ਪੀਐੱਮ ਮੋਦੀ ਦਾ ਧੰਨਵਾਦ ਕਰੋ ਅਤੇ ਧਰਨਾ ਚੁੱਕ ਕੇ ਘਰਾਂ ਨੂੰ ਜਾਓ: ਅਨਿਲ ਵਿਜ

ਏਜੰਸੀ

ਖ਼ਬਰਾਂ, ਰਾਸ਼ਟਰੀ

ਇਨ੍ਹਾਂ ਤਿੰਨਾਂ ਖੇਤੀ ਕਾਨੂੰਨਾਂ ਦਾ ਉਦੇਸ਼ ਕਿਸਾਨਾਂ ਖਾਸ ਕਰਕੇ ਛੋਟੇ ਕਿਸਾਨਾਂ ਦਾ ਸਸ਼ਕਤੀਕਰਨ ਸੀ।

Anil Vij

 

ਚੰਡੀਗੜ੍ਹ - ਹਰਿਆਣਾ ਦੇ ਗ੍ਰਹਿ ਮੰਤਰੀ ਅਨਿਲ ਵਿਜ ਨੇ ਸ਼ੁੱਕਰਵਾਰ ਨੂੰ ਕਿਸਾਨ ਸੰਗਠਨਾਂ ਨੂੰ ਕਿਹਾ ਕਿ ਉਹ ਖੇਤੀਬਾੜੀ ਕਾਨੂੰਨਾਂ ਨੂੰ ਰੱਦ ਕਰਨ ਦੇ ਫੈਸਲੇ ਲਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਧੰਨਵਾਦ ਕਰਨ। ਵਿਜ ਨੇ ਟਵੀਟ ਕੀਤਾ, "ਸਾਰੇ ਕਿਸਾਨ ਸੰਗਠਨਾਂ ਨੂੰ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੇ ਮੌਕੇ ਤਿੰਨੋਂ ਖੇਤੀਬਾੜੀ ਕਾਨੂੰਨਾਂ ਨੂੰ ਵਾਪਸ ਲੈਣ ਦੇ ਐਲਾਨ ਲਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਜੀ ਦਾ ਧੰਨਵਾਦ ਕਰਨਾ ਚਾਹੀਦਾ ਹੈ ਅਤੇ ਆਪਣਾ ਧਰਨਾ ਤੁਰੰਤ ਖ਼ਤਮ ਕਰ ਕੇ ਆਪਣੇ-ਆਪਣੇ ਘਰਾਂ ਨੂੰ ਜਾਣਾ ਚਾਹੀਦਾ ਹੈ। ਨਿਯਮਤ ਕੰਮ ਦੀ ਲੋੜ ਹੈ।"

ਦੱਸ ਦਈਏ ਕਿ ਪ੍ਰਧਾਨ ਮੰਤਰੀ ਮੋਦੀ ਨੇ ਸ਼ੁੱਕਰਵਾਰ ਨੂੰ ਗੁਰੂ ਨਾਨਕ ਦੇਵ ਜੀ ਦੇ ਗੁਰਪੁਰਬ ਮੌਕੇ 'ਤੇ ਦੇਸ਼ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ ਉਹਨਾਂ ਦੀ ਸਰਕਾਰ ਸਾਰੇ ਯਤਨਾਂ ਦੇ ਬਾਵਜੂਦ ਤਿੰਨ ਖੇਤੀਬਾੜੀ ਕਾਨੂੰਨ ਦੇ ਫਾਇਦੇ ਕਿਸਾਨ ਦੇ ਇੱਕ ਸਮੂਹ ਨੂੰ ਸਮਝਾਉਣ ਵਿਚ ਅਸਫਲ ਰਹੀ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਤਿੰਨਾਂ ਖੇਤੀ ਕਾਨੂੰਨਾਂ ਦਾ ਉਦੇਸ਼ ਕਿਸਾਨਾਂ ਖਾਸ ਕਰਕੇ ਛੋਟੇ ਕਿਸਾਨਾਂ ਦਾ ਸਸ਼ਕਤੀਕਰਨ ਸੀ।

ਜ਼ਿਕਰਯੋਗ ਦਿੱਲੀ ਦੀਆਂ ਵੱਖ-ਵੱਖ ਸਰਹੱਦਾਂ 'ਤੇ ਇਨ੍ਹਾਂ ਤਿੰਨਾਂ ਖੇਤੀ ਕਾਨੂੰਨਾਂ ਨੂੰ ਰੱਦ ਕਰਨ ਦੀ ਮੰਗ ਨੂੰ ਲੈ ਕੇ ਨਵੰਬਰ 2020 ਤੋਂ ਸੈਂਕੜੇ ਕਿਸਾਨ ਧਰਨੇ 'ਤੇ ਬੈਠੇ ਹਨ। ਕੇਂਦਰ ਅਤੇ ਕਿਸਾਨਾਂ ਦੇ ਨੁਮਾਇੰਦਿਆਂ ਦਰਮਿਆਨ ਗੈਰ ਰਸਮੀ ਗੱਲਬਾਤ ਦੇ 11 ਦੌਰ ਹੋਏ ਜੋ ਬੇਕਾਰ ਰਹੇ। ਕੇਂਦਰ ਨੇ ਜਿੱਥੇ ਇਨ੍ਹਾਂ ਕਾਨੂੰਨਾਂ ਨੂੰ ਕਿਸਾਨ ਪੱਖੀ ਕਰਾਰ ਦਿੱਤਾ ਸੀ, ਉੱਥੇ ਹੀ ਵਿਰੋਧ ਕਰ ਰਹੇ ਕਿਸਾਨਾਂ ਦਾ ਕਹਿਣਾ ਸੀ ਕਿ ਇਹ ਕਾਨੂੰਨ ਉਨ੍ਹਾਂ ਨੂੰ ਕਾਰਪੋਰੇਟ ਘਰਾਣਿਆਂ 'ਤੇ ਨਿਰਭਰ ਬਣਾ ਦੇਣਗੇ।