ਨੈਸ਼ਨਲ ਹੈਰਾਲਡ ਮਾਮਲੇ ’ਚ ਰਾਹਤ ਤੋਂ ਬਾਅਦ ਕਾਂਗਰਸ ਹੋਈ ਹਮਲਾਵਰ, ਮੋਦੀ, ਸ਼ਾਹ ਦਾ ਮੰਗਿਆ ਅਸਤੀਫਾ
ਕਿਹਾ, ਬਦਲਾਖੋਰੀ ਦੀ ਸਿਆਸਤ ਦਾ ਪਰਦਾਫਾਸ਼ ਹੋਇਆ
ਨਵੀਂ ਦਿੱਲੀ : ਕਾਂਗਰਸ ਨੇ ਬੁਧਵਾਰ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦੇ ਅਸਤੀਫੇ ਦੀ ਮੰਗ ਕੀਤੀ ਹੈ, ਜਦੋਂ ਦਿੱਲੀ ਦੀ ਇਕ ਅਦਾਲਤ ਨੇ ਨੈਸ਼ਨਲ ਹੈਰਾਲਡ ਮਾਮਲੇ ’ਚ ਈ.ਡੀ. ਦੇ ਮਨੀ ਲਾਂਡਰਿੰਗ ਦੇ ਦੋਸ਼ਾਂ ਦਾ ਨੋਟਿਸ ਲੈਣ ਤੋਂ ਇਨਕਾਰ ਕਰ ਦਿਤਾ ਹੈ।
ਵਿਰੋਧੀ ਪਾਰਟੀ ਨੇ ਅਪਣੀ ਲੀਡਰਸ਼ਿਪ ਵਿਰੁਧ ‘ਬਦਲਾਖੋਰੀ ਦੀ ਸਿਆਸਤ’ ਦਾ ਪਰਦਾਫਾਸ਼ ਕਰਨ ਦੀ ਸਹੁੰ ਖਾਧੀ ਅਤੇ ਜ਼ੋਰ ਦੇ ਕੇ ਕਿਹਾ ਕਿ ਕਾਂਗਰਸੀ ਕਾਡਰ ਪ੍ਰੇਸ਼ਾਨ ਹਨ ਅਤੇ ਸਰਕਾਰ ਵਲੋਂ ਵਿਰੋਧੀ ਧਿਰ ਦੇ ਨੇਤਾਵਾਂ ਨੂੰ ਨਿਸ਼ਾਨਾ ਬਣਾਉਣ ਲਈ ਏਜੰਸੀਆਂ ਦੀ ਦੁਰਵਰਤੋਂ ਵਿਰੁਧ ਅਪਣੀ ਤਾਕਤ ਵਿਖਾਉਣ ਜਾ ਰਹੇ ਹਨ।
ਇਕ ਪ੍ਰੈੱਸ ਕਾਨਫ਼ਰੰਸ ਵਿਚ ਪਾਰਟੀ ਪ੍ਰਧਾਨ ਮਲਿਕਾਰਜੁਨ ਖੜਗੇ ਨੇ ਕਿਹਾ, ‘‘ਅਸੀਂ ਸਿਆਸੀ ਤੌਰ ਉਤੇ ਲੜ ਰਹੇ ਹਾਂ। ਅਸੀਂ ਸੰਸਦ ਦੇ ਅੰਦਰ ਅਤੇ ਬਾਹਰ ਅਤੇ ਸੜਕਾਂ ਉਤੇ ਵੀ ਉਨ੍ਹਾਂ ਨਾਲ ਲੜਦੇ ਰਹਾਂਗੇ ਅਤੇ ਉਨ੍ਹਾਂ ਨੂੰ ਸਬਕ ਸਿਖਾਵਾਂਗੇ।’’ ਦਿੱਲੀ ਦੀ ਇਕ ਅਦਾਲਤ ਨੇ ਸੋਨੀਆ ਗਾਂਧੀ, ਰਾਹੁਲ ਗਾਂਧੀ ਅਤੇ ਪੰਜ ਹੋਰਾਂ ਨੂੰ ਨੈਸ਼ਨਲ ਹੈਰਾਲਡ ਮਾਮਲੇ ’ਚ ਇਨਫੋਰਸਮੈਂਟ ਡਾਇਰੈਕਟੋਰੇਟ ਦੇ ਮਨੀ ਲਾਂਡਰਿੰਗ ਦੇ ਦੋਸ਼ਾਂ ਦਾ ਨੋਟਿਸ ਲੈਣ ਤੋਂ ਇਨਕਾਰ ਕਰ ਦਿਤਾ ਹੈ।
