ਕੈਪਟਨ ਨੇ ਮੋਦੀ ਕੋਲ ਉਠਾਏ ਪੰਜਾਬ ਦੇ ਮੁੱਦੇ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਰਾਸ਼ਟਰੀ

ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਝੋਨੇ ਅਤੇ ਕਣਕ ਦੀ ਖਰੀਦ ਲਈ 31000 ਕਰੋੜ ਰੁਪਏ ਦੇ ਅਨਾਜ ਖਾਤੇ ਦੇ ਨਿਪਟਾਰੇ ਵਾਸਤੇ ਪ੍ਰਧਾਨ ਮੰਤਰੀ ...

Captain Amarinder Singh Talking to Narendra Modi

ਨਵੀਂ ਦਿੱਲੀ, ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਝੋਨੇ ਅਤੇ ਕਣਕ ਦੀ ਖਰੀਦ ਲਈ 31000 ਕਰੋੜ ਰੁਪਏ ਦੇ ਅਨਾਜ ਖਾਤੇ ਦੇ ਨਿਪਟਾਰੇ ਵਾਸਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਦਖ਼ਲ ਦੀ ਮੰਗ ਕੀਤੀ ਹੈ ਜੋ ਪਿਛਲੀ ਸੂਬਾ ਸਰਕਾਰ ਨ,ੇ ਸੂਬਾ ਤੇ ਕੇਂਦਰ ਸਰਕਾਰ ਵਿਚਕਾਰ ਨਿਪਟਾਉਣ ਦੀ ਥਾਂ ਗਲਤ ਰੂਪ ਵਿੱਚ ਆਪਣੇ ਸਿਰ ਲੈ ਲਿਆ ਸੀ। ਮੁੱਖ ਮੰਤਰੀ ਨੇ ਇਹ ਮੁੱਦਾ ਅੱਜ ਪ੍ਰਧਾਨ ਮੰਤਰੀ ਨਾਲ ਹੋਈ ਇਕ ਮੀਟਿੰਗ ਦੌਰਾਨ ਉਠਾਇਆ। 

ਮੁੱਖ ਮੰਤਰੀ ਨੇ 31000 ਕਰੋੜ ਰੁਪਏ ਦੀ ਰਾਸ਼ੀ ਵਿੱਚ 12 ਹਜ਼ਾਰ ਕਰੋੜ ਰੁਪਏ ਮੂਲ ਰਕਮ ਅਤੇ 19000 ਕਰੋੜ ਰੁਪਏ ਵਿਆਜ ਹੋਣ ਦੀ ਗੱਲ ਕਰਦੇ ਹੋਏ ਮੁੱਖ ਮੰਤਰੀ ਨੇ ਕਿਹਾ ਕਿ 2003-2004 ਤੋਂ ਭਾਰਤੀ ਖੁਰਾਕ ਨਿਗਮ (ਐਫ.ਸੀ.ਆਈ.) ਲਈ ਸੂਬਾ ਏਜੰਸੀਆਂ ਵੱਲੋਂ ਕੀਤੀ ਗਈ ਖਰੀਦ ਨਾਲ ਇਹ ਰਾਸ਼ੀ ਸਬੰਧਤ ਹੈ ਜਿਸ ਦੇ ਖਾਤਿਆਂ ਨੂੰ ਨਿਪਟਾਇਆ ਨਹੀਂ ਗਿਆ। 

ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਜਦੋਂ ਤੋਂ ਉਨ੍ਹਾਂ ਨੇ ਮੁੱਖ ਮੰਤਰੀ ਦਾ ਅਹੁਦਾ ਸੰਭਾਲਿਆ ਹੈ, ਉਦੋਂ ਤੋਂ ਹੀ ਉਹ ਇਹ ਮੁੱਦਾ ਉਠਾਉਂਦੇ ਆ ਰਹੇ ਹਨ। ਇਸ ਵੇਲੇ ਇਹ ਮੁੱਦਾ ਕੇਂਦਰੀ ਵਿੱਤ ਮੰਤਰਾਲੇ ਕੋਲ ਫੈਸਲੇ ਲਈ ਸੁਕਣੇ ਪਿਆ ਹੋਇਆ ਹੈ। ਕੈਪਟਨ ਅਮਰਿੰਦਰ ਸਿੰਘ ਨੇ ਅੱਗੇ ਕਿਹਾ ਕਿ ਸੂਬਾ ਪਹਿਲਾਂ ਹੀ 324 ਕਰੋੜ ਰੁਪਏ ਦੇ ਸਾਲਾਨਾ ਵਿਆਜ ਦੇ ਭੁਗਤਾਨ ਦੀ ਦੇਣਦਾਰੀ ਦਾ ਸਾਹਮਣਾ ਕਰ ਰਿਹਾ ਹੈ ਅਤੇ ਕੁੱਲ ਭੁਗਤਾਨ 65000 ਕਰੋੜ ਰੁਪਏ ਤੱਕ ਪਹੁੰਚ ਜਾਵੇਗਾ। ਇਹ ਬੋਝ ਸੂਬੇ ਲਈ ਪੂਰੀ ਤਰ੍ਹਾਂ ਨਾ ਸਹਾਰਨ ਯੋਗ ਹੈ। 

ਉਨ੍ਹਾਂ ਨੇ ਪੰਜਾਬ ਦੇ ਸਰਹੱਦੀ ਇਲਾਕੇ ਦੇ ਵਿਕਾਸ ਲਈ ਵਿਸ਼ੇਸ਼ ਪੈਕੇਜ ਦੀ ਮੰਗ ਦੁਹਰਾਈ ਅਤੇ ਸਰਹੱਦੀ ਇਲਾਕਾ ਵਿਕਾਸ ਫੰਡ ਦੀ ਵੰਡ ਬਾਰੇ ਮਾਪਦੰਡ ਪੰਜਾਬ ਦੇ ਹੱਕ ਵਿਚ ਨਾ ਹੋਣ ਦੀ ਗੱਲ ਆਖੀ ਅਤੇ ਉਨ੍ਹਾਂ ਨੇ ਇਸ ਸਬੰਧ ਵਿੱਚ ਤਰੁੱਟੀਆਂ ਦੂਰ ਕਰਨ ਲਈ ਮੋਦੀ ਨੂੰ ਬੇਨਤੀ ਕੀਤੀ। ਉਨ੍ਹਾਂ ਨੇ ਨਵੰਬਰ, 2019 ਵਿੱਚ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਉਤਸਵ ਸਬੰਧੀ ਕੇਂਦਰੀ ਵਿੱਤੀ ਸਹਾਇਤਾ ਲਈ ਵੀ ਪ੍ਰਧਾਨ ਮੰਤਰੀ ਨੂੰ ਬੇਨਤੀ ਕੀਤੀ। ਮੁੱਖ ਮੰਤਰੀ ਨੇ ਪ੍ਰਧਾਨ ਮੰਤਰੀ ਨੂੰ ਅਪੀਲ ਕੀਤੀ ਕਿ ਇਸ ਯਾਦਗਾਰੀ ਸਮਾਗਮ ਲਈ ਕੌਮੀ ਪੱਧਰ 'ਤੇ ਪ੍ਰਬੰਧਕੀ ਕਮੇਟੀ ਦਾ ਗਠਨ ਕੀਤਾ ਜਾਵੇ।

