ਲਖੀਮਪੁਰ ਖੇੜੀ ਮਾਮਲਾ: ਸੁਪਰੀਮ ਕੋਰਟ ਨੇ ਆਸ਼ੀਸ਼ ਮਿਸ਼ਰਾ ਦੀ ਜ਼ਮਾਨਤ ਕੀਤੀ ਰੱਦ

ਏਜੰਸੀ

ਖ਼ਬਰਾਂ, ਰਾਸ਼ਟਰੀ

ਸੁਪਰੀਮ ਕੋਰਟ ਨੇ ਉਸ ਨੂੰ ਇਕ ਹਫ਼ਤੇ ਅੰਦਰ ਆਤਮ ਸਮਰਪਣ ਕਰਨ ਦਾ ਹੁਕਮ ਦਿੱਤਾ ਹੈ।

Supreme Court cancels bail granted to Ashish Mishra


ਨਵੀਂ ਦਿੱਲੀ: ਲਖੀਮਪੁਰ ਖੇੜੀ ਘਟਨਾ ਦੇ ਮੁੱਖ ਦੋਸ਼ੀ ਅਤੇ ਕੇਂਦਰੀ ਗ੍ਰਹਿ ਰਾਜ ਮੰਤਰੀ ਅਜੈ ਮਿਸ਼ਰਾ ਟੈਨੀ ਦੇ ਬੇਟੇ ਆਸ਼ੀਸ਼ ਮਿਸ਼ਰਾ ਦੀ ਜ਼ਮਾਨਤ ਰੱਦ ਕਰ ਦਿੱਤੀ ਗਈ ਹੈ। ਅੱਜ ਮਾਮਲੇ ਦੀ ਸੁਣਵਾਈ ਕਰਦਿਆਂ ਸੁਪਰੀਮ ਕੋਰਟ ਨੇ ਉਸ ਨੂੰ ਇਕ ਹਫ਼ਤੇ ਅੰਦਰ ਆਤਮ ਸਮਰਪਣ ਕਰਨ ਦਾ ਹੁਕਮ ਦਿੱਤਾ ਹੈ। ਸੁਪਰੀਮ ਕੋਰਟ ਨੇ ਇਹ ਵੀ ਕਿਹਾ ਕਿ ਇਲਾਹਾਬਾਦ ਹਾਈ ਕੋਰਟ ਨੇ ਪੀੜਤ ਧਿਰ ਦੀ ਸੁਣਵਾਈ ਨਹੀਂ ਕੀਤੀ। ਸੁਪਰੀਮ ਕੋਰਟ ਨੇ ਕਿਹਾ ਕਿ ਐਫਆਈਆਰ, ਪੀੜਤ ਪਰਿਵਾਰ ਦਾ ਪੱਖ ਅਤੇ ਹੋਰ ਸਾਰੇ ਨੁਕਤਿਆਂ ਨੂੰ ਦੇਖਦੇ ਹੋਏ ਆਸ਼ੀਸ਼ ਮਿਸ਼ਰਾ ਦੀ ਜ਼ਮਾਨਤ ਤੁਰੰਤ ਰੱਦ ਕੀਤੀ ਜਾਵੇ।  

Supreme Court

ਹਾਲਾਂਕਿ ਆਸ਼ੀਸ਼ ਮਿਸ਼ਰਾ ਜ਼ਮਾਨਤ ਲਈ ਮੁੜ ਅਪੀਲ ਕਰ ਸਕਦੇ ਹਨ। ਸੁਪਰੀਮ ਕੋਰਟ ਨੇ ਹੁਕਮ ਦਿੱਤਾ ਹੈ ਕਿ ਆਸ਼ੀਸ਼ ਮਿਸ਼ਰਾ ਨੂੰ ਨਵੀਂ ਜ਼ਮਾਨਤ ਲਈ ਇਲਾਹਾਬਾਦ ਅਦਾਲਤ ਵਿਚ ਦੁਬਾਰਾ ਪਟੀਸ਼ਨ ਦਾਇਰ ਕਰਨੀ ਹੋਵੇਗੀ। ਇਲਾਹਾਬਾਦ ਹਾਈ ਕੋਰਟ ਇਸ 'ਤੇ ਮੁੜ ਵਿਚਾਰ ਕਰ ਸਕਦੀ ਹੈ। ਸੁਪਰੀਮ ਕੋਰਟ ਨੇ ਆਪਣੇ ਫੈਸਲੇ 'ਚ ਕਿਹਾ ਹੈ ਕਿ ਇਲਾਹਾਬਾਦ ਹਾਈ ਕੋਰਟ ਨੇ ਜ਼ਮਾਨਤ ਦੇਣ 'ਚ ਜਲਦਬਾਜ਼ੀ ਕੀਤੀ ਅਤੇ ਸਾਰੀਆਂ ਧਿਰਾਂ ਦੀ ਸੁਣਵਾਈ ਨਹੀਂ ਕੀਤੀ।

Lakhimpur Kheri Incident

ਰਾਕੇਸ਼ ਟਿਕੈਤ ਨੇ ਸੁਪਰੀਮ ਕੋਰਟ ਦਾ ਕੀਤਾ ਧੰਨਵਾਦ

ਫੈਸਲੇ ਦਾ ਸਵਾਗਤ ਕਰਦੇ ਹੋਏ ਕਿਸਾਨ ਆਗੂ ਰਾਕੇਸ਼ ਟਿਕੈਤ ਨੇ ਕਿਹਾ ਕਿ ਸੁਪਰੀਮ ਕੋਰਟ ਚੰਗਾ ਕੰਮ ਹੀ ਕਰਦੀ ਹੈ, ਬਸ਼ਰਤੇ ਉਸ ਨੂੰ ਕੰਮ ਕਰਨ ਦਿੱਤਾ ਜਾਵੇ। ਉਹਨਾਂ ਕਿਹਾ, “ਅਸੀਂ ਸਹੀ ਫੈਸਲਾ ਦੇਣ ਲਈ ਸੁਪਰੀਮ ਕੋਰਟ ਦਾ ਧੰਨਵਾਦ ਕਰਦੇ ਹਾਂ। ਸਰਕਾਰ ਵੱਲੋਂ ਪੈਰਵੀ ਹੋਣੀ ਚਾਹੀਦੀ ਹੈ।  ਉਸ ਵੱਲੋਂ ਢਿੱਲ ਰਹੀ ਹੈ। ਸਰਕਾਰ ਮੰਤਰੀ ਦੇ ਨਾਲ ਖੜ੍ਹੀ ਹੈ। ਸੁਪਰੀਮ ਕੋਰਟ ਨੇ ਵੱਡਾ ਫੈਸਲਾ ਸੁਣਾਇਆ ਹੈ”।

Rakesh Tikait

ਜ਼ਿਕਰਯੋਗ ਹੈ ਕਿ ਇਲਾਹਾਬਾਦ ਹਾਈ ਕੋਰਟ ਨੇ 10 ਫਰਵਰੀ ਨੂੰ ਆਸ਼ੀਸ਼ ਮਿਸ਼ਰਾ ਨੂੰ ਜ਼ਮਾਨਤ ਦੇ ਦਿੱਤੀ ਸੀ। ਆਸ਼ੀਸ਼ ਨੂੰ 129 ਦਿਨਾਂ ਬਾਅਦ 15 ਫਰਵਰੀ ਨੂੰ ਜੇਲ੍ਹ ਤੋਂ ਰਿਹਾਅ ਕੀਤਾ ਗਿਆ ਸੀ।