ਖੜਗੇ ਨੇ ਕਿਹਾ, ‘‘ਮੈਂ ਇਹ ਕਹਿਣਾ ਚਾਹੁੰਦਾ ਹਾਂ ਕਿ ਇਸ ਫੈਸਲੇ ਤੋਂ ਬਾਅਦ ਮੋਦੀ ਅਤੇ ਸ਼ਾਹ ਨੂੰ ਅਸਤੀਫਾ ਦੇਣਾ ਚਾਹੀਦਾ ਹੈ ਕਿਉਂਕਿ ਅਦਾਲਤ ਦਾ ਫੈਸਲਾ ਉਨ੍ਹਾਂ ਦੇ ਚਿਹਰੇ ਉਤੇ ਥੱਪੜ ਮਾਰਨ ਵਰਗਾ ਹੈ। ਉਨ੍ਹਾਂ ਨੂੰ ਅਸਤੀਫਾ ਦੇਣਾ ਚਾਹੀਦਾ ਹੈ ਕਿਉਂਕਿ ਉਨ੍ਹਾਂ ਨੂੰ ਲੋਕਾਂ ਨੂੰ ਇਸ ਤਰ੍ਹਾਂ ਤੰਗ ਪ੍ਰੇਸ਼ਾਨ ਨਹੀਂ ਕਰਨਾ ਚਾਹੀਦਾ।’’
ਕਾਂਗਰਸ ਜਨਰਲ ਸਕੱਤਰ ਕੇ.ਸੀ. ਵੇਣੂਗੋਪਾਲ ਨੇ ਜ਼ੋਰ ਦੇ ਕੇ ਕਿਹਾ ਕਿ ਕਾਂਗਰਸ ਮੋਦੀ ਸਰਕਾਰ ਦੀ ਬਦਲਾਖੋਰੀ ਦੀ ਰਾਜਨੀਤੀ ਦਾ ਪਰਦਾਫਾਸ਼ ਕਰੇਗੀ। ਉਨ੍ਹਾਂ ਕਿਹਾ, ‘‘ਅਸੀਂ ਦੇਸ਼ ਦੀਆਂ ਸੜਕਾਂ ਉਤੇ ਇਸ ਬਦਲਾਖੋਰੀ ਦੀ ਸਿਆਸਤ ਦਾ ਪਰਦਾਫਾਸ਼ ਕਰਾਂਗੇ। ਪੂਰਾ ਦੇਸ਼ ਹੁਣ ਅੰਦੋਲਨ ਕਰ ਰਿਹਾ ਹੈ। ਪਿਛਲੇ ਸੱਤ ਸਾਲਾਂ ਤੋਂ ਕਾਂਗਰਸ ਪਾਰਟੀ ਨੂੰ ਈ.ਡੀ. ਵਲੋਂ ਲਗਾਤਾਰ ਪ੍ਰੇਸ਼ਾਨ ਕਰਨ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਸਾਡੀ ਸੀਨੀਅਰ ਅਤੇ ਸਰਵਉੱਚ ਲੀਡਰਸ਼ਿਪ ਨੂੰ ਬਦਲਾਖੋਰੀ ਦੀ ਰਾਜਨੀਤੀ ਰਾਹੀਂ ਨਿਸ਼ਾਨਾ ਬਣਾਇਆ ਜਾ ਰਿਹਾ ਹੈ, ਅਤੇ ਇਸ ਨੇ ਹਰ ਕਾਰਜਕਰਤਾ ਨੂੰ ਉਤੇਜਿਤ ਕੀਤਾ ਹੈ।’’
