ਕੁਰੂਕਸ਼ੇਤਰ 'ਚ ਗੁਰਦੁਆਰਾ ਸਾਹਿਬ ਨੂੰ ਲੈ ਕੇ ਟਕਰਾਅ, CM ਖੱਟਰ ਨੇ ਕਿਹਾ- SC ਦਾ ਫ਼ੈਸਲਾ ਅਮਲ 'ਚ ਲਿਆਂਦਾ 

ਏਜੰਸੀ

ਖ਼ਬਰਾਂ, ਰਾਸ਼ਟਰੀ

ਸ਼੍ਰੋਮਣੀ ਕਮੇਟੀ ਨੇ ਚਿਤਾਵਨੀ ਦਿੱਤੀ ਕਿ ਹਰਿਆਣਾ ਦੇ ਗੁਰਦੁਆਰਿਆਂ ’ਤੇ ਕਬਜ਼ਾ ਕਰਨ ਦੀ ਕੋਈ ਕੋਸ਼ਿਸ਼ ਨਾ ਕੀਤੀ ਜਾਵੇ। 

File Photo

ਕੁਰੂਕਸ਼ੇਤਰ - ਹਰਿਆਣਾ ਦੇ ਕੁਰੂਕਸ਼ੇਤਰ 'ਚ ਗੁਰਦੁਆਰਾ ਛੇਵੀਂ ਪਾਤਸ਼ਾਹੀ 'ਤੇ ਕਬਜ਼ੇ ਨੂੰ ਲੈ ਕੇ ਸੋਮਵਾਰ ਨੂੰ ਕਾਫ਼ੀ ਹੰਗਾਮਾ ਹੋ ਗਿਆ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐਸਜੀਪੀਸੀ) ਅਤੇ ਹਰਿਆਣਾ ਰਾਜ ਗੁਰਦੁਆਰਾ ਪ੍ਰਬੰਧਕ ਕਮੇਟੀ (ਐਚਐਸਜੀਐਮਸੀ) ਦੇ ਸਮਰਥਕਾਂ ਵਿਚਾਲੇ ਝਗੜਾ ਹੋਇਆ। ਪੁਲਿਸ ਨੇ ਦਖ਼ਲ ਦੇ ਕੇ ਦੋਵਾਂ ਧਿਰਾਂ ਨੂੰ ਗੁਰਦੁਆਰੇ ਤੋਂ ਬਾਹਰ ਕੱਢਿਆ। ਸ਼੍ਰੋਮਣੀ ਕਮੇਟੀ ਨੇ ਚਿਤਾਵਨੀ ਦਿੱਤੀ ਕਿ ਹਰਿਆਣਾ ਦੇ ਗੁਰਦੁਆਰਿਆਂ ’ਤੇ ਕਬਜ਼ਾ ਕਰਨ ਦੀ ਕੋਈ ਕੋਸ਼ਿਸ਼ ਨਾ ਕੀਤੀ ਜਾਵੇ। 

ਇਸ ਦੇ ਨਾਲ ਹੀ ਇਸ ਮਾਮਲੇ ਨੂੰ ਲੈ ਕੇ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਦਾ ਵੀ ਬਿਆਨ ਸਾਹਮਣੇ ਆਇਆ ਹੈ। ਉਹਨਾਂ ਦਾ ਕਹਿਣਾ ਹੈ ਕਿ ਇਹ ਜੋ ਕੁੱਝ ਵੀ ਹੋ ਰਿਹਾ ਹੈ ਉਹ ਸੁਪਰੀਮ ਕੋਰਟ ਦੇ ਫੈਸਲੇ 'ਤੇ ਅਮਲ ਕੀਤਾ ਗਿਆ ਹੈ ਤੇ ਹਾਂ ਗੁਰੂਦੁਆਰਾ ਸਾਹਿਬ ਵਿਚ ਸਿਰਫ਼ ਐਡਹੋਕ ਕਮੇਟੀ ਦੇ ਲੋਕ ਹੀ ਜਾ ਰਹੇ ਹਨ।  ਉਹਨਾ ਕਿਹਾ ਕਿ ਹਰਿਆਣਾ ਨੂੰ ਅਪਣੇ ਗੁਰਦੁਆਰਿਆਂ ਲਈ ਕਮੇਟੀ ਬਣਾਉਣ ਦਾ ਪੂਰਾ ਹੱਕ ਹੈ ਤੇ ਜਿਵੇਂ ਕਿ SGPC ਨੇ ਇਲਜ਼ਾਮ ਲਗਾਏ ਹਨ ਕਿ ਇਸ ਵਿਚ ਪੁਲਿਸ ਦੀ ਦਖਲਅੰਦਾਜ਼ੀ ਹੈ ਇਸ ਤਰ੍ਹਾਂ ਦੀ ਕੋਈ ਗੱਲ ਨਹੀਂ ਹੈ। 

