ਰਾਸ਼ਟਰਪਤੀ ਚੋਣ ਲਈ ਹੋਈ 99% ਤੋਂ ਵੱਧ ਵੋਟਿੰਗ ਪਰ ਪੰਜਾਬ ਦੇ ਇਨ੍ਹਾਂ ਆਗੂਆਂ ਨੇ ਨਹੀਂ ਪਈ ਆਪਣੀ ਵੋਟ

ਏਜੰਸੀ

ਖ਼ਬਰਾਂ, ਰਾਸ਼ਟਰੀ

ਪੰਜਾਬ ਦੇ 114 ਵਿਧਾਇਕਾਂ ਨੇ ਕੀਤਾ ਆਪਣੀ ਵੋਟ ਦਾ ਇਸਤੇਮਾਲ

Presidential Election

ਚੰਡੀਗੜ੍ਹ: ਰਾਸ਼ਟਰਪਤੀ ਚੋਣਾਂ 2022 ਲਈ ਮੁੱਖ ਮੰਤਰੀ ਭਗਵੰਤ ਮਾਨ, ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ, ਸੂਚਨਾ ਤੇ ਲੋਕ ਸੰਪਰਕ ਮੰਤਰੀ ਅਮਨ ਅਰੋੜਾ ਅਤੇ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਸਮੇਤ 114 ਵਿਧਾਇਕਾਂ ਨੇ ਬੈਲੇਟ ਪੇਪਰ ਰਾਹੀਂ ਆਪਣੀ ਵੋਟ ਪਾਈ। ਹਾਲਾਂਕਿ ਪੰਜਾਬ ਦੇ ਵੱਡੇ ਆਗੂ ਵੋਟਿੰਗ ਤੋਂ ਗ਼ੈਰ-ਹਾਜ਼ਰ ਰਹੇ।

ਇਨ੍ਹਾਂ ਵਿੱਚ ਅਕਾਲੀ ਦਲ ਦੇ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਅਤੇ ਮੁੱਲਾਂਪੁਰ ਤੋਂ ਵਿਧਾਇਕ ਮਨਪ੍ਰੀਤ ਸਿੰਘ ਇਆਲੀ, ਚੱਬੇਵਾਲ ਤੋਂ ਕਾਂਗਰਸੀ ਵਿਧਾਇਕ ਡਾ. ਰਾਜਕੁਮਾਰ ਚੱਬੇਵਾਲ, ਸ਼ਾਹਕੋਟ ਤੋਂ ਕਾਂਗਰਸੀ ਵਿਧਾਇਕ ਹਰਦੇਵ ਸਿੰਘ ਲਾਡੀ, ਅਦਾਕਾਰ ਅਤੇ ਸੰਸਦ ਮੈਂਬਰ ਸੰਨੀ ਦਿਓਲ ਅਤੇ ਸੰਸਦ ਮੈਂਬਰ ਮੁਹੰਮਦ ਸਦੀਕ ਸ਼ਾਮਲ ਹਨ।

ਦੱਸਿਆ ਜਾ ਰਿਹਾ ਹੈ ਕਿ ਸੰਨੀ ਦਿਓਲ ਅਤੇ ਮੁਹੰਮਦ ਸਦੀਕ ਇਨ੍ਹੀਂ ਦਿਨੀਂ ਵਿਦੇਸ਼ 'ਚ ਹਨ, ਜਿਸ ਕਾਰਨ ਉਹ ਵੋਟਿੰਗ ਦਾ ਹਿੱਸਾ ਨਹੀਂ ਬਣ ਸਕੇ। ਇਸ ਦੇ ਨਾਲ ਹੀ ਰਾਸ਼ਟਰਪਤੀ ਦੀ ਚੋਣ ਲਈ ਆਮ ਆਦਮੀ ਪਾਰਟੀ ਦੇ 92 ਵਿਧਾਇਕਾਂ ਨੇ ਵੋਟਿੰਗ ਵਿੱਚ ਹਿੱਸਾ ਲਿਆ ਅਤੇ ਆਪਣੀ ਵੋਟ ਪਾਈ। ਇੱਥੋਂ ਤੱਕ ਕਿ ‘ਆਪ’ ਦੇ ਸਾਬਕਾ ਮੰਤਰੀ ਵਿਜੇ ਸਿੰਗਲਾ ਨੇ ਵੀ ਵੋਟ ਪਾਈ ਹੈ। ਮੁੱਖ ਚੋਣ ਅਫ਼ਸਰ (ਸੀ.ਈ.ਓ.) ਪੰਜਾਬ ਡਾ. ਕਰੁਣਾ ਰਾਜੂ ਨੇ ਦੱਸਿਆ ਕਿ ਪੰਜਾਬ ਵਿੱਚ ਮਤਦਾਨ ਸ਼ਾਂਤੀਪੂਰਨ ਢੰਗ ਨਾਲ ਹੋਇਆ ਜਿਸ ਵਿੱਚ 114 ਵਿਧਾਇਕਾਂ ਨੇ ਆਜ਼ਾਦ, ਨਿਰਪੱਖ, ਨਿਰਵਿਘਨ, ਸੁਰੱਖਿਅਤ ਅਤੇ ਸ਼ਾਂਤਮਈ ਢੰਗ ਨਾਲ ਆਪਣੀ ਵੋਟ ਪਾਈ।