ਰਾਜਨਾਥ ਨੂੰ ਮਿਲਿਆ ਸ਼੍ਰੋਮਣੀ ਕਮੇਟੀ ਵਫ਼ਦ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਰਾਸ਼ਟਰੀ

ਸ਼੍ਰੋਮਣੀ ਗੁਰਦਵਾਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਦੀ ਅਗਵਾਈ 'ਚ ਸਿੱਖਾਂ ਦੇ ਇਕ ਉੱਚ ਪੱਧਰੀ ਵਫ਼ਦ ਨੇ ਅੱਜ ਦੇਸ਼ ਦੇ ਗ੍ਰਹਿ ...

SGPC delegation meet Rajnath meeting Rajnath Singh

ਨਵੀਂ ਦਿੱਲੀ,  ਸ਼੍ਰੋਮਣੀ ਗੁਰਦਵਾਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਦੀ ਅਗਵਾਈ 'ਚ ਸਿੱਖਾਂ ਦੇ ਇਕ ਉੱਚ ਪੱਧਰੀ ਵਫ਼ਦ ਨੇ ਅੱਜ ਦੇਸ਼ ਦੇ ਗ੍ਰਹਿ ਮੰਤਰੀ  ਰਾਜਨਾਥ ਸਿੰਘ ਨਾਲ ਮੁਲਾਕਾਤ ਕੀਤੀ ਅਤੇ ਪਟਿਆਲਾ ਦੀ ਜੇਲ 'ਚ ਸਜ਼ਾ ਯਾਫਤਾ ਭਾਈ ਬਲਵੰਤ ਸਿੰਘ ਰਾਜੋਆਣਾ ਦੀ ਫਾਂਸੀ ਦੀ ਸਜ਼ਾ ਮੁਆਫ਼ੀ ਸਬੰਧੀ ਸ਼੍ਰੋਮਣੀ ਕਮੇਟੀ ਦੀ ਅਪੀਲ ਦਾ ਜਲਦ ਨਿਪਟਾਰਾ ਕਰਨ ਦੀ ਮੰਗ ਕੀਤੀ।

ਵਫ਼ਦ ਵਿਚ ਸ਼੍ਰੋਮਣੀ ਕਮੇਟੀ ਪ੍ਰਧਾਨ ਭਾਈ ਲੌਂਗੋਵਾਲ ਤੋਂ ਇਲਾਵਾ ਸ਼੍ਰੋਮਣੀ ਅਕਾਲੀ ਦੇ ਸੀਨੀਅਰ ਆਗੂ ਅਤੇ ਰਾਜ ਸਭਾ ਮੈਂਬਰ ਸ. ਸੁਖਦੇਵ ਸਿੰਘ ਢੀਂਡਸਾ, ਸ੍ਰੀ ਅਨੰਦਪੁਰ ਸਾਹਿਬ ਤੋਂ ਸੰਸਦ ਮੈਂਬਰ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ, ਸਾਂਸਦ ਬਲਵਿੰਦਰ ਸਿੰਘ ਭੂੰਦੜ, ਸਾਬਕਾ ਸਾਂਸਦ ਤਰਲੋਚਨ ਸਿੰਘ ਅਤੇ ਸੀਨੀਅਰ ਅਕਾਲੀ ਆਗੂ ਰਣਜੀਤ ਸਿੰਘ ਬ੍ਰਹਮਪੁਰਾ ਸਨ।

ਸ਼੍ਰੋਮਣੀ ਕਮੇਟੀ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਦਸਿਆ ਕਿ ਕੇਂਦਰੀ ਗ੍ਰਹਿ ਮੰਤਰੀ ਰਾਜਨਾਥ ਸਿੰਘ ਨੇ ਉਨ੍ਹਾਂ ਦੀ ਗੱਲਬਾਤ ਬਹੁਤ ਗੰਭੀਰਤਾ ਨਾਲ ਸੁਣੀ ਅਤੇ ਉਨ੍ਹਾਂ ਨੂੰ ਭਰੋਸਾ ਦਿਵਾਇਆ ਹੈ ਕਿ ਉਹ ਪੂਰੀ ਸੁਹਿਰਦਤਾ ਨਾਲ ਰਾਸ਼ਟਰਪਤੀ ਕੋਲ ਭਾਈ ਰਾਜੋਆਣਾ ਦੀ ਫਾਂਸੀ ਦੇ ਮਾਮਲੇ ਨੂੰ ਉਠਾਉਣਗੇ ਅਤੇ ਆਪਣੇ ਵਲੋਂ ਹਰ ਸੰਭਵ ਸਹਾਇਤਾ ਕਰਨਗੇ।

