ਮਹਾਪੰਚਾਇਤ ’ਚ ਪੀਐਮ ’ਤੇ ਬਰਸੀ ਪ੍ਰਿਯੰਕਾ ਗਾਂਧੀ, ਕਿਹਾ ਸਾਡੇ ਪ੍ਰਧਾਨ ਮੰਤਰੀ ਬਣੇ ਹੰਕਾਰੀ ਰਾਜਾ

ਏਜੰਸੀ

ਖ਼ਬਰਾਂ, ਰਾਸ਼ਟਰੀ

ਕਾਂਗਰਸ ਨੇਤਾ ਨੇ ਮੁਜ਼ੱਫਰਨਗਰ ਵਿਖੇ ਮਹਾਪੰਚਾਇਤ ਵਿਚ ਲਿਆ ਹਿੱਸਾ

Priyanka Gandhi

ਨਵੀਂ ਦਿੱਲੀ: ਕਾਂਗਰਸ ਨੇਤਾ ਪ੍ਰਿਯੰਕਾ ਗਾਂਧੀ ਨੇ ਉੱਤਰ ਪ੍ਰਦੇਸ਼ ਦੇ ਮੁਜ਼ੱਫਰਨਗਰ ਵਿਚ ਕਿਸਾਨ ਮਹਾਪੰਚਾਇਤ ਵਿਚ ਹਿੱਸਾ ਲਿਆ। ਇਸ ਦੌਰਾਨ ਕੇਂਦਰ ਸਰਕਾਰ ਨੂੰ ਸਵਾਲਾਂ ਦੇ ਘੇਰੇ ਵਿਚ ਲਿਆ। ਕਿਸਾਨ ਮਹਾਪੰਚਾਇਤ ਨੂੰ ਸੰਬੋਧਨ ਕਰਦਿਆਂ ਕਾਂਗਰਸ ਜਨਰਲ ਸਕੱਤਰ ਨੇ ਕਿਹਾ ਕਿ 90 ਦਿਨ ਤੋਂ ਲੱਖਾਂ ਕਿਸਾਨ ਦਿੱਲੀ ਬਾਰਡਰ ‘ਤੇ ਸ਼ਾਂਤਮਈ ਸੰਘਰਸ਼ ਕਰ ਰਹੇ ਹਨ, 215 ਕਿਸਾਨ ਸ਼ਹੀਦ ਹੋਏ।

ਬਾਰਡਰ ‘ਤੇ ਅਜਿਹਾ ਮਾਹੌਲ ਬਣਾਇਆ ਗਿਆ ਹੈ, ਜਿਵੇਂ ਉਹ ਦੇਸ਼ ਦੀ ਸਰਹੱਦ ਹੋਵੇ। ਪ੍ਰਿਯੰਕਾ ਗਾਂਧੀ ਨੇ ਕਿਹਾ ਕਿ ਕਿਸਾਨਾਂ ਨੂੰ ਦੇਸ਼ਧ੍ਰੋਹੀ, ਅੱਤਵਾਦੀ, ਪਰਜੀਵੀ, ਅੰਦੋਲਨਜੀਵੀ ਕਿਹਾ ਗਿਆ ਹੈ। ਪਰ ਮੇਰਾ ਮੰਨਣਾ ਹੈ ਕਿ ਕਿਸਾਨ ਸਾਡੇ ਦੇਸ਼ ਦਾ ਦਿਲ ਹੈ।

ਕਾਂਗਰਸ ਨੇਤਾ ਨੇ ਅੱਗੇ ਕਿਹਾ ਕਿ ਹਰ ਵਾਰ ਚੋਣਾਂ ਵਿਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਸਾਨਾਂ ਨੂੰ ਗੰਨੇ ਦਾ ਭੁਗਤਾਨ ਕਰਨ ਦਾ ਵਾਅਦਾ ਕੀਤਾ ਸੀ। ਉਹਨਾਂ ਨੇ ਲੋਕਾਂ ਨੂੰ ਸਵਾਲ ਕੀਤਾ ਕਿ ਕੀ ਉਹਨਾਂ ਨੂੰ ਗੰਨੇ ਦਾ ਭੁਗਤਾਨ ਹੋਇਆ? ਉਹਨਾਂ ਨੇ ਕਿਸਾਨਾਂ ਨੂੰ ਸਵਾਲ ਕੀਤਾ ਕਿ ਕੀ ਉਹਨਾਂ ਦੀ ਆਮਦਨ ਦੁੱਗਣੀ ਹੋਈ?

