ਖੇਤੀ ਆਰਡੀਨੈਂਸ ਰੱਦ ਹੋਣ ਤੋਂ ਬਾਅਦ ਹੀ ਕੇਂਦਰ ਨਾਲ ਹੋ ਸਕੇਗੀ ਕੋਈ ਗੱਲ- ਸੁਖਬੀਰ ਬਾਦਲ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਰਾਸ਼ਟਰੀ

ਕਿਸਾਨਾਂ ਦੀ ਭਲਾਈ ਸਾਡੇ ਲਈ ਸਭ ਤੋਂ ਵੱਡੀ ਪਹਿਲ- ਸੁਖਬੀਰ ਬਾਦਲ

Sukhbir Badal

ਚੰਡੀਗੜ੍ਹ: ਕੇਂਦਰ ਸਰਕਾਰ ਵੱਲੋਂ ਜਾਰੀ ਕੀਤੇ ਗਏ ਖੇਤੀ ਬਿਲਾਂ ਦੇ ਮੁੱਦੇ ‘ਤੇ ਬੋਲਦਿਆਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕਿਹਾ , ‘ਸ਼੍ਰੋਮਣੀ ਅਕਾਲੀ ਦਲ ਕਿਸਾਨਾਂ ਦੀ ਅਪਣੀ ਪਾਰਟੀ ਹੈ ਅਤੇ ਕਿਸਾਨ ਹਿੱਤਾਂ ਦੀ ਰਾਖੀ ਲਈ ਅਸੀਂ ਹਰ ਸੰਘਰਸ਼ 'ਚ ਅੱਗੇ ਹੋ ਕੇ ਅਗਵਾਈ ਕਰਾਂਗੇ। ਕਿਸਾਨਾਂ ਦੀ ਭਲਾਈ ਸਾਡੇ ਲਈ ਸਭ ਤੋਂ ਵੱਡੀ ਪਹਿਲ ਹੈ ਅਤੇ ਜਦੋਂ ਤੱਕ ਖੇਤੀਬਾੜੀ ਆਰਡੀਨੈਂਸ ਰੱਦ ਨਹੀਂ ਹੁੰਦੇ, ਉਦੋਂ ਤੱਕ ਕੋਈ ਹੋਰ ਵਿਚਾਰ ਚਰਚਾ ਨਹੀਂ ਕੀਤੀ ਜਾ ਸਕਦੀ’।

ਇਸ ਦੌਰਾਨ ਸੁਖਬੀਰ ਬਾਦਲ ਨੇ ਕਿਹਾ ਕਿ ਉਹ ਪੰਜਾਬ ਜਾ ਕੇ ਅਪਣੀ ਪਾਰਟੀ ਦੀ ਲੀਡਰਸ਼ਿਪ ਨਾਲ ਇਸ ਬਾਰੇ ਗੱਲਬਾਤ ਕਰਨਗੇ। ਇਸ ਦੇ ਨਾਲ ਹੀ ਉਹਨਾਂ ਕਿਹਾ ਕਿ ਜਦੋਂ ਤੱਕ ਖੇਤੀ ਆਰਡੀਨੈਂਸ ਰੱਦ ਨਹੀਂ ਹੋ ਜਾਂਦੇ, ਉਦੋਂ ਤੱਕ ਕੇਂਦਰ ਸਰਕਾਰ ਨਾਲ ਕੋਈ ਗੱਲ ਨਹੀਂ ਹੋ ਸਕਦੀ। ਦੱਸ ਦਈਏ ਕਿ ਖੇਤੀ ਆਰਡੀਨੈਂਸਾਂ ਦੇ ਮੁੱਦੇ 'ਤੇ ਬਾਦਲ ਦਲ ਵੱਲੋਂ ਲਏ ਗਏ ਸਟੈਂਡ ਨੂੰ ਲੈ ਕੇ ਅੱਜ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਅਕਾਲੀ ਦਲ (ਬਾਦਲ) ਦੇ ਪ੍ਰਧਾਨ ਸੁਖਬੀਰ ਬਾਦਲ ਨੂੰ ਸਨਮਾਨ ਕੀਤਾ।

ਇਸ ਤੋਂ ਪਹਿਲਾਂ ਪਾਰਟੀ ਦੇ ਸੀਨੀਅਰ ਮੀਤ ਪ੍ਰਧਾਨ ਡਾ. ਦਲਜੀਤ ਸਿੰਘ ਚੀਮਾ ਨੇ ਦੱਸਿਆ ਕਿ ਸੁਖਬੀਰ ਸਿੰਘ ਬਾਦਲ ਅਤੇ ਹਰਸਿਮਰਤ ਕੌਰ ਬਾਦਲ 21 ਤਰੀਕ ਨੂੰ ਪਾਰਟੀ ਦੀ ਸੀਨੀਅਰ ਲੀਡਰਸ਼ਿਪ ਸਮੇਤ ਦਰਬਾਰ ਸਾਹਿਬ ਵਿਖੇ ਨਤਮਸਤਕ ਹੋਣਗੇ ਅਤੇ ਅੰਨਦਾਤਾ ਪ੍ਰਤੀ ਫਰਜ਼ ਪੂਰਾ ਕਰਨ ਲਈ ਤਾਕਤ ਬਖ਼ਸ਼ਣ ਲਈ ਅਕਾਲ ਪੁਰਖ ਦਾ ਸ਼ੁਕਰਾਨਾ ਕਰਨਗੇ।