 ਜਲ੍ਹਿਆਂਵਾਲਾ ਬਾਗ਼ ਦੇ ਸਾਕੇ ਦੇ 100 ਵਰ੍ਹੇ ਪੂਰੇ ਹੋਣ 'ਤੇ 13 ਅਪ੍ਰੈਲ, 2019 ਨੂੰ ਅਮ੍ਰਿੰਤਸਰ ਵਿਖੇ ਇਸ ਦਿਹਾੜੇ ਨੂੰ ਮਨਾਏ ਜਾਣ ਅਤੇ ਜਲ੍ਹਿਆਂਵਾਲਾ ਬਾਗ਼ ਟਰੱਸਟ  ਦੇ ਚੇਅਰਮੈਨ ਪ੍ਰਧਾਨ ਮੰਤਰੀ ਹੋਣ ਦੇ ਨਾਤੇ ਸ੍ਰੀ ਮੋਦੀ ਨੂੰ ਇਸ ਯਾਦਗਾਰ ਅਤੇ ਅੰਮ੍ਰਿਤਸਰ ਵਿੱਚ ਹੋਰ ਸਹੂਲਤਾਂ ਮੁਹੱਈਆ ਕਰਵਾਉਣ ਲਈ 100 ਕਰੋੜ ਰੁਪਏ ਦੀ ਗ੍ਰਾਂਟ ਦੇਣ ਦੀ ਅਪੀਲ ਕੀਤੀ। ਮÎੁੱਖ ਮੰਤਰੀ ਨੇ ਪ੍ਰਧਾਨ ਮੰਤਰੀ ਕੋਲ ਸੂਬੇ ਦੇ ਕਿਸਾਨਾਂ ਦੀਆਂ ਸਮੱਸਿਆਵਾਂ ਦਾ ਜ਼ਿਕਰ ਕਰਦਿਆਂ ਕੌਮੀ ਖੇਤੀ ਕਰਜ਼ਾ ਸਕੀਮ ਲਈ  ਰਾਸ਼ਟਰੀ ਕ੍ਰਿਸ਼ੀ ਵਿਕਾਸ ਯੋਜਨਾ ਤਹਿਤ 100 ਫੀਸਦੀ ਕੇਂਦਰੀ ਫੰਡ ਮੁਹੱਈਆ ਕਰਵਾਉਣ ਲਈ ਵੀ ਆਖਿਆ।

ਮੀਟਿੰਗ ਦੌਰਾਨ ਮੁੱਖ ਮੰਤਰੀ ਨੇ ਮੱਕੀ, ਦਾਲਾਂ ਅਤੇ ਤੇਲ ਬੀਜਾਂ ਵਰਗੀਆਂ ਬਦਲਵੀਆਂ ਫ਼ਸਲਾਂ ਦੀ ਖ਼ਰੀਦ ਕੇਂਦਰੀ ਏਜੰਸੀਆਂ ਪਾਸੋਂ ਕੀਤੇ ਜਾਣ ਦੀ ਮੰਗ ਵੀ ਦੁਹਰਾਈ। ਰਾਵੀ ਵਿਖੇ ਸ਼ਾਹਪੁਰ ਕੰਡੀ ਪ੍ਰੋਜੈਕਟ ਨੂੰ ਛੇਤੀ ਪ੍ਰਵਾਨਗੀ ਦੇਣ ਦੀ ਮੰਗ ਕਰਦਿਆਂ ਮੁੱਖ ਮੰਤਰੀ ਨੇ ਆਖਿਆ ਕਿ ਇਸ ਪ੍ਰੋਜੈਕਟ ਨਾਲ ਰਾਵੀ ਦੇ ਪਾਣੀਆਂ ਦੀ ਹੋਰ ਪ੍ਰਭਾਵੀ ਤਰੀਕੇ ਨਾਲ ਵਰਤੋਂ ਕੀਤੇ ਜਾਣ ਦੇ ਨਾਲ-ਨਾਲ ਰਣਜੀਤ ਸਾਗਰ ਡੈਮ ਦੀ ਕੁਸ਼ਲਤਾ ਵਿੱਚ ਵੀ ਸੁਧਾਰ ਹੋਣ 'ਚ ਮਦਦ ਮਿਲੇਗੀ।