ਭਾਰਤ ਵਿਚ 53 ਲੱਖ ਤੋਂ ਪਾਰ ਹੋਏ ਕੋਰੋਨਾ ਦੇ ਮਾਮਲੇ, 24 ਘੰਟਿਆਂ ‘ਚ ਆਏ 93337 ਨਵੇਂ ਮਰੀਜ਼

ਏਜੰਸੀ

ਖ਼ਬਰਾਂ, ਰਾਸ਼ਟਰੀ

ਦੇਸ਼ ਵਿਚ ਕੁੱਲ ਕੋਰੋਨਾ ਪੀੜਤਾਂ ਦੀ ਗਿਣਤੀ 53,08,014 ਤੱਕ ਪਹੁੰਚੀ

Corona Virus

ਨਵੀਂ ਦਿੱਲੀ: ਭਾਰਤ ਸਮੇਤ ਦੁਨੀਆਂ ਭਰ ਦੇ 180 ਤੋਂ ਜ਼ਿਆਦਾ ਦੇਸ਼ਾਂ ਵਿਚ ਕੋਰੋਨਾ ਵਾਇਰਸ ਦਾ ਖੌਫ ਦੇਖਣ ਨੂੰ ਮਿਲ ਰਿਹਾ ਹੈ। ਹੁਣ ਤੱਕ 3.04 ਕਰੋੜ ਤੋਂ ਜ਼ਿਆਦਾ ਲੋਕ ਇਸ ਲਾਗ ਦੀ ਚਪੇਟ ਵਿਚ ਆ ਚੁੱਕੇ ਹਨ। ਇਹ ਵਾਇਰਸ 9.51 ਲੱਖ ਤੋਂ ਜ਼ਿਆਦਾ ਲੋਕਾਂ ਦੀ ਜ਼ਿੰਦਗੀ ਖਤਮ ਕਰ ਚੁੱਕਾ ਹੈ। ਭਾਰਤ ਵਿਚ ਹਰ ਰੋਜ਼ ਕੋਵਿਡ 19 ਦੇ ਮਾਮਲੇ ਤੇਜ਼ੀ ਨਾਲ ਵਧ ਰਹੇ ਹਨ।

ਸਿਹਤ ਮੰਤਰਾਲੇ ਵੱਲੋਂ ਸ਼ਨੀਵਾਰ ਸਵੇਰੇ ਜਾਰੀ ਕੀਤੇ ਗਏ ਅੰਕੜਿਆਂ ਅਨੁਸਾਰ ਦੇਸ਼ ਵਿਚ ਕੋਰੋਨਾ ਪੀੜਤਾਂ ਦੀ ਗਿਣਤੀ 53,08,014 ਹੋ ਗਈ ਹੈ। ਪਿਛਲੇ 24 ਘੰਟਿਆਂ ਵਿਚ ਕੋਰੋਨਾ ਦੇ 93,337 ਨਵੇਂ ਮਾਮਲੇ ਆਏ ਹਨ। ਇਸ ਦੌਰਾਨ ਦੇਸ਼ ਵਿਚ 1247 ਕੋਰੋਨਾ ਮਰੀਜ਼ਾਂ ਦੀ ਮੌਤ ਹੋ ਚੁੱਕੀ ਹੈ। ਬੀਤੇ 24 ਘੰਟਿਆਂ ਵਿਚ 95,880 ਲੋਕਾਂ ਨੇ ਕੋਰੋਨਾ ਨੂੰ ਮਾਤ ਦਿੱਤੀ। ਇਹ ਇਕ ਦਿਨ ਵਿਚ ਠੀਕ ਹੋਣ ਵਾਲਿਆਂ ਦੀ ਹੁਣ ਤੱਕ ਦੀ ਸਭ ਤੋਂ ਜ਼ਿਆਦਾ ਗਿਣਤੀ ਹੈ।

ਰਿਕਵਰੀ ਰੇਟ ਦੀ ਗੱਲ ਕੀਤੀ ਜਾਵੇ ਤਾਂ ਇਹ 79.28 ਫੀਸਦੀ ‘ਤੇ ਪਹੁੰਚ ਗਈ ਹੈ। 18 ਸਤੰਬਰ ਨੂੰ ਦੇਸ਼ ਵਿਚ 8,81,911 ਕੋਰੋਨਾ ਸੈਂਪਲ ਟੈਸਟ ਕੀਤੇ ਗਏ। ਹੁਣ ਤੱਕ ਕੁੱਲ 6,24,54,254 ਸੈਂਪਲ ਟੈਸਟ ਕੀਤੇ ਜਾ ਚੁੱਕੇ ਹਨ। ਰਿਕਵਰੀ ਦੇ ਮਾਮਲੇ ਵਿਚ ਭਾਰਤ ਦੁਨੀਆਂ ਭਰ ਦੇ ਦੇਸ਼ਾਂ ਵਿਚ ਹੁਣ ਪਹਿਲੇ ਸਥਾਨ ‘ਤੇ ਪਹੁੰਚ ਗਿਆ ਹੈ।

ਕੋਰੋਨਾ ਵਾਇਰਸ ਨਾਲ ਸਭ ਤੋਂ ਜ਼ਿਆਦਾ ਪ੍ਰਭਾਵਿਤ ਸੂਬਿਆਂ ਦੀ ਗੱਲ ਕੀਤੀ ਜਾਵੇ ਤਾਂ ਮਹਾਰਾਸ਼ਟਰ ਵਿਚ ਸਭ ਤੋਂ ਜ਼ਿਆਦਾ ਕੋਰੋਨਾ ਵਾਇਰਸ ਦੇ ਮਾਮਲੇ ਸਾਹਮਣੇ ਆਏ ਹਨ। ਦੱਸ ਦਈਏ ਕਿ ਦੇਸ਼ ਵਿਚ ਸਿਰਫ਼ ਸਤੰਬਰ ਮਹੀਨੇ ਵਿਚ ਹੁਣ ਤੱਕ 16,86,769 ਨਵੇਂ ਮਾਮਲੇ ਸਾਹਮਣੇ ਆਏ ਹਨ ਜਦਕਿ 21,150 ਲੋਕਾਂ ਦੀ ਮੌਤ ਹੋਈ ਹੈ। ਕੁੱਲ ਐਕਟਿਵ ਮਾਮਲਿਆਂ ਦੀ ਗਿਣਤੀ 10,13,964 ਹੈ।