ਇਸ ਮੌਕੇ ਪ੍ਰਿਯੰਕਾ ਗਾਂਧੀ ਨੇ ਕਿਹਾ ਕਿ ਸਰਕਾਰ ਨੂੰ ਕਿਸਾਨਾਂ ਦਾ ਸਤਿਕਾਰ ਕਰਨਾ ਚਾਹੀਦਾ ਹੈ, ਜਿਨ੍ਹਾਂ ਕਿਸਾਨਾਂ ਨੇ ਮੋਦੀ ਨੂੰ ਪ੍ਰਧਾਨ ਮੰਤਰੀ ਬਣਾਇਆ ਹੈ, ਉਹ ਉਹਨਾਂ ਨਾਲ ਗੱਲ ਕਿਉਂ ਨਹੀਂ ਕਰ ਰਹੇ। ਪ੍ਰਧਾਨ ਮੰਤਰੀ ਨੂੰ ਕਿਸਾਨਾਂ ਨਾਲ ਗੱਲਬਾਤ ਕਰਨੀ ਚਾਹੀਦੀ ਹੈ ਅਤੇ ਉਹਨਾਂ ਦੀਆਂ ਸਮੱਸਿਆਵਾਂ ਦਾ ਹੱਲ ਕਰਨਾ ਚਾਹੀਦਾ ਹੈ। ਮਹਿੰਗਾਈ ਦੇ ਮੁੱਦੇ ‘ਤੇ ਬੋਲਦਿਆਂ ਕਾਂਗਰਸ ਨੇਤਾ ਨੇ ਕਿਹਾ ਕਿ ਦੇਸ਼ ਵਿਚ ਗੈਸ, ਬਿਜਲੀ ਅਤੇ ਪੈਟਰੋਲ ਦੀਆਂ ਕੀਮਤਾਂ ਲਗਾਤਾਰ ਵਧਦੀਆਂ ਜਾ ਰਹੀਆਂ ਹਨ।

ਉੱਥੇ ਹੀ ਦਿੱਲੀ ਵਿਚ ਮਹੀਨਿਆਂ ਤੋਂ ਕਿਸਾਨਾਂ ਦਾ ਅੰਦੋਲਨ ਚੱਲ ਰਿਹਾ ਹੈ ਪਰ ਸਰਕਾਰ ਉਹਨਾਂ ਨਾਲ ਗੱਲ ਕਰਨ ਦੀ ਬਜਾਏ ਉਹਨਾਂ ਦਾ ਅਪਮਾਨ ਕਰ ਰਹੀ ਹੈ।ਉਹਨਾਂ ਕਿਹਾ ਪੂਰਾ ਦੇਸ਼ ਹੀ ਨਹੀਂ ਪੂਰੀ ਦੁਨੀਆਂ ਦੇਖ ਰਹੀ ਹੈ। ਪੁਰਾਣੀਆਂ ਕਹਾਣੀਆਂ ਵਿਚ ਹੰਕਾਰੀ ਰਾਜਾ ਹੁੰਦਾ ਸੀ, ਸਾਡੇ ਪ੍ਰਧਾਨ ਮੰਤਰੀ ਵੀ ਹੰਕਾਰੀ ਰਾਜਾ ਬਣ ਗਏ ਹਨ। ਜੋ ਜਵਾਨ ਇਸ ਦੇਸ਼ ਦੀ ਸਰਹੱਦ ‘ਤੇ ਤੈਨਾਤ ਹਨ, ਉਹ ਉਸੇ ਕਿਸਾਨ ਦਾ ਬੇਟਾ ਹੈ, ਉਹਨਾਂ ਦਾ ਸਨਮਾਨ ਹੋਣਾ ਚਾਹੀਦਾ ਹੈ।