ਇਸ ਦੇ ਨਾਲ ਹੀ ਦੱਸ ਦਈਏ ਕਿ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਇਸ ਮਾਮਲੇ ਨੂੰ ਲੈ ਕੇ ਮੈਂਬਰਾਂ ਨਾਲ ਐਮਰਜੈਂਸੀ ਮੀਟਿੰਗ ਕੀਤੀ। ਇਸ ਮੀਟਿੰਗ ਵਿਚ ਗੋਲਕਾਂ ਦੇ ਜਿੰਦਰੇ ਤੋੜਨ ਦੀ ਘਟਨਾ ਦੀ ਸਖ਼ਤ ਸ਼ਬਦਾਂ ਵਿੱਚ ਨਿੰਦਾ ਕੀਤੀ ਗਈ ਤੇ ਨਾਲ ਹੀ 5 ਮੈਂਬਰੀ ਕਮੇਟੀ ਦਾ ਗਠਨ ਵੀ ਕੀਤਾ ਗਿਆ ਹੈ ਜੋ ਕਿ ਸਾਰੀ ਘਟਨਾਕ੍ਰਮ ਦਾ 2 ਦਿਨ ਵਿਚ ਵੇਰਵਾ ਦੇਵੇਗੀ। 

ਹਰਜਿੰਦਰ ਸਿੰਘ ਧਾਮੀ ਨੇ ਕਿਹਾ ਹੈ ਕਿ ਇਸ ਕਮੇਟੀ ਵਿੱਚ ਸੀਨੀਅਰ ਮੀਤ ਪ੍ਰਧਾਨ ਬਲਦੇਵ ਸਿੰਘ ਕਾਇਮਪੁਰ, ਜੂਨੀਅਰ ਮੀਤ ਪ੍ਰਧਾਨ ਅਵਤਾਰ ਸਿੰਘ ਰਿਆਹ, ਜਨਰਲ ਸਕੱਤਰ ਗੁਰਚਰਨ ਸਿੰਘ ਗਰੇਵਾਲ, ਬਾਵਾ ਸਿੰਘ ਗੁਮਾਨਪੁਰਾ ਅਤੇ ਜਰਨੈਲ ਸਿੰਘ ਕਰਤਾਰਪੁਰ ਆਦਿ ਹਨ। ਧਾਮੀ ਦਾ ਕਹਿਣਾ ਹੈ ਕਿ ਗੋਲਕ ਦੇ ਜਿੰਦਰੇ ਤੋੜਨਾ ਮੰਦਭਾਗਾ ਹੈ ਅਤੇ ਇਹ ਸਿੱਖ ਪਰੰਪਰਾਵਾਂ ਦੇ ਖਿਲਾਫ਼ ਹੈ। 

ਉਨ੍ਹਾਂ ਦਾ ਕਹਿਣਾ ਹੈ ਕਿ ਉਹਨਾਂ ਵੱਲੋਂ 20-9-2022 ਨੂੰ ਅਪੀਲ ਕੀਤੀ ਗਈ ਸੀ ਅਤੇ ਉਸ ਤੋਂ ਬਾਅਦ ਰਿਵਿਊ ਪਟੀਸ਼ਨ ਵੀ ਸੁਪਰੀਮ ਕੋਰਟ ਵਿਚ ਖਾਰਿਜ ਹੋ ਗਈ। ਉਨ੍ਹਾਂ ਦਾ ਕਹਿਣਾ ਹੈ ਕਿ ਸੁਪਰੀਮ ਕੋਰਟ ਦੇ ਫੈਸਲੇ ਮੁਤਾਬਿਕ ਹਰਿਆਣਾ ਕਮੇਟੀਆਂ ਦੀਆਂ ਤੁਰੰਤ ਚੋਣਾਂ ਕਰਵਾਉਣੀਆਂ ਚਾਹੀਦੀਆਂ ਹਨ। ਉਨ੍ਹਾਂ ਦਾ ਕਹਿਣਾ ਹੈ ਕਿ ਹਰਿਆਣਾ ਸਰਕਾਰ ਦੁਆਰਾ ਨਾਮਜ਼ਦ ਕੀਤੇ ਗਏ ਸਾਰੇ 41 ਮੈਂਬਰ ਅਤੇ ਆਪਣੇ ਪ੍ਰਧਾਨ ਅਤੇ ਹੋਰ ਅਹੁਦੇਦਾਰਾਂ ਦੀ ਚੋਣ ਕਰਕੇ ਕਮੇਟੀ ਦਾ ਗਠਨ ਕਰਨਾ ਜੋ ਕਿ ਸਿੱਖਾਂ ਦੇ ਮਸਲੇ ਵਿਚ ਸਿੱਧੀ ਦਖ਼ਲ ਅੰਦਾਜੀ ਹੈ।

