰ ਸਿੰਘ ਪੰਜਾਬ ਲੋਕ ਕਾਂਗਰਸ ਪਾਰਟੀ ਬਣਾ ਕੇ ਚੋਣ ਲੜ ਰਹੇ ਹਨ। ਕਾਂਗਰਸ ਵੱਲੋਂ ਮੁੱਖ ਮੰਤਰੀ ਦੇ ਅਹੁਦੇ ਤੋਂ ਹਟਾਏ ਜਾਣ ਤੋਂ ਬਾਅਦ ਪੰਜਾਬ ਚੋਣਾਂ ਉਹਨਾਂ ਦੀ ਸਿਆਸੀ ਹੋਂਦ ਲਈ ਬਹੁਤ ਅਹਿਮ ਹਨ।
ਭਾਜਪਾ ਵੀ ਇਸ ਵਾਰ ਅਕਾਲੀ ਦਲ ਤੋਂ ਵੱਖ ਹੋ ਕੇ ਚੋਣ ਲੜ ਰਹੀ ਹੈ। ਕੈਪਟਨ ਅਮਰਿੰਦਰ ਸਿੰਘ ਤੋਂ ਇਲਾਵਾ ਅਕਾਲੀ ਦਲ ਨਾਲੋਂ ਵੱਖ ਹੋ ਚੁੱਕੇ ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਦੇ ਪ੍ਰਧਾਨ ਸੁਖਦੇਵ ਸਿੰਘ ਢੀਂਡਸਾ ਨੇ ਵੀ ਦਿੱਲੀ ਵਿਖੇ ਪੰਜਾਬ ਭਾਜਪਾ ਦੇ ਇੰਚਾਰਜ ਗਜੇਂਦਰ ਸ਼ੇਖਾਵਤ ਨਾਲ ਮੁਲਾਕਾਤ ਕੀਤੀ।