ਕਾਂਗਰਸ ਆਗੂ ਗੁਲਾਮ ਨਬੀ ਆਜ਼ਾਦ ਨੇ ਸੋਨੀਆ ਗਾਂਧੀ ਨਾਲ ਕੀਤੀ ਮੁਲਾਕਾਤ

ਏਜੰਸੀ

ਖ਼ਬਰਾਂ, ਰਾਸ਼ਟਰੀ

ਕਾਂਗਰਸ ਦੇ ‘ਜੀ-23’ ਗਰੁੱਪ ਦੇ ਇਕ ਪ੍ਰਮੁੱਖ ਮੈਂਬਰ ਗੁਲਾਮ ਨਬੀ ਆਜ਼ਾਦ ਨੇ ਪਾਰਟੀ ਪ੍ਰਧਾਨ ਸੋਨੀਆ ਗਾਂਧੀ ਨਾਲ ਮੁਲਾਕਾਤ ਕੀਤੀ।

Ghulam Nabi Azad meets Sonia Gandhi


ਨਵੀਂ ਦਿੱਲੀ: ਕਾਂਗਰਸ ਦੇ ‘ਜੀ-23’ ਗਰੁੱਪ ਦੇ ਇਕ ਪ੍ਰਮੁੱਖ ਮੈਂਬਰ ਗੁਲਾਮ ਨਬੀ ਆਜ਼ਾਦ ਨੇ ਪਾਰਟੀ ਪ੍ਰਧਾਨ ਸੋਨੀਆ ਗਾਂਧੀ ਨਾਲ ਮੁਲਾਕਾਤ ਕੀਤੀ। ਆਜ਼ਾਦ ਨੇ ਸੋਨੀਆ ਗਾਂਧੀ ਨਾਲ ਉਹਨਾਂ ਦੀ ਰਿਹਾਇਸ਼ '10 ਜਨਪਥ' 'ਤੇ ਮੁਲਾਕਾਤ ਕੀਤੀ। ਮੰਨਿਆ ਜਾ ਰਿਹਾ ਹੈ ਕਿ ਇਸ ਬੈਠਕ 'ਚ ਉਹਨਾਂ ਨੇ 'ਜੀ23' ਗਰੁੱਪ ਦਾ ਪੱਖ ਉਹਨਾਂ ਸਾਹਮਣੇ ਪੇਸ਼ ਕੀਤਾ ਹੈ।  ਸੋਨੀਆ ਗਾਂਧੀ ਨੂੰ ਮਿਲਣ ਤੋਂ ਪਹਿਲਾਂ ਆਜ਼ਾਦ ਨੇ ਸੀਨੀਅਰ ਕਾਂਗਰਸੀ ਆਗੂ ਕਰਨ ਸਿੰਘ ਦੇ ਘਰ ਜਾ ਕੇ ਉਹਨਾਂ ਨੂੰ ਹੋਲੀ ਦੀ ਵਧਾਈ ਦਿੱਤੀ। 

Ghulam Nabi Azad

ਬੈਠਕ ਤੋਂ ਬਾਅਦ ਕਾਂਗਰਸ ਨੇਤਾ ਆਜ਼ਾਦ ਨੇ ਕਿਹਾ ਕਿ ਪੰਜ ਸੂਬਿਆਂ 'ਚ ਹਾਰ ਦੇ ਕਾਰਨਾਂ 'ਤੇ ਵਰਕਿੰਗ ਕਮੇਟੀ ਤੋਂ ਸੁਝਾਅ ਮੰਗੇ ਗਏ ਸੀ। ਕਈ ਨੇਤਾਵਾਂ ਦਾ ਆਪਸ ਵਿਚ ਬੋਲਣਾ ਆਸਾਨ ਨਹੀਂ ਹੁੰਦਾ, ਇਸ ਲਈ ਇਕੱਠੇ ਹੋ ਕੇ ਵਿਸਥਾਰ ਨਾਲ ਗੱਲ ਕੀਤੀ। ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਵਿਚ ਵਿਰੋਧੀ ਪਾਰਟੀਆਂ ਨੂੰ ਹਰਾਉਣ ਲਈ ਇਕਜੁੱਟ ਹੋ ਕੇ ਲੜਨ ਬਾਰੇ ਵਿਚਾਰ ਵਟਾਂਦਰਾ ਕੀਤਾ ਗਿਆ। ਉਹਨਾਂ ਕਿਹਾ ਕਿ ਕਾਂਗਰਸ ਪ੍ਰਧਾਨ ਨਾਲ ਉਹਨਾਂ ਦੀ ਚੰਗੀ ਮੁਲਾਕਾਤ ਹੋਈ ਹੈ। ਬੈਠਕ 'ਚ ਆਗਾਮੀ ਚੋਣਾਂ ਦੀ ਤਿਆਰੀ ਕਿਵੇਂ ਕਰਨੀ ਹੈ ਅਤੇ ਆਪਣੀ ਪਾਰਟੀ ਨੂੰ ਕਿਵੇਂ ਮਜ਼ਬੂਤ ​​ਕਰਨਾ ਹੈ ਅਤੇ ਵਿਰੋਧੀ ਪਾਰਟੀਆਂ ਦਾ ਮੁਕਾਬਲਾ ਕਿਵੇਂ ਕਰਨਾ ਹੈ, ਇਸ 'ਤੇ ਚਰਚਾ ਕੀਤੀ ਗਈ। ਇਸ ਤੋਂ ਪਹਿਲਾਂ ਵੀਰਵਾਰ ਨੂੰ ਸੋਨੀਆ ਗਾਂਧੀ ਨੇ ਆਜ਼ਾਦ ਨਾਲ ਦੋ ਵਾਰ ਫੋਨ 'ਤੇ ਗੱਲ ਕੀਤੀ।