ਇਸ ਦੇ ਨਾਲ ਹੀ ਇਸ ਮਸਲੇ ਨੂੰ ਲੈ ਕੇ ਬਲਜੀਤ ਸਿੰਘ ਦਾਦੂਵਾਲ ਦਾ ਵੀ ਬਿਆਨ ਸਾਹਮਣੇ ਆਇਆ ਹੈ। ਜਿਸ ਵਿਚ ਉਹਨਾਂ ਨੇ ਦੋਸ਼ ਲਗਾਇਆ ਕਿ SGPC ਦੇ ਮੈਂਬਰਾਂ ਦਾ ਕੋਈ ਹੋਰ ਇਰਾਦਾ ਸੀ। ਉਹਨਾਂ ਕਿਹਾ ਕਿ ਇਹ ਸਾਡੀ ਕੁੱਟਮਾਰ ਕਰਨਾ ਚਾਹੁੰਦੇ ਸਨ, ਇਸ ਲਈ ਚਲਦੇ ਦੀਵਾਨ ਸਮਾਗਮ ਦੌਰਾਨ ਸਾਡੇ ਉੱਪਰ ਹਮਲਾ ਕੀਤਾ ਗਿਆ। ਦਾਦੂਵਾਲ ਨੇ ਕਿਹਾ ਕਿ SGPC ਮਨਮਾਨੀ ਨਾ ਕਰੇ। ਉਹਨਾਂ ਕਿਹਾ ਕਿ ਇਸ ਦੀ ਜਿੰਨੀ ਨਿਖੇਧੀ ਕੀਤੀ ਜਾਵੇ, ਉਨੀ ਘੱਟ ਹੈ। ਇਸ ਮੌਕੇ ਦਾਦੂਵਾਲ ਨੇ ਮੰਗ ਕੀਤੀ ਕਿ ਸਾਡੇ ਦੀਵਾਨ ਸਮਾਗਮ ਵਿਚ ਵਿਘਨ ਪਾਉਣ ਵਾਲੇ ਲੋਕਾਂ ਖ਼ਿਲਾਫ਼ ਕਾਨੂੰਨੀ ਕਾਰਵਾਈ ਕੀਤੀ ਜਾਵੇ। 

ਇਸ ਮਾਮਲੇ ਦੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਵੀ ਨਿਖੇਧੀ ਕੀਤੀ ਹੈ। ਉਹਨਾਂ ਨੇ ਕਿਹਾ ਕਿ ਹਰਿਆਣਾ ਦੀ ਪੁਲਿਸ ਵੱਲੋਂ ਜੁੱਤੀਆਂ ਸਮੇਤ ਗੁਰਦੁਆਰਾ ਸਾਹਿਬ ਅੰਦਰ ਦਾਖਲ ਹੋ ਕੇ ਕਬਜਾ ਕਰਨਾ ਸਖ਼ਤ ਨਿੰਦਣਯੋਗ ਹੈ। ਜਥੇਦਾਰ ਨੇ ਇਸ ਘਟਨਾ ਨੂੰ ਬਹੁਤ ਹੀ ਮੰਦਭਾਗਾ ਕਰਾਰ ਦਿੰਦਿਆਂ ਕਿਹਾ ਕਿ ਜੇਕਰ ਹਰਿਆਣਾ ਸਰਕਾਰ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਤੋੜ ਕੇ ਗੁਰਦੁਆਰਾ ਸਾਹਿਬਾਨ ‘ਤੇ ਪੁਲਿਸ ਦੇ ਜ਼ੋਰ ਨਾਲ ਕਬਜੇ ਕਰਨੇ ਹਨ ਤਾਂ ਇਸ ਤੋਂ ਪਹਿਲਾਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਐਕਟ 1925 ਨੂੰ ਪਾਰਲੀਮੈਟ ਵਿਚੋਂ ਡੀਨੋਟੀਫਾਈ ਕਰਵਾਓ। ਉਹਨਾਂ ਨੇ ਕਿਹਾ ਕਿ ਹਰਿਆਣਾ ਪੁਲਿਸ ਵੱਲੋਂ ਕੀਤੀ ਗਈ ਧੱਕੇਸ਼ਾਹੀ ਨੂੰ ਸਿੱਖ ਕੌਮ ਕਦੇ ਬਰਦਾਸ਼ਤ ਨਹੀਂ ਕਰੇਗੀ।