ਕਿਸਾਨਾਂ ਦੀ ਆਵਾਜ਼ ਨੂੰ ਸਦਨ ’ਚ ਜ਼ੋਰਦਾਰ ਢੰਗ ਨਾਲ ਉਠਾਵਾਂਗਾ : ਰਵਨੀਤ ਬਿੱਟੂ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਰਾਸ਼ਟਰੀ

ਜੰਤਰ ਮੰਤਰ ’ਤੇ ਬੈਠੇ ਕਾਂਗਰਸੀ ਸੰਸਦ ਮੈਂਬਰਾਂ ਦੀ ਹਮਾਇਤ ’ਚ ਪਹੁੰਚੇ ਤਿ੍ਰਪਤ ਰਾਜਿੰਦਰ ਬਾਜਵਾ ਤੇ ਸੁੁੱਖੀ ਰੰਧਾਵਾ

Congress MP Ravneet Bittu

ਨਵੀਂ ਦਿੱਲੀ :  ਜੰਤਰ ਮੰਤਰ ਵਿਖੇ ਪਿਛਲੇ 45 ਦਿਨਾਂ ਤੋਂ ਧਰਨੇ ’ਤੇ ਬੈਠੇ ਅੰਮਿ੍ਰਤਸਰ ਦੇ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ, ਲੁਧਿਆਣਾ ਤੋਂ ਸੰਸਦ ਮੈਂਬਰ ਰਵਨੀਤ ਸਿੰਘ ਬਿੱਟੂ, ਖਡੂਰ ਸਾਹਿਬ ਤੋਂ ਸੰਸਦ ਮੈਂਬਰ ਜਸਬੀਰ ਸਿੰਘ ਡਿੰਪਾ, ਹਲਕਾ ਜ਼ੀਰਾ ਤੋਂ ਵਿਧਾਇਕ ਕੁਲਬੀਰ ਸਿੰਘ ਜ਼ੀਰਾ ਸਣੇ ਕਈ ਕਾਂਗਰਸੀ ਆਗੂਆਂ ਦੀ ਹੌਂਸਲਾ ਅਫ਼ਜਾਈ ਲਈ ਕਾਂਗਰਸੀ ਆਗੂ ਸੁਖੀ ਰੰਧਾਵਾ ਅਤੇ ਕੈਬਨਿਟ ਮੰਤਰੀ ਤਿ੍ਰਪਤ ਰਾਜਿੰਦਰ ਸਿੰਘ ਬਾਜਵਾ ਪਹੁੰਚੇ। ਇਨ੍ਹਾਂ ਆਗੂਆਂ ਨੇ ਪੂਰਾ ਦਿਨ ਜੰਤਰ ਮੰਤਰ ਵਿਖੇ ਬਿਤਾਇਆ। ਇਸ ਦੌਰਾਨ ਕਾਂਗਰਸੀ ਆਗੂਆਂ ਨੇ ਕਿਸਾਨਾਂ ਦੇ ਹੱਕ ਵਿਚ ਚੁਕੇ ਜਾਣ ਵਾਲੇ ਅਗਲੇਰੇ ਕਦਮਾਂ ’ਤੇ ਵਿਚਾਰ ਵਟਾਂਦਰਾ ਕੀਤਾ। 

ਇਸ ਤੋਂ ਬਾਅਦ ਬਿਆਨ ਜਾਰੀ ਕਰਦਿਆਂ ਸੰਸਦ ਮੈਂਬਰ ਰਵਨੀਤ ਸਿੰਘ ਬਿੱਟੂ ਨੇ ਕਿਹਾ ਕਿ 29 ਜਨਵਰੀ ਨੂੰ ਬੁਲਾਏ ਜਾਣ ਵਾਲੇ ਸਦਨ ਦੇ ਸੈਸ਼ਨ ਵਿਚ ਉਹ ਕਿਸਾਨਾਂ ਦੀ ਆਵਾਜ਼ ਨੂੰ ਪ੍ਰਮੁੱਖਤਾ ਨਾਲ ਚੁੱਕਣਗੇ। ਉਨ੍ਹਾਂ ਕਿਹਾ ਕਿ ਉਹ ਕਿਸਾਨਾਂ ਦੇ ਮੁੱਦੇ ਨੂੰ ਪਹਿਲਾਂ ਵੀ ਉਠਾ ਚੁੱਕੇ ਹਨ ਅਤੇ ਹੁਣ ਇਕ ਵਾਰ ਫਿਰ ਇਸ ਮੁੱਦੇ ਨੂੰ ਜ਼ੋਰਦਾਰ ਢੰਗ ਨਾਲ ਉਠਾਉਣਗੇ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਤੋਂ ਬਿਨਾਂ ਬਾਕੀ ਸਾਰੀ ਵਿਰੋਧੀ ਧਿਰ ਕਿਸਾਨੀ ਮੁੱਦੇ ’ਤੇ ਇਕਮਤ ਹੈ। 

ਉਨ੍ਹਾਂ ਕਿਹਾ ਕਿ ਵਿਰੋਧੀ ਧਿਰਾਂ ਦੀ ਜ਼ੋਰਦਾਰ ਢੰਗ ਨਾਲ ਉਠਾਈ ਗਈ ਆਵਾਜ਼ ਸਰਕਾਰ ਤਕ ਜ਼ਰੂਰ ਪਹੁੰਚੇਗੀ। ਉਨ੍ਹਾਂ ਕਿਹਾ ਕਿ ਬੀਤੇ ਦਿਨੀਂ ਕੀਤੇ ਗਏ ਐਲਾਨ ਮੁਤਾਬਕ ਹੋਣ ਵਾਲੇ ਜਨ ਸਦਨ ਵਿਚ ਵੀ ਉਹ ਕਿਸਾਨ ਜਥੇਬੰਦੀਆਂ ਦੀਆਂ ਮਾਨਸ਼ਾਵਾਂ ਮੁਤਾਬਕ ਸ਼ਮੂਲੀਅਤ ਕਰਨਗੇ ਅਤੇ ਸਾਡੀ ਪੂਰੀ ਕਾਂਗਰਸ ਪਾਰਟੀ ਕਿਸਾਨਾਂ ਦੇ ਹੱਕ ਵਿਚ ਆਵਾਜ਼ ਉਠਾਉਂਦੀ ਰਹੇਗੀ।

ਕਾਬਲੇਗੌਰ ਹੈ ਕਿ ਸੰਸਦੀ ਮਾਮਲਿਆਂ ਬਾਰੇ ਕੈਬਨਿਟ ਕਮੇਟੀ (ਸੀਸੀਪੀਏ) ਨੇ ਸੰਸਦ ਦਾ ਬਜਟ ਸੈਸ਼ਨ 29 ਜਨਵਰੀ ਤੋਂ ਬੁਲਾਉਣ ਦੀ ਸਿਫਾਰਸ ਕੀਤੀ ਸੀ। ਇਸ ਮੌਕੇ ਰਾਸ਼ਟਰਪਤੀ ਰਾਮ ਨਾਥ ਕੋਵਿੰਦ ਸੰਸਦ ਦੇ ਦੋਵੇਂ ਸਦਨਾਂ ਦੀ ਸਾਂਝੀ ਬੈਠਕ ਨੂੰ ਸੰਬੋਧਨ ਕਰਨਗੇ ਅਤੇ ਕੇਂਦਰੀ ਬਜਟ 1 ਫਰਵਰੀ ਨੂੰ ਪੇਸ਼ ਕੀਤਾ ਜਾਵੇਗਾ।