Parliament Security Breach: ਸੰਸਦ ਦੀ ਸੁਰੱਖਿਆ ਵਿਚ ਕੁਤਾਹੀ ਬਹੁਤ ਗੰਭੀਰ ਮਾਮਲਾ : PM ਮੋਦੀ

ਏਜੰਸੀ

ਖ਼ਬਰਾਂ, ਰਾਸ਼ਟਰੀ

ਏਜੰਸੀਆਂ ਮਾਮਲੇ ਦੀ ਜਾਂਚ ਕਰ ਰਹੀਆਂ ਹਨ

PM Modi

Parliament Security Breach - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਕਿਹਾ ਕਿ ਸੰਸਦ ਦੀ ਸੁਰੱਖਿਆ ਵਿਚ ਉਲੰਘਣਾ ਬਹੁਤ ਗੰਭੀਰ ਮਾਮਲਾ ਹੈ ਅਤੇ ਵਿਰੋਧੀ ਧਿਰ ਨੂੰ ਇਸ ਮਾਮਲੇ 'ਤੇ ਵਿਵਾਦ ਨਹੀਂ ਖੜ੍ਹਾ ਕਰਨਾ ਚਾਹੀਦਾ। ਇਕ ਨਿੱਜੀ ਚੈਨਲ ਨੂੰ ਦਿੱਤੇ ਇੰਟਰਵਿਊ ਦੌਰਾਨ ਪੀਐੱਮ ਮੋਦੀ ਨੇ ਕਿਹਾ ਕਿ ਜਾਂਚ ਏਜੰਸੀਆਂ ਮਾਮਲੇ ਦੀ ਜਾਂਚ ਕਰ ਰਹੀਆਂ ਹਨ ਅਤੇ ਸਖ਼ਤ ਕਦਮ ਚੁੱਕ ਰਹੀਆਂ ਹਨ। ਉਨ੍ਹਾਂ ਕਿਹਾ ਕਿ ਇਸ ਹਮਲੇ ਵਿਚ ਸ਼ਾਮਲ ਲੋਕਾਂ ਅਤੇ ਉਨ੍ਹਾਂ ਦੇ ਮਨਸੂਬਿਆਂ ਦੀ ਗਹਿਰਾਈ ਤੱਕ ਪਹੁੰਚਣਾ ਵੀ ਉਨਾ ਹੀ ਜ਼ਰੂਰੀ ਹੈ।   

ਅਖ਼ਬਾਰ ਮੁਤਾਬਕ ਪੀਐੱਮ ਮੋਦੀ ਨੇ ਸੁਰੱਖਿਆ ਉਲੰਘਣ ਨੂੰ ‘ਦਰਦਨਾਕ ਅਤੇ ਚਿੰਤਾਜਨਕ’ ਦੱਸਿਆ ਹੈ। ਉਨ੍ਹਾਂ ਕਿਹਾ ਕਿ “ਸਭ ਨੂੰ ਮਿਲ ਕੇ ਹੱਲ ਲੱਭਣ ਦੀ ਕੋਸ਼ਿਸ਼ ਕਰਨੀ ਚਾਹੀਦੀ ਹੈ। ਸਾਰਿਆਂ ਨੂੰ ਅਜਿਹੇ ਮੁੱਦਿਆਂ 'ਤੇ ਬਹਿਸ ਜਾਂ ਵਿਰੋਧ ਤੋਂ ਬਚਣਾ ਚਾਹੀਦਾ ਹੈ। ਪ੍ਰਧਾਨ ਮੰਤਰੀ ਨੇ ਕਿਹਾ ਕਿ  "ਸੰਸਦ ਵਿਚ ਵਾਪਰੀ ਘਟਨਾ ਦੀ ਗੰਭੀਰਤਾ ਨੂੰ ਘੱਟ ਨਹੀਂ ਸਮਝਿਆ ਜਾ ਸਕਦਾ।"  

ਉਨ੍ਹਾਂ ਕਿਹਾ ਕਿ ਲੋਕ ਸਭਾ ਸਪੀਕਰ ਪੂਰੀ ਗੰਭੀਰਤਾ ਨਾਲ ਇਸ ਮਾਮਲੇ ਸਬੰਧੀ ਲੋੜੀਂਦੇ ਕਦਮ ਚੁੱਕ ਰਹੇ ਹਨ। 13 ਦਸੰਬਰ ਨੂੰ ਲੋਕ ਸਭਾ ਦੀ ਕਾਰਵਾਈ ਦੌਰਾਨ ਦੋ ਵਿਅਕਤੀ ਦਰਸ਼ਕ ਗੈਲਰੀ ਤੋਂ ਸਦਨ ਦੇ ਅੰਦਰ ਵੜ ਗਏ। ਵਿਰੋਧੀ ਪਾਰਟੀਆਂ ਗ੍ਰਹਿ ਮੰਤਰੀ ਅਮਿਤ ਸ਼ਾਹ ਤੋਂ ਇਸ ਮਾਮਲੇ 'ਤੇ ਬਿਆਨ ਦੇਣ ਦੀ ਮੰਗ ਕਰ ਰਹੀਆਂ ਹਨ, ਉਥੇ ਹੀ ਕੁਝ ਨੇਤਾਵਾਂ ਨੇ ਸ਼ਾਹ ਦੇ ਅਸਤੀਫ਼ੇ ਦੀ ਮੰਗ ਵੀ ਕੀਤੀ ਹੈ।

