ਟੈਰਰ ਫੰਡਿੰਗ ਮਾਮਲੇ 'ਚ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਦਾ ਵਿਦਿਆਰਥੀ ਗ੍ਰਿਫ਼ਤਾਰ, ISI ਨਾਲ ਜੁੜੇ ਤਾਰ!
ਬੈਂਕ ਖਾਤੇ ਨਾਲ ਹੋਇਆ ਖੁਲਾਸਾ
ਚੰਡੀਗੜ੍ਹ: ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਦੇ ਇੱਕ ਵਿਦਿਆਰਥੀ ਨੂੰ ਟੈਰਰ ਫੰਡਿੰਗ ਦੇ ਦੋਸ਼ ਵਿੱਚ ਗ੍ਰਿਫ਼ਤਾਰ ਕੀਤਾ ਗਿਆ ਹੈ। ਮੁਲਜ਼ਮ ਨੌਜਵਾਨ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਵਿੱਚ ਐਮਏ ਦਾ ਵਿਦਿਆਰਥੀ ਹੈ। ਮੁਲਜ਼ਮ ਦੀ ਪਛਾਣ ਅਰਸ਼ਦੀਪ ਵਜੋਂ ਹੋਈ ਹੈ, ਜੋ ਕਿ ਪੰਜਾਬ ਦੇ ਭਵਾਨੀਗੜ੍ਹ ਜ਼ਿਲ੍ਹੇ ਦੇ ਸੰਗਰੂਰ ਦਾ ਰਹਿਣ ਵਾਲਾ ਹੈ। ਮੁਲਜ਼ਮ ਨੂੰ ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ (ਐਸਐਸਓਸੀ) ਨੇ ਗ੍ਰਿਫ਼ਤਾਰ ਕੀਤਾ ਹੈ। ਐਸਐਸਓਸੀ ਦੀ ਟੀਮ ਨੇ ਗੁਪਤ ਸੂਚਨਾ ’ਤੇ ਮੁਲਜ਼ਮ ਨੌਜਵਾਨ ਨੂੰ ਚੰਡੀਗੜ੍ਹ ਤੋਂ ਗ੍ਰਿਫ਼ਤਾਰ ਕੀਤਾ ਹੈ।
ਮੁਲਜ਼ਮ ਅਰਸ਼ਦੀਪ ਵਿਦੇਸ਼ ਵਿੱਚ ਬੈਠੇ ਲਖਬੀਰ ਸਿੰਘ ਲੰਡਾ ਅਤੇ ਲਾਰੈਂਸ ਬਿਸ਼ਨੋਈ ਗਰੋਹ ਦੇ ਮੈਂਬਰ ਗੋਲਡੀ ਬਰਾੜ ਦਾ ਸਾਥੀ ਦੱਸਿਆ ਜਾ ਰਿਹਾ ਹੈ। ਇਸ ਤੋਂ ਇਲਾਵਾ ਵਿਦੇਸ਼ ਵਿੱਚ ਬੈਠੇ ਆਈਐਸਆਈ ਦੇ ਗੁਰਗੇ ਪੀਯੂ ਦੇ ਵਿਦਿਆਰਥੀ ਅਰਸ਼ਦੀਪ ਦੇ ਬੈਂਕ ਖਾਤੇ ਵਿੱਚ ਪੈਸੇ ਭੇਜ ਰਹੇ ਸਨ। ਮੁਲਜ਼ਮ ਦੀ ਗ੍ਰਿਫ਼ਤਾਰੀ ਉਸ ਦੇ ਬੈਂਕ ਖਾਤੇ ਦੇ ਵੇਰਵੇ ਦੇ ਆਧਾਰ ’ਤੇ ਕੀਤੀ ਗਈ ਹੈ।
SSOC ਇਸਦੇ ਬੈਂਕ ਖਾਤਿਆਂ ਦੀ ਜਾਂਚ ਕਰੇਗੀ। ਇਹ ਪਤਾ ਲਗਾਉਣ ਦੀ ਕੋਸ਼ਿਸ਼ ਕੀਤੀ ਜਾਵੇਗੀ ਕਿ ਇਸ ਦੇ ਖਾਤੇ 'ਚ ਹੁਣ ਤੱਕ ਕਿੰਨਾ ਫੰਡ ਆਇਆ ਹੈ। ਉਸ ਫੰਡ ਦੀ ਵਰਤੋਂ ਕਿੱਥੇ ਕੀਤੀ ਹੈ। ਇਹ ਵੀ ਪਤਾ ਲੱਗਾ ਹੈ ਕਿ ਉਹ ਕਦੋਂ ਤੋਂ ਗੋਲਡੀ ਬਰਾੜ ਅਤੇ ਲਖਬੀਰ ਲੰਡਾ ਦੇ ਸੰਪਰਕ ਵਿਚ ਸੀ। ਲਖਬੀਰ ਲੰਡਾ ਮੋਹਾਲੀ 'ਚ ਪੰਜਾਬ ਇੰਟੈਲੀਜੈਂਸ ਵਿਭਾਗ ਦੇ ਦਫਤਰ 'ਤੇ ਆਰ.ਪੀ.ਜੀ. ਫਾਇਰਿੰਗ ਕਰਵਾਉਣ ਦਾ ਮੁੱਖ ਦੋਸ਼ੀ ਹੈ।
ਦੂਜੇ ਪਾਸੇ ਗੈਂਗਸਟਰ ਲਾਰੈਂਸ ਬਿਸ਼ਨੋਈ ਦਾ ਸਾਥੀ ਗੋਲਡੀ ਬਰਾੜ ਕੈਨੇਡਾ ਵਿੱਚ ਬੈਠਾ ਹੈ, ਜੋ ਉਥੋਂ ਪੰਜਾਬ ਵਿੱਚ ਆਪਣਾ ਗੈਂਗ ਚਲਾ ਰਿਹਾ ਹੈ। ਗੋਲਡੀ ਬਰਾੜ ਵੀ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਵਿੱਚ ਸ਼ਾਮਲ ਹੈ। ਸਿੱਧੂ ਮੂਸੇਵਾਲਾ ਦੇ ਕਤਲ ਤੋਂ ਬਾਅਦ ਗੋਲਡੀ ਬਰਾੜ ਨੇ ਸੋਸ਼ਲ ਮੀਡੀਆ 'ਤੇ ਇਸ ਕਤਲ ਦੀ ਜ਼ਿੰਮੇਵਾਰੀ ਲੈਂਦਿਆਂ ਇਸ ਨੂੰ ਵਿੱਕੀ ਮਿੱਡੂਖੇੜਾ ਦੇ ਕਤਲ ਦਾ ਬਦਲਾ ਦੱਸਿਆ ਸੀ।