ਉਨ੍ਹਾਂ ਕਿਹਾ, ‘‘ਅਸੀਂ ਪੂਰੇ ਭਾਰਤ ਵਿਚ ਅਪਣੀ ਤਾਕਤ ਦਾ ਪ੍ਰਦਰਸ਼ਨ ਕਰਾਂਗੇ। ਕਿਉਂਕਿ ਇਹ ਸਪੱਸ਼ਟ ਤੌਰ ਉਤੇ ਇਸ ਗੱਲ ਦੀ ਉਦਾਹਰਣ ਹੈ ਕਿ ਕਿਵੇਂ ਕੇਂਦਰ ਸਰਕਾਰ ਵਲੋਂ ਵਿਰੋਧੀ ਧਿਰ ਦੇ ਨੇਤਾਵਾਂ ਨੂੰ ਨਿਸ਼ਾਨਾ ਬਣਾਉਣ ਲਈ ਈ.ਡੀ. ਦੀ ਯੋਜਨਾਬੱਧ ਤਰੀਕੇ ਨਾਲ ਦੁਰਵਰਤੋਂ ਕੀਤੀ ਜਾਂਦੀ ਹੈ।’’ (ਪੀਟੀਆਈ)
‘ਈ.ਡੀ. ਦੀ ਦੁਰਵਰਤੋਂ’ ਦੇ ਵਿਰੋਧ ’ਚ ਸੰਸਦ ਕੰਪਲੈਕਸ ’ਚ ਕਾਂਗਰਸ ਮੈਂਬਰਾਂ ਦਾ ਪ੍ਰਦਰਸ਼ਨ, ਸਰਕਾਰ ਤੋਂ ਮੁਆਫੀ ਮੰਗਣ ਦੀ ਮੰਗ ਕੀਤੀ
ਨਵੀਂ ਦਿੱਲੀ : ਨੈਸ਼ਨਲ ਹੈਰਾਲਡ ਮਾਮਲੇ ’ਚ ਸੋਨੀਆ ਗਾਂਧੀ ਅਤੇ ਰਾਹੁਲ ਗਾਂਧੀ ਨੂੰ ਅਦਾਲਤੀ ਰਾਹਤ ਮਿਲਣ ਤੋਂ ਬਾਅਦ ਕਾਂਗਰਸ ਦੇ ਸੰਸਦ ਮੈਂਬਰਾਂ ਨੇ ਇਨਫੋਰਸਮੈਂਟ ਡਾਇਰੈਕਟੋਰੇਟ ਦੀ ਕਥਿਤ ਦੁਰਵਰਤੋਂ ਨੂੰ ਲੈ ਕੇ ਸੰਸਦ ਭਵਨ ਕੰਪਲੈਕਸ ’ਚ ਵਿਰੋਧ ਪ੍ਰਦਰਸ਼ਨ ਕੀਤਾ।
ਪਾਰਟੀ ਦੇ ਸੰਸਦ ਮੈਂਬਰਾਂ ਨੇ ਜ਼ੋਰ ਦੇ ਕੇ ਕਿਹਾ ਕਿ ਸੱਚਾਈ ਉਦੋਂ ਜਿੱਤੀ ਜਦੋਂ ਦਿੱਲੀ ਦੀ ਇਕ ਅਦਾਲਤ ਨੇ ਇਸ ਮਾਮਲੇ ਵਿਚ ਦੋਹਾਂ ਪਾਰਟੀ ਨੇਤਾਵਾਂ ਵਿਰੁਧ ਜਾਂਚ ਏਜੰਸੀ ਦੇ ਮਨੀ ਲਾਂਡਰਿੰਗ (ਕਾਲੇ ਧਨ ਨੂੰ ਚਿੱਟਾ ਕਰਨ) ਦੇ ਦੋਸ਼ਾਂ ਦਾ ਨੋਟਿਸ ਲੈਣ ਤੋਂ ਇਨਕਾਰ ਕਰ ਦਿਤਾ।