Sonia Gandhi

ਆਜ਼ਾਦ ਦੀ ਕਾਂਗਰਸ ਪ੍ਰਧਾਨ ਨਾਲ ਮੁਲਾਕਾਤ ਤੋਂ ਇਕ ਦਿਨ ਪਹਿਲਾਂ ਵੀਰਵਾਰ ਨੂੰ ਇਸ ਗਰੁੱਪ ਦੇ ਮੈਂਬਰ ਭੁਪਿੰਦਰ ਸਿੰਘ ਹੁੱਡਾ ਨੇ ਪਾਰਟੀ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਨਾਲ ਮੁਲਾਕਾਤ ਕੀਤੀ ਸੀ। ਸੂਤਰਾਂ ਦਾ ਕਹਿਣਾ ਹੈ ਕਿ ਰਾਹੁਲ ਗਾਂਧੀ ਨਾਲ ਇਕ ਘੰਟੇ ਤੋਂ ਵੱਧ ਸਮੇਂ ਤੱਕ ਚੱਲੀ ਮੀਟਿੰਗ ਦੌਰਾਨ ਹਾਲ ਹੀ ਵਿਚ ਹੋਈਆਂ ਵਿਧਾਨ ਸਭਾ ਚੋਣਾਂ ਦੇ ਨਤੀਜਿਆਂ ਅਤੇ ਪਾਰਟੀ ਨੂੰ ਮਜ਼ਬੂਤ ​​ਕਰਨ ਬਾਰੇ ਵਿਚਾਰ ਵਟਾਂਦਰਾ ਕੀਤਾ ਗਿਆ। ਰਾਹੁਲ ਗਾਂਧੀ ਨੇ ਹਰਿਆਣਾ ਦੇ ਸਿਆਸੀ ਹਾਲਾਤ 'ਤੇ ਗੱਲਬਾਤ ਲਈ ਹੁੱਡਾ ਨੂੰ ਬੁਲਾਇਆ ਸੀ।

Rahul Gandhi

ਹਾਲ ਹੀ ਵਿਚ ਹੋਈਆਂ ਵਿਧਾਨ ਸਭਾ ਚੋਣਾਂ ਵਿਚ ਕਾਂਗਰਸ ਦੀ ਹਾਰ ਤੋਂ ਬਾਅਦ ਇਸ ਗਰੁੱਪ ਦੀ ਸਰਗਰਮੀ ਵਧ ਗਈ ਹੈ। ਇਸ ਦੇ ਇਕ ਹੋਰ ਪ੍ਰਮੁੱਖ ਮੈਂਬਰ ਕਪਿਲ ਸਿੱਬਲ ਨੇ ਹਾਲ ਹੀ ਵਿਚ ਇਕ ਇੰਟਰਵਿਊ ਵਿਚ ਕਿਹਾ ਸੀ ਕਿ ਗਾਂਧੀ ਪਰਿਵਾਰ ਨੂੰ ਕਾਂਗਰਸ ਲੀਡਰਸ਼ਿਪ ਛੱਡ ਕੇ ਕਿਸੇ ਹੋਰ ਨੇਤਾ ਨੂੰ ਮੌਕਾ ਦੇਣਾ ਚਾਹੀਦਾ ਹੈ। ਇਸ ਤੋਂ ਬਾਅਦ ਗਾਂਧੀ ਪਰਿਵਾਰ ਦੇ ਕਰੀਬੀ ਮੰਨੇ ਜਾਂਦੇ ਕੁਝ ਨੇਤਾਵਾਂ ਨੇ ਸਿੱਬਲ ਖਿਲਾਫ਼ ਕਾਰਵਾਈ ਦੀ ਮੰਗ ਕੀਤੀ ਸੀ।