ਭਾਜਪਾ ਵਿਚ ਸ਼ਾਮਲ ਹੋਣ ਤੋਂ ਪਹਿਲਾ ਕੈਪਟਨ ਅਮਰਿੰਦਰ ਨੇ ਜੇਪੀ ਨੱਡਾ ਨਾਲ ਕੀਤੀ ਮੁਲਾਕਾਤ
ਸ਼ਾਮ ਨੂੰ ਭਾਜਪਾ ਵਿਚ ਸ਼ਾਮਲ ਹੋਣਗੇ ਕੈਪਟਨ ਅਮਰਿੰਦਰ ਸਿੰਘ
ਨਵੀਂ ਦਿੱਲੀ - ਪੰਜਾਬ ਦੇ ਸਾਬਕਾ ਮੁੱਖ ਮੰਤਰੀ ਅਤੇ ਪੰਜਾਬ ਲੋਕ ਕਾਂਗਰਸ (ਪੀਐਲਸੀ) ਦੇ ਪ੍ਰਧਾਨ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਭਾਜਪਾ ਵਿਚ ਸ਼ਾਮਲ ਹੋਣ ਤੋਂ ਪਹਿਲਾਂ ਪਾਰਟੀ ਦੇ ਕੌਮੀ ਪ੍ਰਧਾਨ ਜੇਪੀ ਨੱਢਾ ਨਾਲ ਮੁਲਾਕਾਤ ਕੀਤੀ। ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਕੈਪਟਨ ਅਮਰਿੰਦਰ ਸਿੰਘ ਭਾਜਪਾ ਦੇ ਸੀਨੀਅਰ ਨੇਤਾਵਾਂ ਦੀ ਮੌਜੂਦਗੀ 'ਚ ਆਪਣੀ ਨਵੀਂ ਬਣੀ ਪਾਰਟੀ ਪੀਐੱਲਸੀ ਨੂੰ ਭੰਗ ਕਰਨ ਤੋਂ ਬਾਅਦ ਅੱਜ ਭਾਜਪਾ ਵਿਚ ਸ਼ਾਮਲ ਹੋ ਜਾਣਗੇ। ਉਹਨਾਂ ਦੇ ਨਾਲ ਉਹਨਾਂ ਦੀ ਧੀ ਜੈਇੰਦਰ ਕੌਰ ਤੇ ਬੇਟਾ ਰਣਇੰਦਰ ਸਿੰਘ ਤੇ ਸਾਬਕਾ ਕਾਂਗਰਸੀ ਮੰਤਰੀ ਵੀ ਸ਼ਾਮਲ ਹੋਣਗੇ।
ਜ਼ਿਕਰਯੋਗ ਹੈ ਕਿ ਕੈਪਟਨ ਅਮਰਿੰਦਰ ਸਿੰਘ ਨੇ ਪਿਛਲੇ ਸਾਲ ਕਾਂਗਰਸ ਛੱਡ ਦਿੱਤੀ ਸੀ ਅਤੇ ਮੁੱਖ ਮੰਤਰੀ ਦੇ ਅਹੁਦੇ ਤੋਂ ਅਚਾਨਕ ਅਸਤੀਫ਼ਾ ਦੇ ਕੇ ਪੀਐਲਸੀ ਦਾ ਗਠਨ ਕੀਤਾ ਸੀ। ਪੀਐਲਸੀ ਨੇ ਭਾਜਪਾ ਅਤੇ ਸੁਖਦੇਵ ਸਿੰਘ ਢੀਂਡਸਾ ਦੀ ਅਗਵਾਈ ਵਾਲੀ ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਨਾਲ ਗਠਜੋੜ ਕਰਕੇ ਵਿਧਾਨ ਸਭਾ ਚੋਣਾਂ ਲੜੀਆਂ ਸਨ। ਹਾਲਾਂਕਿ, ਇਸ ਦਾ ਕੋਈ ਵੀ ਉਮੀਦਵਾਰ ਜਿੱਤ ਨਹੀਂ ਸਕਿਆ ਅਤੇ ਕੈਪਟਨ ਅਮਰਿੰਦਰ ਸਿੰਘ ਖ਼ੁਦ ਵੀ ਆਪਣੇ ਗੜ੍ਹ ਪਟਿਆਲਾ ਸਿਟੀ ਸੀਟ ਤੋਂ ਹਾਰ ਗਏ ਸਨ।