ਸੋਨੀਆ ਗਾਂਧੀ ਦਾ ਕੇਂਦਰ 'ਤੇ ਹਮਲਾ, 'ਉਮੀਦ ਹੈ ਕਿ ਮੋਦੀ ਸਰਕਾਰ ਨੇ ਭਵਿੱਖ ਲਈ ਸਬਕ ਲਿਆ ਹੋਵੇਗਾ

ਏਜੰਸੀ

ਖ਼ਬਰਾਂ, ਰਾਸ਼ਟਰੀ

ਸੋਨੀਆ ਗਾਂਧੀ ਨੇ ਕਿਹਾ ਕਿ ਲੋਕਤੰਤਰ 'ਚ ਕੋਈ ਵੀ ਫੈਸਲਾ ਹਰ ਹਿੱਸੇਦਾਰ ਨਾਲ ਸਲਾਹ-ਮਸ਼ਵਰਾ ਕਰਨ ਤੇ ਵਿਰੋਧੀ ਧਿਰ ਨਾਲ ਸਲਾਹ-ਮਸ਼ਵਰਾ ਕਰਨ ਤੋਂ ਬਾਅਦ ਲਿਆ ਜਾਣਾ ਚਾਹੀਦਾ ਹੈ

Sonia Gandhi - PM Modi

ਨਵੀਂ ਦਿੱਲੀ: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਤਿੰਨ ਖੇਤੀ ਕਾਨੂੰਨਾਂ ਨੂੰ ਵਾਪਸ ਲੈਣ ਦੇ ਐਲਾਨ ਤੋਂ ਬਾਅਦ ਕਾਂਗਰਸ ਦੀ ਅੰਤਰਿਮ ਪ੍ਰਧਾਨ ਸੋਨੀਆ ਗਾਂਧੀ ਨੇ ਇਸ ਨੂੰ ਕਿਸਾਨਾਂ ਦੀ ਕੁਰਬਾਨੀ ਦੀ ਜਿੱਤ ਦੱਸਿਆ। ਸੋਨੀਆ ਗਾਂਧੀ ਨੇ ਕਿਹਾ ਕਿ 700 ਤੋਂ ਵੱਧ ਕਿਸਾਨ ਪਰਿਵਾਰਾਂ, ਜਿਨ੍ਹਾਂ ਦੇ ਮੈਂਬਰਾਂ ਨੇ ਇਨਸਾਫ਼ ਲਈ ਇਸ ਸੰਘਰਸ਼ ਵਿਚ ਆਪਣੀਆਂ ਜਾਨਾਂ ਕੁਰਬਾਨ ਕੀਤੀਆਂ, ਅੱਜ ਉਹਨਾਂ ਦੀ ਕੁਰਬਾਨੀ ਦਾ ਮੁੱਲ ਪਿਆ ਹੈ। ਅੱਜ ਸੱਚ, ਨਿਆਂ ਅਤੇ ਅਹਿੰਸਾ ਦੀ ਜਿੱਤ ਹੋਈ ਹੈ।

ਸੋਨੀਆ ਗਾਂਧੀ ਨੇ ਕਿਹਾ ਕਿ ਲੋਕਤੰਤਰ 'ਚ ਕੋਈ ਵੀ ਫੈਸਲਾ ਹਰ ਹਿੱਸੇਦਾਰ ਨਾਲ ਸਲਾਹ-ਮਸ਼ਵਰਾ ਕਰਨ ਅਤੇ ਵਿਰੋਧੀ ਧਿਰ ਨਾਲ ਸਲਾਹ-ਮਸ਼ਵਰਾ ਕਰਨ ਤੋਂ ਬਾਅਦ ਲਿਆ ਜਾਣਾ ਚਾਹੀਦਾ ਹੈ। ਮੈਨੂੰ ਉਮੀਦ ਹੈ ਕਿ ਮੋਦੀ ਸਰਕਾਰ ਨੇ ਭਵਿੱਖ ਲਈ ਘੱਟੋ-ਘੱਟ ਕੁਝ ਸਬਕ ਲਿਆ ਹੋਵੇਗਾ।

