ਮੁੱਖ ਸਕੱਤਰ ਨੇ ਮੁੱਢਲੀਆਂ ਸਹਿਕਾਰੀ ਸੁਸਾਇਟੀਆਂ ਦੇ ਡਿਜੀਟਾਈਜੇਸ਼ਨ ਦੀ ਪ੍ਰਕਿਰਿਆ 31 ਦਸੰਬਰ ਤੱਕ ਪੂਰੀ ਕਰਨ ਦੇ ਦਿੱਤੇ ਹੁਕਮ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਰਾਸ਼ਟਰੀ

ਮੁੱਖ ਸਕੱਤਰ ਵੀ.ਕੇ, ਸਿੰਘ ਨੇ ਅਧਿਕਾਰੀਆਂ ਨੂੰ ਦਿੱਤੇ ਨਿਰਦੇਸ਼

Orders to complete the process of digitization of primary cooperative societies by December 31

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸਹਿਕਾਰੀ ਖੇਤਰ ਨੂੰ ਮਜ਼ਬੂਤ ਕਰਨ ਦੇ ਆਦੇਸ਼ਾਂ ਦੀ ਪਾਲਣਾ ਕਰਦਿਆਂ ਮੁੱਖ ਮੰਤਰੀ ਦੇ ਵਿਸ਼ੇਸ਼ ਮੁੱਖ ਸਕੱਤਰ ਸ੍ਰੀ ਵੀ.ਕੇ. ਸਿੰਘ ਨੇ ਸ਼ਨੀਵਾਰ ਨੂੰ ਅਧਿਕਾਰੀਆਂ ਨੂੰ ਪ੍ਰਾਇਮਰੀ ਖੇਤੀਬਾੜੀ ਸਹਿਕਾਰੀ ਸਭਾਵਾਂ (ਪੀ.ਏ.ਸੀ.ਐਸ.) ਦੇ ਕੰਪਿਊਟਰੀਕਰਨ ਦੀ ਚੱਲ ਰਹੀ ਪ੍ਰਕਿਰਿਆ ਵਿੱਚ ਤੇਜ਼ੀ ਲਿਆਉਣ ਅਤੇ ਇਸ ਪ੍ਰਕਿਰਿਆ ਨੂੰ 31 ਦਸੰਬਰ ਤੱਕ ਮੁਕੰਮਲ ਕਰਨ ਦੇ ਨਿਰਦੇਸ਼ ਦਿੱਤੇ।
 

ਰਾਜ ਪੱਧਰੀ ਇੰਪਲੀਮੈਨਟੇਸ਼ਨ ਅਤੇ ਮੌਨੀਟਰਿੰਗ ਕਮੇਟੀ (ਐਸ.ਐਲ.ਆਈ.ਐਮ.ਸੀ.) ਦੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਵਿਸ਼ੇਸ਼ ਮੁੱਖ ਸਕੱਤਰ ਨੇ ਪੰਜਾਬ ਵਿੱਚ ਸਹਿਕਾਰੀ ਲਹਿਰ ਦੀ ਰੀੜ੍ਹ ਦੀ ਹੱਡੀ ਵਜੋਂ ਮੁੱਢਲੀਆਂ ਸਹਿਕਾਰੀ ਸੁਸਾਇਟੀਆਂ ਦੀ ਮਹੱਤਤਾ ਦੀ ਨਿਸ਼ਾਨਦੇਹੀ ਕੀਤੀ। ਉਨ੍ਹਾਂ ਕਿਹਾ ਕਿ ਸੁਸਾਇਟੀਆਂ ਜ਼ਮੀਨੀ ਪੱਧਰ 'ਤੇ ਕਿਸਾਨਾਂ ਦੀ ਭਲਾਈ ਯਕੀਨੀ ਬਣਾਉਣ ਲਈ ਪ੍ਰੇਰਕ ਵਜੋਂ ਕੰਮ ਕਰਦੀਆਂ ਹਨ। ਸ੍ਰੀ ਵੀ.ਕੇ. ਸਿੰਘ ਨੇ ਕਿਹਾ ਕਿ ਇਨ੍ਹਾਂ ਸਭਾਵਾਂ ਦੇ ਕੰਪਿਊਟਰੀਕਰਨ ਨਾਲ ਸੁਸਾਇਟੀਆਂ ਦੇ ਕੰਮਕਾਜ ਵਿੱਚ ਵਧੇਰੇ ਕੁਸ਼ਲਤਾ ਅਤੇ ਪਾਰਦਰਸ਼ਤਾ ਆਵੇਗੀ, ਜਿਸ ਨਾਲ ਕਿਸਾਨਾਂ ਨੂੰ ਬਹੁਤ ਲਾਭ ਹੋਵੇਗਾ।
 

