ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਨੂੰ ਵੀ ਹੋਇਆ ਕੋਰੋਨਾ, ਏਮਸ ਹਸਪਤਾਲ ’ਚ ਚੱਲ ਰਿਹੈ ਇਲਾਜ਼

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਰਾਸ਼ਟਰੀ

88 ਸਾਲਾ ਮਨਮੋਹਨ ਸਿੰਘ ਨੇ ਲਈਆਂ ਕੋਰੋਨਾ ਵੈਕਸੀਨ ਦੀਆਂ ਦੋਵੇਂ ਖੁਰਾਕਾਂ

Dr. Manmohan Singh

ਨਵੀਂ ਦਿੱਲੀ : ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਦੀ ਕੋਰੋਨਾ ਰਿਪੋਰਟ ਪਾਜ਼ੇਟਿਵ ਆਈ ਹੈ। ਉਨ੍ਹਾਂ ਨੂੰ ਇਲਾਜ਼ ਲਈ ਦਿੱਲੀ ਦੇ ਏਮਸ ਹਸਪਤਾਲ ਦੇ ਟਰੌਮਾ ਸੈਂਟਰ ਵਿਚ ਦਾਖ਼ਲ ਕਰਵਾਇਆ ਗਿਆ ਹੈ। 88 ਸਾਲਾ ਮਨਮੋਹਨ ਸਿੰਘ ਨੇ ਕੋਰੋਨਾ ਵੈਕਸੀਨ ਦੀਆਂ ਦੋਵੇਂ ਖੁਰਾਕਾਂ ਲਈਆਂ ਹਨ। ਏਮਸ ਵਲੋਂ ਜਾਰੀ ਕੀਤੇ ਗਏ ਬਿਆਨ ਮੁਤਾਬਕ ਡਾ. ਮਨਮੋਹਨ ਸਿੰਘ ਦਾ ਇਲਾਜ ਹਸਪਤਾਲ ਦੇ ਟਰੌਮਾ ਸੈਂਟਰ ਵਿਚ ਚੱਲ  ਰਿਹਾ ਹੈ।

ਮਨਮੋਹਨ ਸਿੰਘ ਦੇ ਕੋਰੋਨਾ ਪੀੜਤ ਹੋਣ ਦੀ ਖ਼ਬਰ ਫੈਲਣ ਬਾਅਦ ਉਨ੍ਹਾਂ ਦੇ ਪ੍ਰਸੰਸਕਾ ਵੱਲੋਂ ਉਨ੍ਹਾਂ ਦੀ ਸਿਹਤਯਾਬੀ ਲਈ ਅਰਦਾਸ ਕੀਤੀ ਜਾ ਰਹੀ ਹੈ। ਇਸ ਤੋਂ ਇਲਾਵਾ ਵੱਖ ਵੱਖ ਸਿਆਸੀ ਧਿਰਾਂ ਦੇ ਆਗੂਆਂ ਵੱਲੋਂ ਵੀ ਡਾ. ਮਨਮੋਹਨ ਸਿੰਘ ਦੇ ਛੇਤੀ ਸਿਹਤਯਾਬ ਹੋਣ ਦੀ ਕਾਮਨਾ ਕੀਤੀ ਹੈ।

ਸੀਨੀਅਰ ਆਗੂ ਕਮਲ ਨਾਥ, ਯੂਥ ਕਾਂਗਰਸ ਦੇ ਪ੍ਰਧਾਨ ਸ੍ਰੀਨਿਵਾਸ ਬੀਵੀ ਅਤੇ ਦਿੱਲੀ ਦੇ ਉਪ ਮੁੱਖ ਮੰਤਰੀ ਮਨੋਸ਼ ਸਿਸੋਦੀਆ ਸਮੇਤ ਬਹੁਤ ਸਾਰੇ ਆਗੂਆਂ ਨੇ ਟਵੀਟ ਜ਼ਰੀਏ ਡਾ. ਮਨਮੋਹਨ ਸਿੰਘ ਦੀ ਸਿਹਤਯਾਬੀ ਦੀ ਕਾਮਨਾ ਕੀਤੀ ਹੈ।

ਕਾਬਲੇਗੌਰ ਹੈ ਕਿ ਬੀਤੇ ਕੱਲ੍ਹ ਹੀ ਡਾ. ਮਨਮੋਹਨ ਸਿੰਘ ਨੇ ਦੇਸ਼ 'ਚ ਕੋਵਿਡ -19 ਦੀ ਸਥਿਤੀ ਸਬੰਧੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲ ਪੱਤਰ ਲਿਖਿਆ ਸੀ। ਪੱਤਰ ਵਿਚ ਉਨ੍ਹਾਂ ਨੇ ਕੋਰੋਨਾ ਨਾਲ ਨਜਿੱਠਣ ਲਈ ਕੁਝ ਸੁਝਾਅ ਰੱਖੇ ਸਨ।

ਦੱਸਣਯੋਗ ਹੈ ਕਿ ਦੇਸ਼ ਅੰਦਰ ਕੋਰੋਨਾ ਕੇਸਾਂ ਦੀ ਗਿਣਤੀ ਲਗਾਤਾਰ ਵੱਧ ਰਹੀ ਹੈ। ਰਾਜਧਾਨੀ ਦਿੱਲੀ ਸਮੇਤ ਕਈ ਸੂਬਿਆਂ ਵਿਚ ਸਖ਼ਤਾਈ ਦੀ ਸ਼ੁਰੂਆਤ ਹੋ ਚੁੱਕੀ ਹੈ। ਬੀਤੇ ਕੱਲ੍ਹ ਦਿੱਲੀ ਵਿਚ 25 ਹਜ਼ਾਰ ਤੋਂ ਵਧੇਰੇ ਨਵੇਂ ਕੇਸ ਸਾਹਮਣੇ ਆਏ ਸਨ ਅਤੇ ਡੇਢ ਸੌ ਤੋਂ ਵਧੇਰੇ ਲੋਕਾਂ ਦੀ ਮੌਤ ਹੋਈ ਸੀ।