Uttarakhand Accident: ਚਮੋਲੀ ’ਚ ਖੱਡ ਵਿੱਚ ਡਿੱਗੀ ਕਾਰ, ਪੰਜ ਬਰਾਤੀਆਂ ਦੀ ਮੌਤ
Uttarakhand Accident: ਖ਼ਰਾਬ ਮੌਸਮ ਕਾਰਨ ਵਾਪਰਿਆ ਹਾਦਸਾ, ਬਚਾਅ ਕਾਰਜ ਸ਼ੁਰੂ
Uttarakhand Car Accident : ਉਤਰਾਖੰਡ ਦੇ ਚਮੋਲੀ ਜ਼ਿਲ੍ਹੇ ਵਿੱਚ ਸ਼ੁੱਕਰਵਾਰ ਨੂੰ ਭਾਰੀ ਤੂਫ਼ਾਨ ਅਤੇ ਮੀਂਹ ਕਾਰਨ ਇੱਕ ਕਾਰ ਦੇ ਡੂੰਘੀ ਖੱਡ ਵਿੱਚ ਡਿੱਗਣ ਕਾਰਨ ਪੰਜ ਲੋਕਾਂ ਦੀ ਮੌਤ ਹੋ ਗਈ। ਇਹ ਸਾਰੇ ਇੱਕ ਵਿਆਹ ਸਮਾਗਮ ਤੋਂ ਵਾਪਸ ਆ ਰਹੇ ਸਨ। ਚਮੋਲੀ ਦੇ ਜ਼ਿਲ੍ਹਾ ਮੈਜਿਸਟਰੇਟ ਡਾ. ਸੰਦੀਪ ਤਿਵਾੜੀ ਨੇ ਇੱਥੇ ਦੱਸਿਆ ਕਿ ਬਿਰਹੀ ਘਾਟੀ ਦੇ ਨਿਜਾਮੁਲਾ ਪਿੰਡ ਨੇੜੇ ਹਾਦਸੇ ਦੀ ਸੂਚਨਾ ਮਿਲਣ ’ਤੇ, ਸਟੇਟ ਡਿਜ਼ਾਸਟਰ ਰਿਸਪਾਂਸ ਫੋਰਸ, ਪੁਲਿਸ ਅਤੇ ਮਾਲ ਵਿਭਾਗ ਦੀ ਇੱਕ ਟੀਮ ਮੌਕੇ ’ਤੇ ਪਹੁੰਚੀ ਪਰ ਲਗਾਤਾਰ ਮੀਂਹ ਅਤੇ ਹਨੇਰੇ ਕਾਰਨ ਹਾਦਸੇ ਵਾਲੀ ਥਾਂ ’ਤੇ ਬਚਾਅ ਕਾਰਜ ਮੁਸ਼ਕਲ ਹੋ ਗਿਆ।
ਉਨ੍ਹਾਂ ਕਿਹਾ ਕਿ ਸ਼ਾਮ 6 ਤੋਂ 7 ਵਜੇ ਦੇ ਵਿਚਕਾਰ ਵਾਪਰੇ ਹਾਦਸੇ ਸਮੇਂ ਗੱਡੀ ਵਿੱਚ ਪੰਜ ਲੋਕ ਸਵਾਰ ਸਨ ਅਤੇ ਉਨ੍ਹਾਂ ਪੰਜਾਂ ਦੀ ਮੌਤ ਹੋ ਗਈ। ਕਿਹਾ ਜਾ ਰਿਹਾ ਹੈ ਕਿ ਖ਼ਰਾਬ ਮੌਸਮ ਕਾਰਨ ਘਟਨਾ ਦੀ ਖ਼ਬਰ ਦੇਰੀ ਨਾਲ ਮਿਲੀ। ਹਾਦਸਾਗ੍ਰਸਤ ਕਾਰ ਕਈ ਸੌ ਮੀਟਰ ਡੂੰਘੀ ਖਾਈ ਵਿੱਚ ਡਿੱਗ ਗਈ ਹੈ। ਜ਼ਿਲ੍ਹਾ ਮੈਜਿਸਟਰੇਟ ਨੇ ਕਿਹਾ ਕਿ ਲਾਸ਼ਾਂ ਨੂੰ ਖਾਈ ਵਿੱਚੋਂ ਕੱਢਣ ਦਾ ਕੰਮ ਜਾਰੀ ਹੈ। ਇਸ ਦੌਰਾਨ, ਚਮੋਲੀ ਜ਼ਿਲ੍ਹੇ ਵਿੱਚ ਅਗਲੇ ਤਿੰਨ ਦਿਨਾਂ ਲਈ ਮੌਸਮ ਵਿਭਾਗ ਵੱਲੋਂ ਜਾਰੀ ਕੀਤੀ ਗਈ ਬਾਰਿਸ਼ ਦੀ ਚੇਤਾਵਨੀ ਦੇ ਮੱਦੇਨਜ਼ਰ, ਜ਼ਿਲ੍ਹਾ ਮੈਜਿਸਟਰੇਟ ਨੇ ਆਂਗਣਵਾੜੀ ਕੇਂਦਰਾਂ ਅਤੇ ਸਕੂਲਾਂ ਵਿੱਚ ਛੁੱਟੀ ਦਾ ਐਲਾਨ ਕਰ ਦਿੱਤਾ ਹੈ।
ਜ਼ਿਲ੍ਹਾ ਮੈਜਿਸਟਰੇਟ ਨੇ ਕਿਹਾ ਕਿ ਸ਼ੁੱਕਰਵਾਰ ਨੂੰ ਜ਼ਿਲ੍ਹੇ ਵਿੱਚ ਮੀਂਹ ਅਤੇ ਗੜੇਮਾਰੀ ਹੋਈ ਸੀ ਅਤੇ ਖ਼ਰਾਬ ਮੌਸਮ ਦੇ ਮੱਦੇਨਜ਼ਰ, ਲੋਕਾਂ ਨੂੰ ਸਿਰਫ਼ ਜ਼ਰੂਰੀ ਹੋਣ ’ਤੇ ਹੀ ਯਾਤਰਾ ਕਰਨ ਦੀ ਅਪੀਲ ਕੀਤੀ ਗਈ ਹੈ। ਉਤਰਾਖੰਡ ਦੇ ਮੁੱਖ ਮੰਤਰੀ ਪੁਸ਼ਕਰ ਸਿੰਘ ਧਾਮੀ ਨੇ ਚਮੋਲੀ ਵਿੱਚ ਹੋਏ ਸੜਕ ਹਾਦਸੇ ’ਤੇ ਡੂੰਘਾ ਦੁੱਖ ਪ੍ਰਗਟ ਕੀਤਾ ਹੈ। ਇੱਥੇ ਜਾਰੀ ਇੱਕ ਸ਼ੋਕ ਸੰਦੇਸ਼ ਵਿੱਚ, ਉਨ੍ਹਾਂ ਨੇ ਵਿਛੜੀਆਂ ਰੂਹਾਂ ਦੀ ਸ਼ਾਂਤੀ ਅਤੇ ਦੁਖੀ ਪਰਿਵਾਰਾਂ ਨੂੰ ਇਸ ਘਾਟੇ ਨੂੰ ਸਹਿਣ ਦੀ ਤਾਕਤ ਦੇਣ ਲਈ ਪ੍ਰਮਾਤਮਾ ਅੱਗੇ ਪ੍ਰਾਰਥਨਾ ਕੀਤੀ ਹੈ। ਉਨ੍ਹਾਂ ਜ਼ਿਲ੍ਹਾ ਪ੍ਰਸ਼ਾਸਨ ਨੂੰ ਮ੍ਰਿਤਕਾਂ ਦੇ ਪਰਿਵਾਰਾਂ ਨੂੰ ਲੋੜੀਂਦੀ ਸਹਾਇਤਾ ਰਾਸ਼ੀ ਮੁਹੱਈਆ ਕਰਵਾਉਣ ਦੇ ਵੀ ਨਿਰਦੇਸ਼ ਦਿੱਤੇ ਹਨ।
(For more news apart from Uttarakhand Latest News, stay tuned to Rozana Spokesman)