ਆਦਰਸ਼ ਚੋਣ ਜ਼ਾਬਤੇ ਦੇ ਉਲੰਘਣਾ ਕਰਨ ਲਈ ਚੋਣ ਕਮਿਸ਼ਨ ਵਲੋਂ CM ਅਰਵਿੰਦ ਕੇਜਰੀਵਾਲ ਖ਼ਿਲਾਫ਼ FIR ਦੇ ਨਿਰਦੇਸ਼

ਏਜੰਸੀ

ਖ਼ਬਰਾਂ, ਰਾਸ਼ਟਰੀ

ਇਹ ਕਾਰਵਾਈ ਅਕਾਲੀ ਦਲ ਦੇ ਮੀਤ ਪ੍ਰਧਾਨ ਵਲੋਂ ਚੋਣ ਕਮਿਸ਼ਨ ਨੂੰ ਸੌਂਪੀ ਗਈ ਵੀਡੀਓ ਦੇ ਆਧਾਰ ’ਤੇ ਕੀਤੀ ਗਈ ਹੈ।

Arvind Kejriwal


ਚੰਡੀਗੜ੍ਹ:  ਪੰਜਾਬ ਦੇ ਮੁੱਖ ਚੋਣ ਅਧਿਕਾਰੀ ਨੇ ਚੋਣ ਜ਼ਾਬਤੇ ਦੀ ਉਲੰਘਣਾ ਕਰਨ ਲਈ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਖ਼ਿਲਾਫ਼ ਐਫਆਈਆਰ ਦਰਜ ਕਰਨ ਲਈ ਮੋਹਾਲੀ ਦੇ ਡਿਪਟੀ ਕਮਿਸ਼ਨਰ ਅਤੇ ਐਸਐਸਪੀ ਨੂੰ ਨਿਰਦੇਸ਼ ਦਿੱਤੇ ਹਨ। ਇਹ ਕਾਰਵਾਈ ਅਕਾਲੀ ਦਲ ਦੇ ਮੀਤ ਪ੍ਰਧਾਨ ਵਲੋਂ ਚੋਣ ਕਮਿਸ਼ਨ ਨੂੰ ਸੌਂਪੀ ਗਈ ਵੀਡੀਓ ਦੇ ਆਧਾਰ ’ਤੇ ਕੀਤੀ ਗਈ ਹੈ।


Photo

ਸ਼ਿਕਾਇਤ ਅਨੁਸਾਰ ਦੂਜੀਆਂ ਪਾਰਟੀਆਂ ਵਿਰੁੱਧ ਬੇਤੁਕੇ ਦੋਸ਼ ਲਗਾਉਣ ਦੇ ਮਾਮਲੇ ਵਿਚ ਇਹ ਕਾਰਵਾਈ ਕੀਤੀ ਗਈ ਹੈ। ਇਹ ਹਦਾਇਤ ਪੰਜਾਬ ਵਿਧਾਨ ਸਭਾ ਚੋਣਾਂ ਤੋਂ ਇਕ ਦਿਨ ਪਹਿਲਾਂ ਦਿੱਤੀ ਗਈ ਹੈ। ਅਕਾਲੀ ਦਲ ਦੇ ਬੁਲਾਰੇ ਅਰਸ਼ਦੀਪ ਸਿੰਘ ਨੇ ਕਿਹਾ ਕਿ ਪੰਜਾਬ ਵਿਚ ਇਕ ਪਾਰਟੀ ਚੋਣ ਲੜ ਰਹੀ ਹੈ, ਜਿਸ ਦਾ ਕੰਮ ਗੁੰਮਰਾਹ ਕਰਨਾ, ਪ੍ਰਚਾਰਨਾ ਅਤੇ ਝੂਠ ਬੋਲਣਾ ਹੈ। ਉਹ ਸੰਵਿਧਾਨਕ ਸੰਸਥਾਵਾਂ ਲਈ ਵੀ ਝੂਠ ਬੋਲ ਰਹੀ ਹੈ।

Arvind Kejriwal

ਸ਼ਿਕਾਇਤ ਵਿਚ ਅਕਾਲੀ ਆਗੂਆਂ ਨੇ ਚੋਣ ਕਮਿਸ਼ਨ ਨੂੰ ਇਕ ਵੀਡੀਓ ਸੌਂਪੀ ਸੀ ਜਿਸ ਵਿਚ ਕਥਿਤ ਤੌਰ ’ਤੇ ਪੰਜਾਬ ਵਿਚ ਇਸ ਵਾਰ ਝਾੜੂ (ਆਪ ਦਾ ਚੋਣ ਨਿਸ਼ਾਨ) ਚਲਾਉਣ ਦੀ ਗੱਲ ਨੂੰ ਗੀਤ ਵਜੋਂ ਪੇਸ਼ ਕੀਤਾ ਗਿਆ ਹੈ। ਵੀਡੀਓ ਵਿਚ ਕਥਿਤ ਤੌਰ 'ਤੇ ਚਰਨਜੀਤ ਸਿੰਘ ਚੰਨੀ, ਸੁਖਬੀਰ ਸਿੰਘ ਬਾਦਲ ਅਤੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀਆਂ ਤਸਵੀਰਾਂ ਦੀ ਵਰਤੋਂ ਕਰਕੇ ਉਹਨਾਂ ਨੂੰ ਗੱਦਾਰ ਦੱਸਿਆ ਗਿਆ ਹੈ।

Election Commission

ਆਰੋਪ ਹੈ ਕਿ ਵੀਡੀਓ 'ਚ ਅਕਾਲੀ ਦਲ ਅਤੇ ਹੋਰ ਵਿਰੋਧੀ ਪਾਰਟੀਆਂ ਦੇ ਨੇਤਾਵਾਂ ਦੇ ਅਕਸ ਨੂੰ ਜਨਤਾ ਦੇ ਸਾਹਮਣੇ ਖਰਾਬ ਕਰਨ ਦੀ ਕੋਸ਼ਿਸ਼ ਕੀਤੀ ਗਈ ਹੈ। ਇਸ ਵੀਡੀਓ ਦਾ ਨੋਟਿਸ ਲੈਂਦਿਆਂ ਚੋਣ ਕਮਿਸ਼ਨ ਨੂੰ ਅਰਵਿੰਦ ਕੇਜਰੀਵਾਲ ਖਿਲਾਫ ਐਫਆਈਆਰ ਦਰਜ ਕਰਨ ਦੀ ਅਪੀਲ ਕੀਤੀ ਗਈ ਸੀ।