ਨਵੀਂ ਦਿੱਲੀ- ਕੈਬਿਨਟ ਮੰਤਰੀ ਨਵਜੋਤ ਸਿੰਘ ਸਿੱਧੂ ਖਿਲਾਫ ਪੰਜਾਬ ਸਰਕਾਰ ਦੇ ਇੱਕ ਹੋਰ ਮੰਤਰੀ ਨੇ ਮੋਰਚਾ ਖੋਲ ਦਿੱਤਾ ਹੈ। ਪੰਜਾਬ ਕੈਬਨਿਟ ਦੇ ਸਿਹਤ ਮੰਤਰੀ ਬ੍ਰਹਮ ਮਹਿੰਦਰਾ ਨੇ ਨਵਜੋਤ ਸਿੱਧੂ ਦੇ ਖਿਲਾਫ ਟਵੀਟ ਕਰਦੇ ਹੋਏ ਕਿਹਾ ਹੈ ਕਿ ਨਵਜੋਤ ਸਿੱਧੂ ਨੂੰ ਕਾਂਗਰਸ ਵਿਚ ਸ਼ਾਮਿਲ ਹੋਏ ਸਿਰਫ 2 ਸਾਲ ਹੋਏ ਹਨ ਤੇ ਉਹ ਆਪਣੀਆਂ ਸ਼ਰਤਾਂ ਤੇ ਏਜੰਡੇ ਥੋਪਣ ਵੀ ਲੱਗੇ ਹਨ।
ਹਾਈਕਮਾਨ ਨੂੰ ਸੀਰੀਅਸ ਨੋਟਿਸ ਲੈਣਾ ਚਾਹੀਦਾ ਹੈ। ਉਹਨਾਂ ਦਾ ਰਵੱਈਆ ਪਾਰਟੀ ਅਤੇ ਸਰਕਾਰ ਨੂੰ ਨੁਕਸਾਨ ਪਹੁੰਚਾ ਰਿਹਾ ਹੈ। ਦੱਸ ਦਈਏ ਕਿ ਸਿੱਧੂ ਆਪਣੀ ਪਤਨੀ ਦੀ ਟਿਕਟ ਕੱਟੇ ਜਾਣ ਤੋਂ ਬਾਅਦ ਦਿੱਤੇ ਬਿਆਨ ਕਰਕੇ ਵੱਡੇ ਵਿਵਾਦ ਵਿਚ ਫਸਦੇ ਜਾ ਰਹੇ ਹਨ ਤੇ ਸਿੱਧੂ ਦਾ ਵਿਰੋਧ ਉਨ੍ਹਾਂ ਦੀ ਪਾਰਟੀ ਦੇ ਮੰਤਰੀ ਹੀ ਕਰ ਰਹੇ ਹਨ। ਸੁਖਜਿੰਦਰ ਸਿੰਘ ਰੰਧਾਵਾਂ ਨੇ ਸਿੱਧੂ ਦਾ ਵਿਰੋਧ ਕਰਦੇ ਹੋਏ ਕਿਹਾ ਸੀ ਕਿ ਕਾਂਗਰਸ ਵਿਚ ਅਨੁਸ਼ਾਸਨਹੀਣਤਾ ਕਰਨ ਵਾਲਿਆਂ ਨੂੰ ਬਖ਼ਸ਼ਿਆ ਨਹੀਂ ਜਾਵੇਗਾ।
ਉਨ੍ਹਾਂ ਕਿਹਾ ਕਿ ਸਿੱਧੂ ਦੇ ਬਿਆਨ ਬਾਦਲਾਂ ਦੀ ਮਦਦ ਕਰਨ ਵਾਲੇ ਹਨ। ਪਾਰਟੀ ਹਾਈਕਮਾਨ ਨੂੰ ਸਿੱਧੂ, ਬਾਜਵਾ ਤੇ ਸ਼ਮਸ਼ੇਰ ਦੂਲੋ ਖ਼ਿਲਾਫ਼ ਕਾਰਵਾਈ ਕਰਨੀ ਚਾਹੀਦੀ ਹੈ। ਇਸਤੋਂ ਇਲਾਵਾ ਮੁਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਵੀ ਸਿੱਧੂ 'ਤੇ ਸ਼ਬਦੀ ਹੱਲਾ ਬੋਲਦੇ ਹੋਏ ਕਿਹਾ ਸੀ ਕਿ ਸਿੱਧੂ ਮੁੱਖ ਮੰਤਰੀ ਬਣਨਾ ਚਾਹੁੰਦਾ ਹੈ।