ਅਜੇ ਮਿਸ਼ਰਾ ਦੀ ਬਰਖ਼ਾਸਤਗੀ ਦੀ ਮੰਗ 'ਤੇ ਵਿਰੋਧੀ ਧਿਰ ਦਾ ਹੰਗਾਮਾ, ਰਾਜ ਸਭਾ ਸੋਮਵਾਰ ਤੱਕ ਮੁਲਤਵੀ
ਕੇਂਦਰੀ ਗ੍ਰਹਿ ਰਾਜ ਮੰਤਰੀ ਅਜੇ ਮਿਸ਼ਰਾ ਦੀ ਬਰਖਾਸਤਗੀ ਦੀ ਮੰਗ ਨੂੰ ਲੈ ਕੇ ਸਦਨ ਵਿਚ ਵਿਰੋਧੀ ਧਿਰ ਦਾ ਹੰਗਾਮਾ ਅੱਜ ਵੀ ਜਾਰੀ ਰਿਹਾ
ਨਵੀਂ ਦਿੱਲੀ: ਕੇਂਦਰੀ ਗ੍ਰਹਿ ਰਾਜ ਮੰਤਰੀ ਅਜੇ ਮਿਸ਼ਰਾ ਦੀ ਬਰਖਾਸਤਗੀ ਦੀ ਮੰਗ ਨੂੰ ਲੈ ਕੇ ਸਦਨ ਵਿਚ ਵਿਰੋਧੀ ਧਿਰ ਦਾ ਹੰਗਾਮਾ ਅੱਜ ਵੀ ਜਾਰੀ ਰਿਹਾ, ਜਿਸ ਤੋਂ ਬਾਅਦ ਰਾਜ ਸਭਾ ਦੀ ਕਾਰਵਾਈ ਸੋਮਵਾਰ ਤੱਕ ਲਈ ਮੁਲਤਵੀ ਕਰ ਦਿੱਤੀ ਗਈ।
ਵੈਂਕਈਆ ਨਾਇਡੂ ਨੇ ਇਸ ਦੌਰਾਨ ਕਿਹਾ ਕਿ, “ਅੱਜ ਮੈਂ ਸਦਨ ਦੇ ਨੇਤਾ ਅਤੇ ਵਿਰੋਧੀ ਧਿਰ ਦੇ ਕੁਝ ਸੀਨੀਅਰ ਮੈਂਬਰਾਂ ਨਾਲ ਗੱਲ ਕੀਤੀ। ਮੈਂ ਤੁਹਾਡੇ ਵਿਚੋਂ ਹਰੇਕ ਨੂੰ ਅਪੀਲ ਕਰਨਾ ਚਾਹੁੰਦਾ ਹਾਂ ਕਿ ਕਿਰਪਾ ਕਰਕੇ ਸਦਨ ਵਿਚ ਕੰਮਕਾਜ ਸੁਚਾਰੂ ਢੰਗ ਨਾਲ ਚੱਲਦਾ ਦੇਖਣ ਲਈ ਆਮ ਸਹਿਮਤੀ ਬਣਾਓ। ਮੈਂ ਸਦਨ ਨੂੰ ਸੋਮਵਾਰ ਤੱਕ ਮੁਲਤਵੀ ਕਰ ਰਿਹਾ ਹਾਂ”।
ਲੋਕ ਸਭਾ ਵਿਚ ਵੀ ਲਖੀਮਪੁਰ ਖੇੜੀ ਮਾਮਲੇ ਨੂੰ ਲੈ ਕੇ ਹੰਗਾਮਾ ਜਾਰੀ ਰਿਹਾ, ਜਿਸ ਕਾਰਨ ਸਦਨ ਦੀ ਕਾਰਵਾਈ ਦੁਪਹਿਰ 2 ਵਜੇ ਤੱਕ ਲਈ ਮੁਲਤਵੀ ਕਰ ਦਿੱਤੀ ਗਈ। ਵਿਰੋਧੀ ਪਾਰਟੀਆਂ ਦੇ ਹੰਗਾਮੇ ਤੋਂ ਨਾਰਾਜ਼ ਲੋਕ ਸਭਾ ਸਪੀਕਰ ਓਮ ਬਿਰਲਾ ਨੇ ਸਖ਼ਤੀ ਨਾਲ ਵਿਰੋਧੀ ਧਿਰ ਦੇ ਸੰਸਦ ਮੈਂਬਰਾਂ ਨੂੰ ਚਿਤਾਵਨੀ ਦਿੱਤੀ ਕਿ ਜੇਕਰ ਹੰਗਾਮੇ ਕਾਰਨ ਲੋਕ ਸਭਾ ਵਿਚ ਕੋਈ ਘਟਨਾ ਵਾਪਰਦੀ ਹੈ ਤਾਂ ਉਸ ਲਈ ਹੰਗਾਮਾ ਕਰਨ ਵਾਲੇ ਸੰਸਦ ਮੈਂਬਰ ਹੀ ਜ਼ਿੰਮੇਵਾਰ ਹੋਣਗੇ।
ਬਿਰਲਾ ਨੇ ਸਖ਼ਤ ਲਹਿਜ਼ੇ ਵਿਚ ਚੇਤਾਵਨੀ ਦਿੱਤੀ ਕਿ ਜੇਕਰ ਲੋਕ ਸਭਾ ਦੀ ਜਾਇਦਾਦ ਨੂੰ ਨੁਕਸਾਨ ਪਹੁੰਚਿਆ ਤਾਂ ਹੰਗਾਮਾ ਕਰਨ ਵਾਲੇ ਸੰਸਦ ਮੈਂਬਰ ਹੀ ਜ਼ਿੰਮੇਵਾਰ ਹੋਣਗੇ। ਲੋਕ ਸਭਾ ਦੇ ਸਪੀਕਰ ਸਦਨ ਨੂੰ ਚੱਲਣ ਦੇਣ ਦੀ ਅਪੀਲ ਕਰਦੇ ਰਹੇ ਪਰ ਇਸ ਦੇ ਬਾਵਜੂਦ ਵਿਰੋਧੀ ਪਾਰਟੀਆਂ ਦੇ ਸੰਸਦ ਮੈਂਬਰ ਸਦਨ ਵਿਚ ਤਖ਼ਤੀਆਂ ਲਹਿਰਾਉਂਦੇ ਹੋਏ ਨਾਅਰੇਬਾਜ਼ੀ ਕਰਦੇ ਰਹੇ। ਇਸ ਸਥਿਤੀ ਨੂੰ ਦੇਖਦੇ ਹੋਏ ਓਮ ਬਿਰਲਾ ਨੇ ਸਦਨ ਦੀ ਕਾਰਵਾਈ ਦੁਪਹਿਰ 2 ਵਜੇ ਤੱਕ ਮੁਲਤਵੀ ਕਰ ਦਿੱਤੀ।