ਸੰਤ ਸੀਚੇਵਾਲ ਵੱਲੋਂ ਰਾਜ ਸਭਾ ਵਿੱਚ ਧਾਰਮਿਕ ਗ੍ਰੰਥਾਂ ਦੀ ਬੇਅਦਬੀ ਰੋਕਣ ਲਈ ਸਖ਼ਤ ਕਾਨੂੰਨ ਦੀ ਮੰਗ
ਬਰਗਾੜੀ ਤੇ ਨਕੋਦਰ ਕਾਂਡ ਦਾ ਜ਼ਿਕਰ, ਸਮਾਣਾ ਮੋਰਚੇ ਦੀ ਵੀ ਉਠਾਈ ਆਵਾਜ਼
ਨਵੀਂ ਦਿੱਲੀ: ਲੋਕਾਂ ਦੀਆਂ ਧਾਰਮਿਕ ਭਾਵਨਾਵਾਂ ਨੂੰ ਮੱਦੇਨਜ਼ਰ ਰੱਖਦਿਆਂ ਰਾਜ ਸਭਾ ਮੈਂਬਰ ਸੰਤ ਬਲਬੀਰ ਸਿੰਘ ਸੀਚੇਵਾਲ ਨੇ ਸਦਨ ਵਿੱਚ ਸਪੈਸ਼ਲ ਮੈਨਸ਼ਨ ਦੌਰਾਨ ਧਾਰਮਿਕ ਗ੍ਰੰਥਾਂ ਦੀ ਬੇਅਦਬੀ ਦੇ ਮਾਮਲਿਆਂ 'ਤੇ ਗੰਭੀਰ ਚਿੰਤਾ ਪ੍ਰਗਟਾਈ, ਜਿਸਨੂੰ ਰਾਜ ਸਭਾ ਵੱਲੋਂ ਸਵੀਕਾਰ ਕਰ ਲਿਆ ਗਿਆ। ਉਨ੍ਹਾਂ ਨੇ ਕੇਂਦਰ ਸਰਕਾਰ ਕੋਲੋਂ ਮੰਗ ਕੀਤੀ ਕਿ ਦੇਸ਼ ਭਰ ਵਿੱਚ ਪਵਿੱਤਰ ਗ੍ਰੰਥਾਂ ਦੀ ਬੇਅਦਬੀ ਨੂੰ ਰੋਕਣ ਲਈ ਇੱਕ ਸਖ਼ਤ ਅਤੇ ਪ੍ਰਭਾਵਸ਼ਾਲੀ ਕਾਨੂੰਨ ਬਣਾਇਆ ਜਾਵੇ, ਤਾਂ ਜੋ ਭਵਿੱਖ ਵਿੱਚ ਕੋਈ ਵੀ ਅਜਿਹੀ ਹਰਕਤ ਕਰਨ ਦੀ ਹਿੰਮਤ ਨਾ ਕਰ ਸਕੇ।
ਸੰਤ ਸੀਚੇਵਾਲ ਨੇ ਸਦਨ ਨੂੰ ਦੱਸਿਆ ਕਿ ਭਾਰਤ ਵਿੱਚ ਅਜਿਹੀਆਂ ਘਟਨਾਵਾਂ ਦੇ ਸਪਸ਼ਟ ਰਾਸ਼ਟਰੀ ਅੰਕੜੇ ਮੌਜੂਦ ਨਹੀਂ ਹਨ, ਪਰ ਵੱਖ-ਵੱਖ ਸਰੋਤਾਂ ਮੁਤਾਬਕ ਹਰ ਸਾਲ ਸੈਂਕੜਿਆਂ ਕੇਸ ਸਾਹਮਣੇ ਆ ਰਹੇ ਹਨ ਜੋ ਲੋਕਾਂ ਦੀਆਂ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਂਦੇ ਹਨ। ਉਨ੍ਹਾਂ ਨੇ ਪੰਜਾਬ ਦੇ 