ਸਰਕਾਰ ਦਾ ਕਹਿਣਾ ਹੈ ਕਿ ਸੰਸਦ ਕੰਪਲੈਕਸ ਦੀ ਸੁਰੱਖਿਆ ਲੋਕ ਸਭਾ ਸਕੱਤਰੇਤ ਦੀ ਜ਼ਿੰਮੇਵਾਰੀ ਹੈ ਅਤੇ ਉਹ ਸਪੀਕਰ ਦੇ ਨਿਰਦੇਸ਼ਾਂ ਦੀ ਪਾਲਣਾ ਕਰ ਰਹੀ ਹੈ। ਉਨ੍ਹਾਂ ਨੇ ਪਿਛਲੇ ਸਮੇਂ ਦੌਰਾਨ ਅਜਿਹੀਆਂ ਕਈ ਘਟਨਾਵਾਂ ਦਾ ਜ਼ਿਕਰ ਕੀਤਾ ਅਤੇ ਵਿਰੋਧੀ ਧਿਰ 'ਤੇ ਇਸ ਮੁੱਦੇ 'ਤੇ ਰਾਜਨੀਤੀ ਕਰਨ ਦਾ ਦੋਸ਼ ਲਗਾਇਆ। ਮੱਧ ਪ੍ਰਦੇਸ਼, ਛੱਤੀਸਗੜ੍ਹ ਅਤੇ ਰਾਜਸਥਾਨ ਵਿਚ ਭਾਜਪਾ ਵੱਲੋਂ ਮੁਕਾਬਲਤਨ "ਨਵੇਂ ਅਤੇ ਅਣਜਾਣ" ਨੇਤਾਵਾਂ ਨੂੰ ਮੁੱਖ ਮੰਤਰੀ ਵਜੋਂ ਚੁਣਨ ਬਾਰੇ ਪੁੱਛੇ ਜਾਣ 'ਤੇ ਮੋਦੀ ਨੇ ਕਿਹਾ ਕਿ ਇਨ੍ਹਾਂ ਨੇਤਾਵਾਂ ਕੋਲ ਬਹੁਤ ਤਜਰਬਾ ਹੈ ਅਤੇ ਉਨ੍ਹਾਂ ਨੇ ਸਖ਼ਤ ਮਿਹਨਤ ਕੀਤੀ ਹੈ।  

ਭਾਜਪਾ ਦੀ ਚੋਣ 'ਤੇ ਸਵਾਲ ਉਠਾਉਣ ਵਾਲਿਆਂ 'ਤੇ ਚੁਟਕੀ ਲੈਂਦਿਆਂ ਉਨ੍ਹਾਂ ਕਿਹਾ ਕਿ ਇਹ ਦੇਸ਼ ਦੀ ਬਦਕਿਸਮਤੀ ਰਹੀ ਹੈ ਕਿ ਆਪਣੀ ਬੋਲੀ, ਬੁੱਧੀ ਅਤੇ ਆਪਣੀ ਸ਼ਖਸੀਅਤ ਨਾਲ ਸਮਾਜਿਕ ਜੀਵਨ 'ਚ ਪ੍ਰਭਾਵ ਪੈਦਾ ਕਰਨ ਵਾਲੇ ਲੋਕਾਂ ਦਾ ਇੱਕ ਵੱਡਾ ਵਰਗ ਰੂੜ੍ਹੀਵਾਦੀ ਮੰਨਿਆ ਜਾਂਦਾ ਹੈ। ਉਨ੍ਹਾਂ ਕਿਹਾ ਕਿ ''ਇਹ ਸਿਰਫ਼ ਸਿਆਸੀ ਖੇਤਰ ਤੱਕ ਸੀਮਤ ਨਹੀਂ ਹੈ। ਇਹ ਰੁਝਾਨ ਸਾਨੂੰ ਜੀਵਨ ਦੇ ਸਾਰੇ ਖੇਤਰਾਂ ਵਿਚ ਪਰੇਸ਼ਾਨ ਕਰਦਾ ਹੈ। ਕਿਸੇ ਵੀ ਖੇਤਰ ਵਿਚ ਨਾਮ ਵੱਡਾ ਹੋ ਜਾਵੇ, ਕੋਈ ਆਪਣੀ ‘ਬ੍ਰਾਂਡਿੰਗ’ ਕਰ ਲਵੇ ਤਾਂ ਦੂਜੇ ਲੋਕ ਧਿਆਨ ਨਹੀਂ ਦਿੰਦੇ, ਚਾਹੇ ਉਹ ਕਿੰਨਾ ਵੀ ਪ੍ਰਤਿਭਾਸ਼ਾਲੀ ਕਿਉਂ ਨਾ ਹੋਵੇ। ਰਾਜਨੀਤੀ ਦੇ ਖੇਤਰ ਵਿੱਚ ਵੀ ਅਜਿਹਾ ਹੀ ਹੁੰਦਾ ਹੈ।''

(For more news apart from  Parliament Security Breach, stay tuned to Rozana Spokesman)