‘ਸੱਤਿਆਮੇਵ ਜਯਤੇ, ਸੱਚ ਜਿੱਤਦਾ ਹੈ’ ਲਿਖਿਆ ਬੈਨਰ ਚੁੱਕ ਕੇ ਸੰਸਦ ਮੈਂਬਰਾਂ ਨੇ ਸੰਸਦ ਦੇ ‘ਮਕਰ ਦੁਆਰ’ ਦੀਆਂ ਪੌੜੀਆਂ ਦੇ ਸਾਹਮਣੇ ਕਤਾਰ ਵਿਚ ਖੜ੍ਹੇ ਹੋ ਕੇ ਸਰਕਾਰ ਵਿਰੁਧ ਨਾਅਰੇਬਾਜ਼ੀ ਕੀਤੀ ਅਤੇ ਨਰਿੰਦਰ ਮੋਦੀ ਸਰਕਾਰ ਤੋਂ ਮੁਆਫੀ ਮੰਗਣ ਦੀ ਮੰਗ ਕੀਤੀ।
ਇਸ ਵਿਰੋਧ ਪ੍ਰਦਰਸ਼ਨ ’ਚ ਕਾਂਗਰਸ ਦੇ ਜਨਰਲ ਸਕੱਤਰ ਇੰਚਾਰਜ ਸੰਗਠਨ ਕੇ.ਸੀ. ਵੇਣੂਗੋਪਾਲ, ਆਲ ਇੰਡੀਆ ਕਾਂਗਰਸ ਕਮੇਟੀ ਦੇ ਜਨਰਲ ਸਕੱਤਰ ਮੁਕੁਲ ਵਾਸਨਿਕ, ਸੰਸਦ ਮੈਂਬਰ ਸ਼ਸ਼ੀ ਥਰੂਰ, ਤਾਰਿਕ ਅਨਵਰ, ਕੁਮਾਰੀ ਸ਼ੈਲਜਾ, ਕੇ ਸੁਰੇਸ਼, ਮਣਿਕਮ ਟੈਗੋਰ ਅਤੇ ਹੋਰਾਂ ਨੇ ਹਿੱਸਾ ਲਿਆ।
ਇਸ ਤੋਂ ਪਹਿਲਾਂ ਕਾਂਗਰਸ ਨੇ ਅਦਾਲਤ ਤੋਂ ਰਾਹਤ ਮਿਲਣ ਤੋਂ ਬਾਅਦ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦੇ ਅਸਤੀਫੇ ਦੀ ਮੰਗ ਕੀਤੀ ਸੀ।
ਵਿਰੋਧੀ ਪਾਰਟੀ ਨੇ ਅਪਣੀ ਲੀਡਰਸ਼ਿਪ ਵਿਰੁਧ ‘ਬਦਲਾਖੋਰੀ ਦੀ ਰਾਜਨੀਤੀ’ ਦਾ ਪਰਦਾਫਾਸ਼ ਕਰਨ ਦੀ ਸਹੁੰ ਖਾਧੀ ਅਤੇ ਜ਼ੋਰ ਦੇ ਕੇ ਕਿਹਾ ਕਿ ਕਾਂਗਰਸ ਕਾਡਰ ਪ੍ਰੇਸ਼ਾਨ ਹੈ ਅਤੇ ਏਜੰਸੀਆਂ ਦੀ ਦੁਰਵਰਤੋਂ ਵਿਰੁਧ ਅਪਣੀ ਤਾਕਤ ਵਿਖਾਉਣ ਜਾ ਰਿਹਾ ਹੈ। ਦਿੱਲੀ ਦੀ ਇਕ ਅਦਾਲਤ ਨੇ ਮੰਗਲਵਾਰ ਨੂੰ ਸੋਨੀਆ ਗਾਂਧੀ, ਰਾਹੁਲ ਗਾਂਧੀ ਅਤੇ ਪੰਜ ਹੋਰਾਂ ਨੂੰ ਨੈਸ਼ਨਲ ਹੈਰਾਲਡ ਮਾਮਲੇ ’ਚ ਇਨਫੋਰਸਮੈਂਟ ਡਾਇਰੈਕਟੋਰੇਟ ਦੇ ਮਨੀ ਲਾਂਡਰਿੰਗ ਦੇ ਦੋਸ਼ਾਂ ਦਾ ਨੋਟਿਸ ਲੈਣ ਤੋਂ ਇਨਕਾਰ ਕਰ ਦਿਤਾ ਸੀ।
