ਕਾਂਗਰਸ ਨੇ AICC ਮੈਂਬਰਾਂ ਦੀ ਸੂਚੀ ’ਚ ਸਿੱਖ ਨਸਲਕੁਸ਼ੀ ਦੇ ਮੁਲਜ਼ਮ ਜਗਦੀਸ਼ ਟਾਈਟਲਰ ਨੂੰ ਕੀਤਾ ਸ਼ਾਮਲ
ਕਾਂਗਰਸ ਨੇ ਇਕ ਵਾਰ ਫਿਰ ਸਿੱਖਾਂ ਦੇ ਜ਼ਖਮਾਂ 'ਤੇ ਲੂਣ ਛਿੜਕਿਆ : ਮਨਜਿੰਦਰ ਸਿੰਘ ਸਿਰਸਾ
ਨਵੀਂ ਦਿੱਲੀ: 1984 ਸਿੱਖ ਨਸਲਕੁਸ਼ੀ ਦੇ ਮੁੱਖ ਮੁਲਜ਼ਮਾਂ ਵਿਚ ਸ਼ਾਮਲ ਜਗਦੀਸ਼ ਟਾਈਟਲ ਨੂੰ ਇਸ ਸਾਲ ਲਈ ਆਲ ਇੰਡੀਆ ਕਾਂਗਰਸ ਕਮੇਟੀ ਦੇ ਮੈਂਬਰਾਂ ਦੀ ਸੂਚੀ ਵਿਚ ਸ਼ਾਮਲ ਕੀਤਾ ਗਿਆ ਹੈ। ਇਹ ਸੂਚੀ ਦਿੱਲੀ ਕਾਂਗਰਸ ਵੱਲੋਂ ਜਾਰੀ ਕੀਤੀ ਗਈ ਹੈ। ਇਸ ਨੂੰ ਲੈ ਕੇ ਭਾਰਤੀ ਜਨਤਾ ਪਾਰਟੀ ਨੇ ਕਾਂਗਰਸ 'ਤੇ ਹਮਲਾ ਬੋਲਿਆ ਹੈ।
ਇਹ ਵੀ ਪੜ੍ਹੋ : ਚੰਡੀਗੜ੍ਹ ਦੇ ਮੇਅਰ ਅਤੇ ਕੌਂਸਲਰ ਨੇ ਸ਼ਿਵਰਾਤਰੀ ਮੌਕੇ ਸਾਥੀਆਂ ਨਾਲ ਕੀਤੇ ਮੰਦਿਰ ਦੇ ਦਰਸ਼ਨ
ਭਾਜਪਾ ਦੇ ਬੁਲਾਰੇ ਗੌਰਵ ਭਾਟੀਆ ਨੇ ਕਿਹਾ 1984 ਸਿੱਖ ਨਸਲਕੁਸ਼ੀ ਦੌਰਾਨ ਸਭ ਤੋਂ ਜ਼ਿਆਦਾ ਨਫ਼ਰਤ ਫੈਲਾਉਣ ਵਾਲੇ ਆਗੂ ਜਗਦੀਸ਼ ਟਾਈਟਲਰ ਨੂੰ ਅੱਜ ਏ.ਆਈ.ਸੀ.ਸੀ. ਦਾ ਮੈਂਬਰ ਬਣਾਇਆ ਗਿਆ ਹੈ। ਇਹ ਕਹਿਣਾ ਗਲਤ ਨਹੀਂ ਹੈ ਕਿ ਨਫ਼ਰਤ ਫੈਲਾਉਣ ਵਾਲੇ, ਕਾਨੂੰਨਾਂ ਦੀ ਉਲੰਘਣਾ ਕਰਨ ਵਾਲੇ ਅਤੇ ਨਸਲਕੁਸ਼ੀ ਕਰਨ ਵਾਲੇ ਟਾਈਟਲਰ ਵਰਗੇ ਲੋਕ ਕਾਂਗਰਸ ਦੀ ਰੀੜ੍ਹ ਦੀ ਹੱਡੀ ਹਨ।
