ਕਿਸਾਨਾਂ ਨੂੰ ਮਨਾਉਣ ਦੀ ਕਵਾਇਦ ਜਾਰੀ! ਖੇਤੀ ਕਾਨੂੰਨ ਸਮਝਾਉਣ ਲਈ ਪੀਐਮ ਮੋਦੀ ਨੇ ਸ਼ੇਅਰ ਕੀਤੀ ਬੁਕਲੇਟ
ਗ੍ਰਾਫ਼ਿਕਸ ਤੇ ਬੁਕਲੇਟ ਨਾਲ ਖੇਤੀ ਕਾਨੂੰਨ ਸਮਝਣ ‘ਤੇ ਹੋਵੇਗੀ ਅਸਾਨੀ- ਮੋਦੀ
ਨਵੀਂ ਦਿੱਲੀ: ਖੇਤੀ ਕਾਨੂੰਨ ਰੱਦ ਕਰਵਾਉਣ ਲਈ ਕਿਸਾਨ 24ਵੇਂ ਦਿਨ ਵੀ ਦਿੱਲੀ ਦੀਆਂ ਸਰਹੱਦਾਂ ‘ਤੇ ਸੰਘਰਸ਼ ਕਰ ਰਹੇ ਹਨ। ਇਸ ਦੌਰਾਨ ਕੇਂਦਰ ਸਰਕਾਰ ਲਗਾਤਾਰ ਕਿਸਾਨਾਂ ਨੂੰ ਨਵੇਂ ਖੇਤੀ ਕਾਨੂੰਨਾਂ ਦੇ ਫਾਇਦੇ ਗਿਣਾ ਰਹੀ ਹੈ। ਕਿਸਾਨਾਂ ਵੱਲੋਂ ਲਗਾਤਾਰ ਕਾਨੂੰਨ ਰੱਦ ਕਰਨ ਦੀ ਮੰਗ ਕੀਤੀ ਜਾ ਰਹੀ ਹੈ ਪਰ ਸਰਕਾਰ ਕਾਨੂੰਨ ਰੱਦ ਕਰਨ ਦੀ ਬਜਾਏ ਕਾਨੂੰਨਾਂ ਵਿਚ ਸੋਧ ਦਾ ਪ੍ਰਸਤਾਵ ਦੇ ਰਹੀ ਹੈ।
ਇਸ ਦੇ ਚਲਦਿਆਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸ਼ਨੀਵਾਰ ਨੂੰ ਟਵੀਟ ਕੀਤਾ, ਜਿਸ ਵਿਚ ਗ੍ਰਾਫ਼ਿਕਸ ਤੇ ਬੁਕਲੇਟ ਦੇ ਜ਼ਰੀਏ ਖੇਤੀ ਕਾਨੂੰਨਾਂ ਬਾਰੇ ਦੱਸਿਆ ਗਿਆ ਹੈ। ਪ੍ਰਧਾਨ ਮੰਤਰੀ ਮੋਦੀ ਨੇ ਲਿਖਿਆ- ਗ੍ਰਾਫਿਕਸ ਅਤੇ ਬੁਕਲੇਟ ਸਮੇਤ ਬਹੁਤ ਸਾਰੀ ਸਮੱਗਰੀ ਹੈ, ਜੋ ਹਾਲ ਹੀ ’ਚ ਖੇਤੀ ਸੁਧਾਰ ਸਾਡੇ ਕਿਸਾਨਾਂ ਦੀ ਮਦਦ ਕਰਨ ਬਾਰੇ ਵਿਸਥਾਰ ਨਾਲ ਦੱਸਦੇ ਹਨ।
ਇਹ ‘ਨਮੋ’ ਐਪ ਵਲੰਟੀਅਰ ਮੈਡਿਊਲ ਨੂੰ ਡਾਊਨਡੋਲ ਕੀਤਾ ਜਾ ਸਕਦਾ ਹੈ। ਉਹਨਾਂ ਨੇ ਇਸ ਨੂੰ ਪੜ੍ਹਨ ਤੇ ਸਾਂਝਾ ਕਰਨ ਦੀ ਅਪੀਲ ਕੀਤੀ। ਦੱਸ ਦਈਏ ਕਿ ਦਿੱਲੀ ਵਿਚ ਕਿਸਾਨੀ ਅੰਦੋਲਨ ਦੇ ਚਲਦਿਆਂ ਕੇਂਦਰ ਸਰਕਾਰ ਵੱਲੋਂ ਖੇਤੀ ਕਾਨੂੰਨਾਂ ਪ੍ਰਤੀ ਜਾਗੂਰਕਤਾ ਫੈਲਾਉਣ ਲਈ ਵੱਖ-ਵੱਖ ਮੁਹਿੰਮਾਂ ਚਲਾਈਆਂ ਜਾ ਰਹੀਆਂ ਹਨ।
ਦੇਸ਼ ਦੇ ਵੱਖ-ਵੱਖ ਹਿੱਸਿਆਂ ਵਿਚ ਕਿਸਾਨ ਸੰਮੇਲਨ ਆਯੋਜਿਤ ਕੀਤੇ ਜਾ ਰਹੇ ਹਨ। ਬੀਤੇ ਦਿਨ ਕੇਂਦਰੀ ਖੇਤੀਬਾੜੀ ਮੰਤਰੀ ਨਰਿੰਦਰ ਸਿੰਘ ਤੋਮਰ ਨੇ ਕਿਹਾ ਕਿ ਉਹਨਾਂ ਨੂੰ ਉਮੀਦ ਹੈ ਕਿ ਨਵੇਂ ਸਾਲ ਤੋਂ ਪਹਿਲਾਂ ਇਸ ਮਾਮਲੇ ਵਿਚ ਕੋਈ ਹੱਲ ਨਿਕਲ ਜਾਵੇਗਾ।