ਕਾਂਗਰਸ ਲੋਕਾਂ ਨੂੰ ਗੁਮਰਾਹ ਕਰ ਰਹੀ ਹੈ : ਭਾਜਪਾ
ਨਵੀਂ ਦਿੱਲੀ : ਭਾਰਤੀ ਜਨਤਾ ਪਾਰਟੀ (ਭਾਜਪਾ) ਨੇ ਬੁਧਵਾਰ ਨੂੰ ਕਾਂਗਰਸ ਉਤੇ ਨੈਸ਼ਨਲ ਹੈਰਾਲਡ ਮਾਮਲੇ ’ਚ ਹੇਠਲੀ ਅਦਾਲਤ ਦੇ ਫੈਸਲੇ ਨੂੰ ਲੈ ਕੇ ਗੁਮਰਾਹਕੁੰਨ ਪ੍ਰਚਾਰ ਕਰਨ ਦਾ ਦੋਸ਼ ਲਾਇਆ ਅਤੇ ਕਿਹਾ ਕਿ ਅਦਾਲਤ ਨੇ ਸ਼ਿਕਾਇਤ ਦਾ ਨੋਟਿਸ ਲੈਣ ਤੋਂ ਇਨਕਾਰ ਕਰ ਦਿਤਾ ਪਰ ਕੇਸ ਨੂੰ ਰੱਦ ਨਹੀਂ ਕੀਤਾ। ਭਾਜਪਾ ਦੇ ਕੌਮੀ ਬੁਲਾਰੇ ਗੌਰਵ ਭਾਟੀਆ ਨੇ ਕਿਹਾ, ‘‘ਇਹ ਕੇਸ ਅਜੇ ਵੀ ਦਿੱਲੀ ਹਾਈ ਕੋਰਟ ’ਚ ਵਿਚਾਰ ਅਧੀਨ ਹੈ ਅਤੇ ਹੇਠਲੀ ਅਦਾਲਤ ਨੇ ਮੰਗਲਵਾਰ ਨੂੰ ਅਪਣੇ ਹੁਕਮ ’ਚ ਕਿਹਾ ਹੈ ਕਿ ਇਨਫੋਰਸਮੈਂਟ ਡਾਇਰੈਕਟੋਰੇਟ (ਈ.ਡੀ.) ਅਪਣੀ ਜਾਂਚ ਜਾਰੀ ਰੱਖ ਸਕਦਾ ਹੈ।’’
ਉਨ੍ਹਾਂ ਕਿਹਾ, ‘‘ਅਦਾਲਤ ਨੇ ਕਿਹਾ ਕਿ ਕਿਉਂਕਿ ਇਹ ਇਕ ਨਿੱਜੀ ਸ਼ਿਕਾਇਤ ਹੈ ਅਤੇ ਕੋਈ ਐਫ.ਆਈ.ਆਰ. ਦਰਜ ਨਹੀਂ ਕੀਤੀ ਗਈ ਹੈ, ਇਸ ਲਈ ਉਹ ਇਸ ਦਾ ਨੋਟਿਸ ਨਹੀਂ ਲਵੇਗੀ। ਇਹ ਇਕ ਤਕਨੀਕੀ ਮਾਮਲਾ ਹੈ। ਅਦਾਲਤ ਨੇ ਇਹ ਵੀ ਕਿਹਾ ਕਿ ਈ.ਡੀ. ਅਪਣੀ ਅਗਲੇਰੀ ਜਾਂਚ ਜਾਰੀ ਰੱਖ ਸਕਦੀ ਹੈ। ਭਾਟੀਆ ਨੇ ਇੱਥੇ ਭਾਜਪਾ ਹੈੱਡਕੁਆਰਟਰ ’ਚ ਪੱਤਰਕਾਰ ਸੰਮੇਲਨ ’ਚ ਕਿਹਾ ਕਿ ਅਦਾਲਤ ਨੇ ਇਸ ਨੂੰ ਰੱਦ ਨਹੀਂ ਕੀਤਾ। ਇਸ (ਨੈਸ਼ਨਲ ਹੈਰਾਲਡ) ਦਾ ਮੁਕੱਦਮਾ ਅਜੇ ਵੀ ਚੱਲ ਰਿਹਾ ਹੈ।’’