ਇਹ ਵੀ ਪੜ੍ਹੋ : ਅੰਮ੍ਰਿਤਸਰ ਏਅਰਪੋਰਟ 'ਤੇ ਮਿਲੇ ਉੱਲੀ ਲੱਗੇ ਲੱਡੂ: NRI ਨੇ ਤਸਵੀਰਾਂ ਖਿੱਚ ਕੇ ਅਧਿਕਾਰੀਆਂ ਨੂੰ ਭੇਜੀ ਸ਼ਿਕਾਇਤ
ਭਾਜਪਾ ਦੇ ਬੁਲਾਰੇ ਗੌਰਵ ਭਾਟੀਆ ਨੇ ਜਗਦੀਸ਼ ਟਾਈਟਲਰ ਨੂੰ ਏ.ਆਈ.ਸੀ.ਸੀ. 'ਚ ਸ਼ਾਮਲ ਕਰਨ ਨੂੰ ਲੈ ਕੇ ਕਾਂਗਰਸ 'ਤੇ ਹਮਲਾ ਬੋਲਿਆ ਹੈ। ਉਹਨਾਂ ਕਿਹਾ ਕਿ ਇਸ ਫੈਸਲੇ ਦੀ ਨਿੰਦਾ ਹੋਣੀ ਚਾਹੀਦੀ ਹੈ। ਇਸ ਤੋਂ ਇਲਾਵਾ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਅਤੇ ਭਾਜਪਾ ਆਗੂ ਮਨਜਿੰਦਰ ਸਿੰਘ ਸਿਰਸਾ ਨੇ ਵੀ ਟਵੀਟ ਕੀਤਾ ਹੈ।
ਉਹਨਾਂ ਲਿਖਿਆ, “ਗਾਂਧੀ ਪਰਿਵਾਰ ਸਿੱਖਾਂ ਦੇ ਕਾਤਲ ਜਗਦੀਸ਼ ਟਾਈਟਲਰ ਨੂੰ ਲਗਾਤਾਰ ਸਨਮਾਨ ਦੇ ਰਿਹਾ ਹੈ। ਹੁਣ ਉਸ ਨੂੰ ਕਾਂਗਰਸ ਵਰਕਿੰਗ ਕਮੇਟੀ ਦੇ ਪੈਨਲ 'ਚ ਨਾਮਜ਼ਦ ਕੀਤਾ ਗਿਆ ਹੈ। ਅਜਿਹਾ ਕਰਕੇ ਕਾਂਗਰਸ ਨੇ ਇਕ ਵਾਰ ਫਿਰ ਸਿੱਖਾਂ ਦੇ ਜ਼ਖਮਾਂ 'ਤੇ ਲੂਣ ਛਿੜਕਿਆ ਹੈ ਅਤੇ ਇਹ ਵੀ ਦਰਸਾਇਆ ਹੈ ਕਿ ਗਾਂਧੀ ਪਰਿਵਾਰ 1984 ਸਿੱਖ ਨਸਲਕੁਸ਼ੀ ਦੇ ਮੁੱਖ ਦੋਸ਼ੀ ਦਾ ਸਮਰਥਨ ਕਰਦਾ ਹੈ”। ਕਾਂਗਰਸ ਵੱਲੋਂ ਚੁਣੇ ਗਏ ਮੈਂਬਰਾਂ ਵਿਚ ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ, ਕਾਂਗਰਸ ਆਗੂ ਪ੍ਰਿਯੰਕਾ ਗਾਂਧੀ, ਅਜੈ ਮਾਕਨ, ਅਰਵਿੰਦ ਸਿੰਘ ਲਵਲੀ ਅਤੇ ਅਲਕਾ ਲਾਂਬਾ ਵੀ ਸ਼ਾਮਲ ਹਨ।