ਸ੍ਰੀ ਗੁਰੂ ਤੇਗ਼ ਬਹਾਦਰ ਜੀ ਦਾ ਜੀਵਨ ਸਾਹਸ ਅਤੇ ਦਇਆ ਦਾ ਪ੍ਰਤੀਕ- ਮੋਦੀ
ਪੀਐਮ ਮੋਦੀ ਨੇ ਸ੍ਰੀ ਗੁਰੂ ਤੇਗ ਬਹਾਦਰ ਜੀ ਨੂੰ ਕੀਤਾ ਨਮਨ
ਨਵੀਂ ਦਿੱਲੀ: ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਸ਼ਹੀਦੀ ਦਿਹਾੜੇ ਮੌਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਉਹਨਾਂ ਨੂੰ ਨਮਨ ਕੀਤਾ। ਪੀਐਮ ਮੋਦੀ ਨੇ ਕਿਹਾ ਕਿ ਸ੍ਰੀ ਗੁਰੂ ਤੇਗ ਬਹਾਦਰ ਜੀ ਦਾ ਜੀਵਨ ਸਾਹਸ ਅਤੇ ਦਇਆ ਦਾ ਪ੍ਰਤੀਕ ਹੈ।
ਉਹਨਾਂ ਨੇ ਟਵੀਟ ਕੀਤਾ, ‘ਸ੍ਰੀ ਗੁਰੂ ਤੇਗ਼ ਬਹਾਦਰ ਜੀ ਦਾ ਜੀਵਨ ਸਾਹਸ ਅਤੇ ਦਇਆ ਦਾ ਪ੍ਰਤੀਕ ਹੈ। ਉਹਨਾਂ ਦੇ ਸ਼ਹੀਦੀ ਦਿਵਸ 'ਤੇ ਮਹਾਨ ਸ੍ਰੀ ਗੁਰੂ ਤੇਗ਼ ਬਹਾਦਰ ਜੀ ਨੂੰ ਮੈਂ ਨਮਨ ਕਰਦਾ ਹਾਂ ਅਤੇ ਇੱਕ ਨਿਆਂਪੂਰਨ ਤੇ ਸਮਾਵੇਸ਼ੀ ਸਮਾਜ ਦੇ ਲਈ ਉਹਨਾਂ ਦੇ ਦ੍ਰਿਸ਼ਟੀਕੋਣ ਨੂੰ ਯਾਦ ਕਰਦਾ ਹਾਂ।
ਇਸ ਤੋਂ ਇਲਾਵਾ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਵੀ ਨੌਵੇਂ ਪਾਤਸ਼ਾਹ ਦੇ ਸ਼ਹੀਦੀ ਦਿਹਾੜੇ ਮੌਕੇ ਟਵੀਟ ਕੀਤਾ, ‘ਹਿੰਦ ਦੀ ਚਾਦਰ ਸਾਹਿਬ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਸ਼ਹੀਦੀ ਦਿਹਾੜੇ ਮੌਕੇ ਉਹਨਾਂ ਅੱਗੇ ਸੀਸ ਝੁਕਾਉਂਦੇ ਹਾਂ ਜਿਨ੍ਹਾਂ ਨੇ ਕਸ਼ਮੀਰੀ ਪੰਡਿਤਾਂ ਦੀ ਫਰਿਆਦ ਸੁਣੀ ਤੇ ਆਪਣਾ ਆਪ ਵਾਰ ਕੇ ਹਿੰਦੂ ਧਰਮ ਦੀ ਰਾਖੀ ਕੀਤੀ।‘
ਇਸ ਮੌਕੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੇ ਵੀ ਸ੍ਰੀ ਗੁਰੂ ਤੇਗ ਬਹਾਦਰ ਜੀ ਨੂੰ ਨਮਨ ਕੀਤਾ। ਉਹਨਾਂ ਨੇ ਟਵੀਟ ਕਰਦਿਆਂ ਕਿਹਾ, 'ਹਿੰਦ ਦੀ ਚਾਦਰ', ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਸ਼ਹੀਦੀ ਦਿਵਸ ਮੌਕੇ ਗੁਰੂ ਚਰਨਾਂ 'ਚ ਸੀਸ ਨਿਵਾ ਕੇ ਪ੍ਰਣਾਮ। ਦਿੱਲੀ 'ਚ ਹੀ ਧਰਮ ਦੀ ਰਾਖੀ ਲਈ ਸ਼ਹਾਦਤ ਦੇਣ ਵਾਲੇ ਨੌਵੇਂ ਪਾਤਸ਼ਾਹ ਜੀ ਦੇ ਚਰਨਾਂ 'ਚ ਬੇਨਤੀ ਹੈ ਕਿ ਉਹ ਕਿਸਾਨ ਅੰਦੋਲਨ 'ਚ ਹੱਕ ਸੱਚ ਦੀ ਲੜਾਈ ਲੜ ਰਹੇ ਆਪਣੇ ਬੱਚਿਆਂ 'ਤੇ ਬਖਸ਼ਿਸ਼ ਬਣਾਈ ਰੱਖਣ'।