ਉਨ੍ਹਾਂ ਦੱਸਿਆ ਕਿ ਇਸ ਮੁਲਾਕਾਤ ਦੌਰਾਨ ਗ੍ਰਹਿ ਮੰਤਰੀ ਨੂੰ ਇੱਕ ਲਿਖਤੀ ਪੱਤਰ ਵੀ ਸੌਂਪਿਆ ਗਿਆ ਹੈ। ਇਸ ਪੱਤਰ ਰਾਹੀਂ ਗ੍ਰਹਿ ਮੰਤਰੀ ਨੂੰ ਦੱਸਿਆ ਗਿਆ ਕਿ ਭਾਈ ਬਲਵੰਤ ਸਿੰਘ ਰਾਜੋਆਣਾ ਦੀ ਫਾਂਸੀ ਦੀ ਸਜ਼ਾ ਮੁਆਫ਼ੀ ਸਬੰਧੀ ਸ਼੍ਰੋਮਣੀ ਕਮੇਟੀ ਵਲੋਂ 25 ਮਾਰਚ 2012 ਨੂੰ ਤਤਕਾਲੀ ਰਾਸ਼ਟਰਪਤੀ ਸ੍ਰੀਮਤੀ ਪ੍ਰਤਿਭਾ ਦੇਵੀ ਸਿੰਘ ਪਾਟਿਲ ਕੋਲ ਅਪੀਲ ਕੀਤੀ ਗਈ ਸੀ।

ਇਹ ਅਪੀਲ ਸ਼੍ਰੋਮਣੀ ਕਮੇਟੀ ਦੇ ਉਸ ਸਮੇਂ ਦੇ ਪ੍ਰਧਾਨ ਜਥੇਦਾਰ ਅਵਤਾਰ ਸਿੰਘ ਮੱਕੜ ਵਲੋਂ ਕੀਤੀ ਗਈ ਸੀ। ਇਸ ਤੋਂ ਬਾਅਦ ਪ੍ਰੋ, ਕਿਰਪਾਲ ਸਿੰਘ ਬਡੂੰਗਰ ਦੀ ਅਗਵਾਈ ਵਿਚ ਵੀ ਇਕ ਉੱਚ ਪੱਧਰੀ ਵਫ਼ਦ ਦੇਸ਼ ਦੇ ਤਤਕਾਲੀ ਰਾਸ਼ਟਰਪਤੀ ਸ੍ਰੀ ਪ੍ਰਣਬ ਮੁਖਰਜੀ ਨੂੰ ਮਿਲਿਆ ਸੀ।ਭਾਈ ਲੌਂਗੋਵਾਲ ਨੇ ਰਾਜਨਾਥ ਸਿੰਘ ਨੂੰ ਯਾਦ ਦਿਵਾਇਆ ਕਿ ਸ੍ਰੀ ਅੰਮ੍ਰਿਤਸਰ ਵਿਖੇ ਵੀ ਉਨ੍ਹਾਂ ਨਾਲ ਮੁਲਾਕਾਤ ਸਮੇਂ ਭਾਈ ਰਾਜੋਆਣੇ ਦੀ ਸਜ਼ਾ ਦਾ ਮਾਮਲਾ ਹੱਲ ਕਰਨ ਸਬੰਧੀ ਮੰਗ ਪੱਤਰ ਸੌਂਪਿਆ

ਗਿਆ ਸੀ।ਉਨ੍ਹਾਂ ਕਿਹਾ ਕਿ ਭਾਈ ਰਾਜੋਆਣਾ ਪਿਛਲੇ 21 ਵਰ੍ਹਿਆਂ ਤੋਂ ਜ਼ੇਲ 'ਚ ਨਜ਼ਰਬੰਦ ਹਨ ਅਤੇ ਇਹ ਸਿੱਖ ਜਗਤ ਦੀਆਂ ਭਾਵਨਾਵਾਂ ਨਾਲ ਜੁੜਿਆ ਹੋਇਆ ਮਾਮਲਾ ਹੋਣ ਕਰਕੇ ਜਲਦ ਹੱਲ ਦੀ ਮੰਗ ਕਰਦਾ ਹੈ। ਇਸ ਲਈ ਸਿੱਖ ਭਾਵਨਾਵਾਂ ਦੀ ਕਦਰ ਕਰਦਿਆਂ ਸ਼੍ਰੋਮਣੀ ਕਮੇਟੀ ਦੀ ਅਪੀਲ 'ਤੇ ਜਲਦ ਫੈਸਲਾ ਕੀਤਾ ਜਾਵੇ।