ਪਾਕਿਸਤਾਨ ਦਾ ਸਮਰਥਨ ਕਰ ਕੇ ਭਾਰਤ ਲਈ ਸਮੱਸਿਆ ਪੈਦਾ ਕਰ ਰਿਹਾ ਹੈ ਅਮਰੀਕਾ - ਐੱਸ. ਜੈਸ਼ੰਕਰ
ਭਾਰਤ ਦੇ ਵਿਦੇਸ਼ ਮੰਤਰੀ ਡਾ: ਐੱਸ. ਜੈਸ਼ੰਕਰ ਨੇ ਅਮਰੀਕਾ 'ਤੇ ਆਪਣੀ ਨਾਰਾਜ਼ਗੀ ਜ਼ਾਹਰ ਕੀਤੀ।
ਨਵੀਂ ਦਿੱਲੀ : ਭਾਰਤ ਦੇ ਵਿਦੇਸ਼ ਮੰਤਰੀ ਡਾ: ਐੱਸ. ਜੈਸ਼ੰਕਰ ਨੇ ਅਮਰੀਕਾ 'ਤੇ ਆਪਣੀ ਨਾਰਾਜ਼ਗੀ ਜ਼ਾਹਰ ਕੀਤੀ। ਉਨ੍ਹਾਂ ਕਿਹਾ ਕਿ ਅਮਰੀਕਾ ਪਾਕਿਸਤਾਨ ਦਾ ਸਮਰਥਨ ਕਰਕੇ ਸਾਡੀਆਂ ਮੁਸ਼ਕਲਾਂ ਵਧਾ ਰਿਹਾ ਹੈ। ਜੈਸ਼ੰਕਰ ਦੀ ਇਹ ਟਿੱਪਣੀ ਪਾਕਿਸਤਾਨ ਸਥਿਤ ਅੱਤਵਾਦੀਆਂ ਵੱਲੋਂ ਜੰਮੂ-ਕਸ਼ਮੀਰ 'ਚ ਕੱਟੜਪੰਥੀਆਂ ਨੂੰ ਹਥਿਆਰ ਮੁਹੱਈਆ ਕਰਾਉਣ ਅਤੇ ਘਾਟੀ 'ਚ ਸ਼ਾਂਤੀ ਭੰਗ ਕਰਨ ਦੇ ਮੱਦੇਨਜ਼ਰ ਆਈ ਹੈ।
ਅਸਲ 'ਚ ਅਮਰੀਕਾ ਵਾਰ-ਵਾਰ ਅੱਤਵਾਦ ਦੇ ਖਿਲਾਫ ਜ਼ੀਰੋ-ਟੌਲਰੈਂਸ 'ਤੇ ਜ਼ੋਰ ਦੇਣ ਦੀ ਗੱਲ ਕਰਦਾ ਹੈ ਪਰ ਪਾਕਿਸਤਾਨ ਨਾਲ ਸਬੰਧਾਂ ਨੂੰ ਅੱਗੇ ਵਧਾਉਣ ਦੀ ਗੱਲ ਵੀ ਕਰਦਾ ਹੈ। ਅਜਿਹੀ ਸਥਿਤੀ ਵਿੱਚ ਅਮਰੀਕਾ ਭਾਰਤ ਲਈ ਮੁਸ਼ਕਲਾਂ ਖੜ੍ਹੀਆਂ ਕਰਦਾ ਹੈ। ਜੇਕਰ ਅਮਰੀਕਾ ਇਸ ਤੋਂ ਵੀ ਵੱਧ ਪਾਕਿਸਤਾਨ ਦਾ ਸਮਰਥਨ ਕਰਦਾ ਹੈ ਤਾਂ ਭਾਰਤ ਹਰ ਹਾਲਤ ਵਿਚ ਇਸ ਦਾ ਵਿਰੋਧ ਕਰੇਗਾ।
ਅਮਰੀਕੀ ਵਿਦੇਸ਼ ਵਿਭਾਗ ਦੇ ਬੁਲਾਰੇ ਨੇਡ ਪ੍ਰਾਈਸ ਨੇ ਵੀਰਵਾਰ ਨੂੰ ਪਾਕਿਸਤਾਨ ਨੂੰ ਅਮਰੀਕਾ ਦਾ ਸਹਿਯੋਗੀ ਕਿਹਾ ਸੀ। ਉਨ੍ਹਾਂ ਕਿਹਾ ਕਿ ਪਾਕਿਸਤਾਨ ਸਾਡਾ ਭਾਈਵਾਲ ਹੈ ਅਤੇ ਅਸੀਂ ਉਸ ਭਾਈਵਾਲੀ ਨੂੰ ਅੱਗੇ ਵਧਾਉਣ ਦੇ ਤਰੀਕੇ ਲੱਭਾਂਗੇ ਜੋ ਸਾਡੇ ਹਿੱਤ ਵਿੱਚ ਹੋਵੇ। ਪਾਕਿਸਤਾਨ ਨਾਲ ਭਾਰਤ ਦੇ ਸਬੰਧਾਂ 'ਤੇ ਬੋਲਦਿਆਂ ਜੈਸ਼ੰਕਰ ਨੇ ਦਾਅਵਾ ਕੀਤਾ ਕਿ ਸਰਹੱਦ ਦੇ ਦੋਵੇਂ ਪਾਸੇ ਕੁਝ ਲੋਕਾਂ ਨੇ ਦੋਵਾਂ ਦੇਸ਼ਾਂ ਦੇ ਸਬੰਧਾਂ ਨੂੰ ਸੁਖਾਵਾਂ ਬਣਾਉਣ ਲਈ ਸਖ਼ਤ ਮਿਹਨਤ ਕੀਤੀ ਹੈ।
ਹਰ ਕੋਈ ਚਾਹੁੰਦਾ ਹੈ ਕਿ ਦੋਵਾਂ ਦੇਸ਼ਾਂ ਦੇ ਰਿਸ਼ਤੇ ਸੁਧਰੇ। ਵਿਦੇਸ਼ ਮੰਤਰੀ ਨੇ ਕਿਹਾ ਕਿ ਪ੍ਰਧਾਨ ਮੰਤਰੀ ਨੇ ਆਪਣੇ ਕਾਰਜਕਾਲ ਦੀ ਸ਼ੁਰੂਆਤ ਤੋਂ ਹੀ ਪਾਕਿਸਤਾਨ ਨਾਲ ਦੋਸਤੀ ਦਾ ਹੱਥ ਵਧਾਉਣ ਦੀ ਪੂਰੀ ਕੋਸ਼ਿਸ਼ ਕੀਤੀ, ਪਰ ਨਤੀਜਾ ਕੀ ਨਿਕਲਿਆ? ਇਹ ਟਿੱਪਣੀ ਪਾਕਿਸਤਾਨ ਸਥਿਤ ਅੱਤਵਾਦੀਆਂ ਵੱਲੋਂ ਜੰਮੂ-ਕਸ਼ਮੀਰ 'ਚ ਲਗਾਤਾਰ ਅੱਤਵਾਦੀ ਘਟਨਾਵਾਂ ਭੜਕਾਉਣ ਅਤੇ ਘਾਟੀ 'ਚ ਸ਼ਾਂਤੀ ਭੰਗ ਕਰਨ ਦੇ ਮੱਦੇਨਜ਼ਰ ਆਈ ਹੈ।