ਉਹਨਾਂ ਕਿਹਾ ਕਿ ਸੱਤਾ ਵਿੱਚ ਬੈਠੇ ਲੋਕਾਂ ਵੱਲੋਂ ਰਚੀ ਗਈ ਕਿਸਾਨ-ਮਜ਼ਦੂਰ ਵਿਰੋਧੀ ਸਾਜ਼ਿਸ਼ ਅੱਜ ਨਾਕਾਮ ਹੋ ਗਈ ਹੈ ਅਤੇ ਤਾਨਾਸ਼ਾਹ ਹਾਕਮਾਂ ਦੇ ਹੰਕਾਰ ਦੀ ਵੀ ਹਾਰ ਹੋਈ ਹੈ। ਅੱਜ ਰੋਜ਼ੀ-ਰੋਟੀ ਅਤੇ ਖੇਤੀ 'ਤੇ ਹਮਲੇ ਦੀ ਸਾਜ਼ਿਸ਼ ਨੂੰ ਵੀ ਨਾਕਾਮ ਕਰ ਦਿੱਤਾ ਗਿਆ। ਅੱਜ ਤਿੰਨ ਕਿਸਾਨ ਵਿਰੋਧੀ ਕਾਨੂੰਨ ਹਾਰ ਗਏ ਅਤੇ ਅੰਨਦਾਤਾ ਜਿੱਤ ਗਏ।

ਕੇਂਦਰ 'ਤੇ ਨਿਸ਼ਾਨਾ ਸਾਧਦੇ ਹੋਏ ਸੋਨੀਆ ਗਾਂਧੀ ਨੇ ਕਿਹਾ ਕਿ ਪਿਛਲੇ 7 ਸਾਲਾਂ ਤੋਂ ਭਾਜਪਾ ਸਰਕਾਰ ਨੇ ਲਗਾਤਾਰ ਵੱਖ-ਵੱਖ ਤਰੀਕਿਆਂ ਨਾਲ ਖੇਤੀ 'ਤੇ ਹਮਲੇ ਕੀਤੇ ਹਨ। ਚਾਹੇ ਉਹ ਭਾਜਪਾ ਦੀ ਸਰਕਾਰ ਬਣਦਿਆਂ ਹੀ ਕਿਸਾਨਾਂ ਨੂੰ ਦਿੱਤਾ ਜਾਣ ਵਾਲਾ ਬੋਨਸ ਬੰਦ ਕਰਨ ਦੀ ਗੱਲ ਹੋਵੇ ਜਾਂ ਫਿਰ ਆਰਡੀਨੈਂਸ ਲਿਆ ਕੇ ਕਿਸਾਨਾਂ ਦੀ ਜ਼ਮੀਨ ਦਾ ਜਾਇਜ਼ ਮੁਆਵਜ਼ਾ ਕਾਨੂੰਨ ਖ਼ਤਮ ਕਰਨ ਦੀ ਕੋਈ ਸਾਜ਼ਿਸ਼ ਹੋਵੇ।

ਸੋਨੀਆ ਗਾਂਧੀ ਨੇ ਕਿਹਾ ਕਿ ਮੈਨੂੰ ਉਮੀਦ ਹੈ ਕਿ ਪ੍ਰਧਾਨ ਮੰਤਰੀ ਅਤੇ ਭਾਜਪਾ ਸਰਕਾਰ ਆਪਣਾ ਹੰਕਾਰ ਛੱਡ ਕੇ ਕਿਸਾਨ ਭਲਾਈ ਨੀਤੀਆਂ ਨੂੰ ਲਾਗੂ ਕਰਨ ਵੱਲ ਧਿਆਨ ਦੇਵੇਗੀ, ਘੱਟੋ-ਘੱਟ ਸਮਰਥਨ ਮੁੱਲ ਯਕੀਨੀ ਬਣਾਉਣਗੇ ਅਤੇ ਭਵਿੱਖ ਵਿਚ ਅਜਿਹਾ ਕੋਈ ਵੀ ਕਦਮ ਚੁੱਕਣ ਤੋਂ ਪਹਿਲਾਂ ਸੂਬਾ ਸਰਕਾਰਾਂ, ਕਿਸਾਨ ਜਥੇਬੰਦੀਆਂ ਅਤੇ ਵਿਰੋਧੀ ਪਾਰਟੀਆਂ ਨਾਲ ਸਲਾਹ-ਮਸ਼ਵਰਾ ਕੀਤਾ ਜਾਵੇਗਾ ਅਤੇ ਸਹਿਮਤੀ ਬਣਾਈ ਜਾਵੇਗੀ।