ਲੌਕਡਾਊਨ ਦੀਆਂ ਅਫ਼ਵਾਹਾਂ ਨੂੰ ਦਰਕਿਨਾਰ ਕਰ ਕੇ ਅਨਲੌਕ 2.0 ਦੀ ਯੋਜਨਾ ਬਣਾਉਣ ਸੂਬੇ-ਪੀਐਮ ਮੋਦੀ

ਏਜੰਸੀ

ਖ਼ਬਰਾਂ, ਰਾਸ਼ਟਰੀ

ਦੇਸ਼ ਵਿਚ ਕੋਰੋਨਾ ਵਾਇਰਸ ਨਾਲ ਸੰਕਰਮਿਤ ਮਰੀਜ਼ਾਂ ਦੀ ਗਿਣਤੀ 3.5 ਲੱਖ ਨੂੰ ਪਾਰ ਕਰ ਗਈ ਹੈ।

PM Modi

ਨਵੀਂ ਦਿੱਲੀ: ਦੇਸ਼ ਵਿਚ ਕੋਰੋਨਾ ਵਾਇਰਸ ਨਾਲ ਸੰਕਰਮਿਤ ਮਰੀਜ਼ਾਂ ਦੀ ਗਿਣਤੀ 3.5 ਲੱਖ ਨੂੰ ਪਾਰ ਕਰ ਗਈ ਹੈ। ਇਸ ਦੌਰਾਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਲਗਾਤਾਰ ਦੂਜੇ ਦਿਨ ਸਾਰੇ ਸੂਬਿਆਂ ਦੇ ਮੁੱਖ ਮੰਤਰੀਆਂ ਨਾਲ ਮੀਟਿੰਗ ਕੀਤੀ। ਇਸ ਮੁਲਾਕਾਤ ਵਿਚ ਪੀਐਮ ਮੋਦੀ ਨੇ ਕਿਹਾ ਕਿ ਹੁਣ ਤਾਲਾਬੰਦੀ ਦੀਆਂ ਅਫਵਾਹਾਂ ਨਾਲ ਲੜਨ ਅਤੇ ਅਨਲੌਕ 2.0 ਦੀ ਯੋਜਨਾ ਬਣਾਉਣ ਦੀ ਲੋੜ ਹੈ।

ਦੂਜੇ ਦਿਨ ਸੂਬਿਆਂ ਦੇ ਮੁੱਖ ਮੰਤਰੀਆਂ ਨਾਲ ਵੀਡੀਓ ਕਾਨਫਰੰਸ ਵਿਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅਨਲੌਕ -1 ਬਾਰੇ ਵਿਚਾਰ ਚਰਚਾ ਕੀਤੀ। ਇਸ ਦੇ ਨਾਲ ਪੀਐਮ ਮੋਦੀ ਨੇ ਕਿਹਾ ਕਿ ਮੌਜੂਦਾ ਟੈਸਟਿੰਗ ਸਮਰੱਥਾ ਦੀ ਪੂਰੀ ਵਰਤੋਂ ਕੀਤੀ ਜਾਣੀ ਚਾਹੀਦੀ ਹੈ। ਇਸ ਦੇ ਨਾਲ ਹੀ ਇਸ ਨੂੰ ਲਗਾਤਾਰ ਵਧਾਉਣ ਲਈ ਯਤਨ ਕੀਤੇ ਜਾਣੇ ਚਾਹੀਦੇ ਹਨ।

ਉੱਥੇ ਹੀ ਕੁਝ ਅਜਿਹੀਆਂ ਅਫ਼ਵਾਹਾਂ ਹਨ ਕਿ ਦੇਸ਼ ਵਿਚ ਵਧ ਰਹੇ ਕੋਰੋਨਾ ਮਾਮਲਿਆਂ ਕਾਰਨ ਫਿਰ ਤੋਂ ਲੌਕਡਾਊਨ ਲਾਗੂ ਕੀਤਾ ਜਾ ਸਕਦਾ ਹੈ। ਹਾਲਾਂਕਿ ਇਸ ਨੂੰ ਲੈ ਕੇ ਪੀਐਮ ਮੋਦੀ ਨੇ ਕਿਹਾ ਕਿ ਹੁਣ ਲੌਕਡਾਊਨ ਦੀਆਂ ਅਫ਼ਵਾਹਾਂ ਨਾਲ ਲੜਨ ਅਤੇ ਅਨਲੌਕ 2.0 ਦੀ ਯੋਜਨਾ ਬਣਾਉਣ ਦੀ ਲੋੜ ਹੈ। ਪੀਐਮ ਮੋਦੀ ਨੇ ਕਿਹਾ ਕਿ ਵਾਇਰਸ ਦਾ ਫੈਲਾਅ ਵੱਡੇ ਸੂਬਿਆਂ ਅਤੇ ਸ਼ਹਿਰਾਂ ਵਿਚ ਜ਼ਿਆਦਾ ਹੈ।

ਪੀਐਮ ਮੋਦੀ ਨੇ ਇਸ ਬੈਠਕ ਵਿਚ ਆਰਥਕ ਗਤੀਵਿਧੀਆਂ ਵਿਚ ਤੇਜ਼ੀ ਲਿਆਉਣ ਦੀ ਗੱਲ ਕਹੀ। ਪੀਐਮ ਮੋਦੀ ਨੇ ਕਿਹਾ ਕਿ ਸੂਬੇ ਬੁਨਿਆਦੀ ਢਾਂਚੇ ਅਤੇ ਨਿਰਮਾਣ ਸਬੰਧੀ ਕਾਰਜਾਂ ਵਿਚ ਵਾਧਾ ਕਰਨ ਲਈ ਕਦਮ ਚੁੱਕਣ। ਇਸ ਦੇ ਨਾਲ ਹੀ ਪੀਐਮ ਮੋਦੀ ਨੇ ਕਿਹਾ ਕਿ ਸੂਬੇ ਆਉਣ ਵਾਲੇ ਮਹੀਨਿਆਂ ਵਿਚ ਪ੍ਰਵਾਸੀ ਮਜ਼ਦੂਰਾਂ ਸਾਹਮਣੇ ਆਉਣ ਵਾਲੀਆਂ ਚੁਣੌਤੀਆਂ ਨਾਲ ਨਜਿੱਠਣ ਲਈ ਕਦਮ ਚੁੱਕਣ।