2015 ਦੇ ਬਰਗਾੜੀ ਬੇਅਦਬੀ ਕਾਂਡ ਅਤੇ 1986 ਦੇ ਨਕੋਦਰ ਮਾਮਲੇ ਦਾ ਜ਼ਿਕਰ ਕਰਦਿਆਂ ਕਿਹਾ ਕਿ ਇਨ੍ਹਾਂ ਘਟਨਾਵਾਂ ਨੇ ਅੱਜ ਵੀ ਸਿੱਖ ਸੰਗਤ ਦੇ ਮਨਾਂ ਵਿੱਚ ਡੂੰਘਾ ਰੋਸ ਪੈਦਾ ਕੀਤਾ ਹੋਇਆ ਹੈ।
ਇਸ ਦੇ ਨਾਲ ਹੀ ਉਨ੍ਹਾਂ ਸਮਾਣਾ ਵਿੱਚ ਚੱਲ ਰਹੇ ਮੋਰਚੇ ਦੀ ਵੀ ਗੱਲ ਕੀਤੀ, ਜਿੱਥੇ ਲੋਕ ਧਾਰਮਿਕ ਗ੍ਰੰਥਾਂ ਦੀ ਸੁਰੱਖਿਆ ਲਈ ਸਖ਼ਤ ਕਾਨੂੰਨ ਦੀ ਮੰਗ ਕਰ ਰਹੇ ਹਨ। ਸੰਤ ਸੀਚੇਵਾਲ ਨੇ ਜ਼ੋਰ ਦੇ ਕੇ ਕਿਹਾ ਕਿ ਧਾਰਮਿਕ ਗ੍ਰੰਥ ਸਿਰਫ ਕਿਤਾਬਾਂ ਨਹੀਂ, ਸਗੋਂ ਆਤਮਿਕ ਮਾਰਗਦਰਸ਼ਕ ਹੁੰਦੇ ਹਨ। ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਨੂੰ ਸਿੱਖ ਧਰਮ ਵਿੱਚ ਜਿਊਂਦੀ ਜੋਤ ਵਜੋਂ ਮੰਨਿਆ ਜਾਂਦਾ ਹੈ।
ਉਨ੍ਹਾਂ ਕਿਹਾ ਕਿ ਅਜਿਹੀਆਂ ਘਟਨਾਵਾਂ ਨਾ ਸਿਰਫ ਮਨੁੱਖਤਾ ਨੂੰ ਸ਼ਰਮਸਾਰ ਕਰਦੀਆਂ ਹਨ, ਸਗੋਂ ਕਾਨੂੰਨ-ਵਿਵਸਥਾ ਅਤੇ ਸਰਕਾਰਾਂ ਦੀ ਕਾਰਗੁਜ਼ਾਰੀ 'ਤੇ ਵੀ ਗੰਭੀਰ ਸਵਾਲ ਖੜ੍ਹੇ ਕਰਦੀਆਂ ਹਨ। ਸੰਤ ਸੀਚੇਵਾਲ ਨੇ ਮੰਗ ਕੀਤੀ ਕਿ ਮਾਮਲਿਆਂ ਦੀ ਸੱਚਾਈ ਸਾਹਮਣੇ ਲਿਆਉਣ ਲਈ ਇੱਕ ਵਿਸ਼ੇਸ਼ ਜਾਂਚ ਟੀਮ ਦਾ ਗਠਨ ਕੀਤਾ ਜਾਵੇ, ਜੋ ਨਿਰਪੱਖ ਅਤੇ ਤੇਜ਼ੀ ਨਾਲ ਜਾਂਚ ਕਰਕੇ ਦੋਸ਼ੀਆਂ ਦੀ ਪਛਾਣ ਕਰੇ ਅਤੇ ਉਨ੍ਹਾਂ ਨੂੰ ਸਖ਼ਤ ਸਜ਼ਾ ਦਿੱਤੀ ਜਾਵੇ।