ਵਿਸ਼ੇਸ਼ ਮੁੱਖ ਸਕੱਤਰ ਨੇ ਚੱਲ ਰਹੇ ਕੰਪਿਊਟਰੀਕਰਨ ਦੀ ਜ਼ਿਲ੍ਹਾ ਪੱਧਰੀ ਸਥਿਤੀ ਦਾ ਜਾਇਜ਼ਾ ਲਿਆ ਅਤੇ ਅਧਿਕਾਰੀਆਂ ਨੂੰ ਪ੍ਰੋਜੈਕਟ ਨੂੰ ਸਮੇਂ ਸਿਰ ਅਤੇ ਪ੍ਰਭਾਵੀ ਢੰਗ ਨਾਲ ਲਾਗੂ ਕਰਨ ਨੂੰ ਯਕੀਨੀ ਬਣਾਉਣ ਲਈ ਕਿਹਾ। ਕਮੇਟੀ ਨੇ ਪੰਜਾਬ ਵਿੱਚ ਰਜਿਸਟਰਾਰ ਸਹਿਕਾਰੀ ਸਭਾਵਾਂ, ਪੰਜਾਬ ਅਤੇ ਖੇਤੀਬਾੜੀ ਸਹਿਕਾਰੀ ਬੈਂਕਾਂ ਦੇ ਦਫ਼ਤਰ ਦੇ ਕੰਪਿਊਟਰੀਕਰਨ ਬਾਰੇ ਵੀ ਵਿਚਾਰ-ਵਟਾਂਦਰਾ ਕੀਤਾ। ਸ੍ਰੀ ਵੀ.ਕੇ. ਸਿੰਘ ਨੇ ਉਮੀਦ ਜ਼ਾਹਰ ਕੀਤੀ ਕਿ ਇਹ ਪ੍ਰੋਜੈਕਟ ਪੰਜਾਬ ਭਰ ਵਿੱਚ ਸਹਿਕਾਰੀ ਸੁਸਾਇਟੀਆਂ ਦੇ ਕੰਮਕਾਜ ਨੂੰ ਹੋਰ ਸੁਚਾਰੂ ਬਣਾਏਗਾ।
 

ਮੀਟਿੰਗ ਵਿੱਚ ਹੋਰਨਾਂ ਤੋਂ ਇਲਾਵਾ ਸਕੱਤਰ ਸਹਿਕਾਰਤਾ-ਕਮ-ਮੈਨੇਜਿੰਗ ਡਾਇਰੈਕਟਰ ਪੰਜਾਬ ਰਾਜ ਸਹਿਕਾਰੀ ਬੈਂਕ ਅਨਿੰਦਿਤਾ ਮਿੱਤਰਾ, ਸਹਿਕਾਰੀ ਸਭਾਵਾਂ ਦੇ ਰਜਿਸਟਰਾਰ ਵਿਮਲ ਸੇਤੀਆ, ਨਾਬਾਰਡ, ਸਹਿਕਾਰਤਾ ਵਿਭਾਗ, ਪੰਜਾਬ ਰਾਜ ਸਹਿਕਾਰੀ ਬੈਂਕ ਦੇ ਨੁਮਾਇੰਦੇ ਅਤੇ ਹੋਰ ਹਾਜ਼ਰ ਸਨ।