ਫੈਕਟਰੀ ਦੇ ਬਾਹਰ ਲੱਗੇ ਧਰਨੇ ਦਾ ਮਾਮਲਾ: ਹਾਈਕੋਰਟ ਵਲੋਂ ਪੰਜਾਬ ਸਰਕਾਰ ਨੂੰ 5 ਕਰੋੜ ਰੁਪਏ ਜਮ੍ਹਾ ਕਰਵਾਉਣ ਦਾ ਹੁਕਮ 

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਰਾਸ਼ਟਰੀ

22 ਨਵੰਬਰ ਨੂੰ ਹੋਵੇਗੀ ਮਾਮਲੇ ਦੀ ਅਗਲੀ ਸੁਣਵਾਈ, ਹਾਈਕੋਰਟ ਨੇ ਸਰਕਾਰ ਨੂੰ ਦਿੱਤਾ ਇੱਕ ਹਫ਼ਤੇ ਦਾ ਸਮਾਂ

Punjab and Haryana Highcourt

ਚੰਡੀਗੜ੍ਹ : ਫ਼ਿਰੋਜ਼ਪੁਰ ਵਿਖੇ ਇੱਕ ਨਾਮਿ ਸ਼ਰਾਬ ਫੈਕਟਰੀ ਅੱਗੇ ਲੱਗੇ ਧਰਨੇ ਦੇ ਮਾਮਲੇ ਵਿਚ ਨੋਟਿਸ ਲੈਂਦਿਆਂ ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਪੰਜਾਬ ਸਰਕਾਰ ਨੂੰ ਹਰਜਾਨਾ ਭਰਨ ਦਾ ਹੁਕਮ ਦਿੱਤਾ ਹੈ। ਹਾਈਕੋਰਟ ਵਲੋਂ ਸਰਕਾਰ ਨੂੰ 5 ਕਰੋੜ ਰੁਪਏ ਜਮ੍ਹਾ ਕਰਵਾਉਣ ਦੀ ਹਦਾਇਤ ਦਿਤੀ ਗਈ ਹੈ ਅਤੇ ਇਸ ਲਈ ਇੱਕ ਹਫ਼ਤੇ ਦਾ ਸਮਾਂ ਦਿੱਤਾ ਗਿਆ ਹੈ।

ਜਾਣਕਾਰੀ ਅਨੁਸਾਰ ਮਾਲਬਰੋਸ ਇੰਟਰਨੈਸ਼ਨਲ ਕੰਪਨੀ ਵਲੋਂ ਹਾਈਕੋਰਟ ਵਿਚ ਪਟੀਸ਼ਨ ਦਾਇਰ ਕੀਤੀ ਗਈ ਸੀ ਕਿ ਉਨ੍ਹਾਂ ਦੀ ਕੰਪਨੀ ਅੱਗੇ ਪਿੱਛਲੇ ਕਰੀਬ ਤਿੰਨ ਮਹੀਨਿਆਂ ਤੋਂ ਧਰਨਾ ਚੱਲ ਰਿਹਾ ਹੈ ਜਿਸ ਕਾਰਨ ਕੰਪਨੀ ਨੂੰ ਵੱਡਾ ਘਾਟਾ ਪਿਆ ਹੈ।

ਕੰਪਨੀ ਨੇ ਇਹ ਵੀ ਦਲੀਲ ਦਿੱਤੀ ਕਿ ਉਨ੍ਹਾਂ ਵੱਲੋਂ ਕਿਸੇ ਵੀ ਨਿਯਮ ਦੀ ਉਲੰਘਣਾ ਨਹੀਂ ਕੀਤੀ ਗਈ ਅਤੇ ਉਨ੍ਹਾਂ ਕੋਲ ਵਾਤਾਵਰਨ ਕਲੀਅਰੈਂਸ ਸਰਟੀਫਿਕੇਟ ਅਤੇ ਹੋਰ ਸਾਰੇ ਦਸਤਾਵੇਜ਼ ਮੌਜੂਦ ਹਨ। ਇਸ 'ਤੇ ਫ਼ੈਸਲਾ ਲੈਂਦਿਆਂ ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਪੰਜਾਬ ਸਰਕਾਰ ਨੂੰ 5 ਕਰੋੜ ਰੁਪਏ ਜਮ੍ਹਾ ਕਰਵਾਉਣ ਲਈ ਕਿਹਾ ਗਿਆ ਹੈ। ਹੁਣ ਇਸ ਮਾਮਲੇ ਦੀ ਅਗਲੀ ਸੁਣਵਾਈ 22 ਨਵੰਬਰ ਨੂੰ ਹੋਵੇਗੀ।