ਕੋਵਿਡ ਵੈਕਸੀਨ ’ਤੇ ਸਦਨ ਵਿਚ ਬੋਲੇ ਸਿਹਤ ਮੰਤਰੀ, ਕਿਹਾ ਵੈਕਸੀਨ ਪੂਰੀ ਤਰ੍ਹਾਂ ਸੁਰੱਖਿਅਤ
ਕੇਂਦਰੀ ਸਿਹਤ ਮੰਤਰੀ ਨੇ ਲੋਕਾਂ ਨੂੰ ਵੈਕਸੀਨ ਲੈਣ ਲਈ ਅਪੀਲ ਕੀਤੀ
ਨਵੀਂ ਦਿੱਲੀ: ਸੰਸਦ ਦੇ ਬਜਟ ਇਜਲਾਸ ਦਾ ਦੂਜਾ ਪੜਾਅ ਜਾਰੀ ਹੈ। ਇਸ ਦੌਰਾਨ ਕੇਂਦਰੀ ਸਿਹਤ ਮੰਤਰੀ ਡਾਕਟਰ ਹਰਸ਼ਵਰਧਨ ਸਿੰਘ ਨੇ ਲੋਕ ਸਭਾ ਵਿਚ ਕਿਹਾ ਕਿ ਕੋਰੋਨਾ ਵੈਕਸੀਨ ਨੂੰ ਲੈ ਕੇ ਕਿਸੇ ਨੂੰ ਕੋਈ ਸ਼ੰਕਾ ਨਹੀਂ ਹੋਣੀ ਚਾਹੀਦੀ। ਇਸ ਦੇ ਨਾਲ ਹੀ ਉਹਨਾਂ ਨੇ ਲੋਕਾਂ ਨੂੰ ਵੈਕਸੀਨ ਲੈਣ ਦੀ ਅਪੀਲ ਕੀਤੀ ਹੈ।
ਕੋਰੋਨਾ ਵੈਕਸੀਨ ਨੂੰ ਲੈ ਕੇ ਲੋਕਾਂ ਦੇ ਮਨਾਂ ਵਿਚ ਪੈਦਾ ਹੋ ਰਹੀ ਸ਼ੰਕਾ ਨੂੰ ਖਾਰਜ ਕਰਦਿਆਂ ਸਿਹਤ ਮੰਤਰੀ ਨੇ ਕਿਹਾ ਕਿ ਦੁਨੀਆਂ ਭਰ ਵਿਚ ਵਿਗਿਆਨਕ ਵਿਸ਼ਲੇਸ਼ਣ ਅਤੇ ਅਧਿਐਨ ਤੋਂ ਬਾਅਦ ਟੀਕਿਆਂ ਨੂੰ ਮਨਜ਼ੂਰੀ ਦਿੱਤੀ ਗਈ ਹੈ ਅਤੇ ਸਾਨੂੰ ਇਹਨਾਂ ’ਤੇ ਵਿਸ਼ਵਾਸ ਕਰਨਾ ਚਾਹੀਦਾ ਹੈ। ਉਹਨਾਂ ਕਿਹਾ ਕਿ ਪ੍ਰਧਾਨ ਮੰਤਰੀ ਦੀ ਅਗਵਾਈ ਵਿਚ ਸਰਕਾਰ ਨੇ ਟੀਕਿਆਂ ਦੀ ਜੋ ਸੁਵਿਧਾ ਉਪਲਬਧ ਕਰਵਾਈ ਹੈ, ਉਸ ਦਾ ਲਾਭ ਸਾਰਿਆਂ ਨੂੰ ਲੈਣਾ ਚਾਹੀਦਾ ਹੈ ਅਤੇ ਅਪਣੀ ਰਿਹਾਇਸ਼ ਦੇ ਨੇੜੇ ਨਿੱਜੀ ਜਾਂ ਸਰਕਾਰੀ ਹਸਪਤਾਲ ਵਿਚ ਜਾ ਕੇ ਟੀਕਾ ਲਗਾਉਣਾ ਚਾਹੀਦਾ ਹੈ।
ਦੱਸ ਦਈਏ ਕਿ ਦੇਸ਼ ਵਿਚ ਕੋਰੋਨਾ ਵਾਇਰਸ ਦਾ ਕਹਿਰ ਲਗਾਤਾਰ ਵਧਦਾ ਜਾ ਰਿਹਾ ਹੈ। ਇਸ ਦੌਰਾਨ ਕੋਰੋਨਾ ਵੈਕਸੀਨ ਲਗਾਉਣ ਦੀ ਪ੍ਰਕੀਰਿਆ ਵੀ ਜਾਰੀ ਹੈ। ਹੁਣ ਤੱਕ ਦੇਸ਼ ਵਿਚ ਕੁੱਲ 3,93,39,817 ਲੋਕਾਂ ਨੂੰ ਕੋਰੋਨਾ ਵਾਇਰਸ ਦੀ ਵੈਕਸੀਨ ਲਗਾਈ ਜਾ ਚੁੱਕੀ ਹੈ।
ਭਾਰਤ ਵਿਚ ਕੋਵਿਡ 19 ਦੇ ਨਵੇਂ ਮਾਮਲਿਆਂ ਵਿਚ 24 ਫ਼ੀਸਦੀ ਦਾ ਵਾਧਾ ਦੇਖਣ ਨੂੰ ਮਿਲਿਆ ਹੈ। ਸਿਹਤ ਮੰਤਰਾਲੇ ਵੱਲੋਂ ਜਾਰੀ ਤਾਜ਼ਾ ਰਿਪੋਰਟ ਅਨੁਸਾਰ, ਪਿਛਲੇ 24 ਘੰਟਿਆਂ ਵਿਚ 39,726 ਹਜ਼ਾਰ ਨਵੇਂ ਕੋਰੋਨਾ ਮਾਮਲੇ ਸਾਹਮਣੇ ਆਏ ਹਨ ਅਤੇ 154 ਲੋਕਾਂ ਨੇ ਆਪਣੀਆਂ ਜਾਨ ਗੁਆਈ ਹੈ। ਹਾਲਾਂਕਿ, 20,654 ਲੋਕ ਵੀ ਕੋਰੋਨਾ ਤੋਂ ਠੀਕ ਹੋਏ ਹਨ।