ਅਗਨੀਪਥ ਸਕੀਮ 'ਤੇ ਸੁਪਰੀਮ ਕੋਰਟ ਦਾ ਫ਼ੈਸਲਾ, ਦਿੱਲੀ ਹਾਈ ਕੋਰਟ ਕਰੇਗੀ ਸਾਰੀਆਂ ਪਟੀਸ਼ਨਾਂ 'ਤੇ ਸੁਣਵਾਈ
ਸੁਪਰੀਮ ਕੋਰਟ ਨੇ ਕਿਹਾ ਕਿ ਹਾਈ ਕੋਰਟ ਦੇ ਹੁਕਮਾਂ ਤੋਂ ਬਾਅਦ ਕੋਈ ਵੀ ਸੁਪਰੀਮ ਕੋਰਟ ਆ ਸਕਦਾ ਹੈ।
ਨਵੀਂ ਦਿੱਲੀ: ਸੁਪਰੀਮ ਕੋਰਟ ਨੇ ਅਗਨੀਪਥ ਯੋਜਨਾ ਨੂੰ ਲੈ ਕੇ ਅੱਜ ਅਹਿਮ ਫੈਸਲਾ ਸੁਣਾਇਆ ਹੈ। ਸੁਪਰੀਮ ਕੋਰਟ ਨੇ ਕਿਹਾ ਹੈ ਕਿ ਅਗਨੀਪਥ ਯੋਜਨਾ ਵਿਰੁੱਧ ਸਾਰੀਆਂ ਪਟੀਸ਼ਨਾਂ 'ਤੇ ਸਿਰਫ਼ ਦਿੱਲੀ ਹਾਈ ਕੋਰਟ ਹੀ ਸੁਣਵਾਈ ਕਰੇਗੀ। ਅਗਨੀਪਥ ਯੋਜਨਾ ਖ਼ਿਲਾਫ਼ ਸੁਪਰੀਮ ਕੋਰਟ 'ਚ ਪਟੀਸ਼ਨ ਵੀ ਦਾਇਰ ਕੀਤੀ ਗਈ ਸੀ। ਸੁਪਰੀਮ ਕੋਰਟ ਨੇ ਆਪਣੇ ਕੋਲ ਲੰਬਿਤ ਤਿੰਨ ਪਟੀਸ਼ਨਾਂ ਨੂੰ ਸੁਣਵਾਈ ਲਈ ਦਿੱਲੀ ਹਾਈ ਕੋਰਟ ਵਿਚ ਟਰਾਂਸਫਰ ਕਰ ਦਿੱਤਾ ਹੈ। ਸੁਪਰੀਮ ਕੋਰਟ ਨੇ ਕਿਹਾ ਕਿ ਹਾਈ ਕੋਰਟ ਦੇ ਹੁਕਮਾਂ ਤੋਂ ਬਾਅਦ ਕੋਈ ਵੀ ਸੁਪਰੀਮ ਕੋਰਟ ਆ ਸਕਦਾ ਹੈ।
Supreme Court
ਇਸ ਤੋਂ ਪਹਿਲਾਂ ਸਰਕਾਰ ਵੱਲੋਂ ਕਿਹਾ ਗਿਆ ਸੀ ਕਿ ਇਸ ਨੂੰ ਕਈ ਹਾਈ ਕੋਰਟਾਂ ਵਿਚ ਚੁਣੌਤੀ ਦਿੱਤੀ ਗਈ ਹੈ। ਸਾਲੀਸਿਟਰ ਜਨਰਲ ਨੇ ਕਿਹਾ ਕਿ ਦਿੱਲੀ ਹਾਈ ਕੋਰਟ ਵਿਚ ਵੀ ਇਕ ਪਟੀਸ਼ਨ ਦਾਇਰ ਕੀਤੀ ਗਈ ਹੈ ਅਤੇ ਅਸੀਂ ਚਾਹੁੰਦੇ ਹਾਂ ਕਿ ਸਾਰਿਆਂ ਦੀ ਸੁਣਵਾਈ ਇਕੱਠੀ ਹੋਵੇ। ਇਸ 'ਤੇ ਜਸਟਿਸ ਚੰਦਰਚੂੜ ਨੇ ਕਿਹਾ, "ਤੁਸੀਂ ਟਰਾਂਸਫਰ ਪਟੀਸ਼ਨ ਦਾਇਰ ਕਰੋ... ਅਸੀਂ ਸਾਰੀਆਂ ਪਟੀਸ਼ਨਾਂ ਹਾਈ ਕੋਰਟ ਨੂੰ ਭੇਜਾਂਗੇ।"
Agnipath Scheme
ਜ਼ਿਕਰਯੋਗ ਹੈ ਕਿ ਪਟੀਸ਼ਨਕਰਤਾਵਾਂ ਵਿਚੋਂ ਇਕ ਨੇ ਕਿਹਾ ਕਿ ਸੁਪਰੀਮ ਕੋਰਟ ਨੂੰ ਸਾਰੀਆਂ ਪਟੀਸ਼ਨਾਂ 'ਤੇ ਸੁਣਵਾਈ ਕਰਨੀ ਚਾਹੀਦੀ ਹੈ ਕਿਉਂਕਿ ਲਗਾਤਾਰ ਕਈ ਸੂਬਿਆਂ ਵਿਚ ਪਟੀਸ਼ਨਾਂ ਦਾਇਰ ਕੀਤੀਆਂ ਜਾ ਰਹੀਆਂ ਹਨ। ਪਟੀਸ਼ਨਕਰਤਾ ਐਮਐਲ ਸ਼ਰਮਾ ਨੇ ਕਿਹਾ ਕਿ ਅਦਾਲਤ ਨੂੰ ਇੱਥੇ ਸਾਡੀ ਸੁਣਵਾਈ ਕਰਨੀ ਚਾਹੀਦੀ ਹੈ। ਸੁਪਰੀਮ ਕੋਰਟ ਨੇ ਕਿਹਾ, ''ਜਿਨ੍ਹਾਂ ਲੋਕਾਂ ਨੇ ਸੁਪਰੀਮ ਕੋਰਟ 'ਚ ਪਟੀਸ਼ਨ ਦਾਇਰ ਕੀਤੀ ਹੈ, ਅਸੀਂ ਉਹਨਾਂ ਦੀ ਸੁਣਵਾਈ ਤੋਂ ਬਾਅਦ ਹੀ ਕੇਸ ਟਰਾਂਸਫਰ ਕਰਾਂਗੇ। ਸਾਲਿਸਟਰ ਜਨਰਲ ਨੇ ਅਦਾਲਤ ਨੂੰ ਦੱਸਿਆ ਕਿ ਵੱਖ-ਵੱਖ ਹਾਈ ਕੋਰਟਾਂ 'ਚ ਅਗਨੀਪਥ ਯੋਜਨਾ ਵਿਰੁੱਧ 6 ਪਟੀਸ਼ਨਾਂ ਦਾਇਰ ਕੀਤੀਆਂ ਗਈਆਂ ਹਨ।