25 ਦਸੰਬਰ ਨੂੰ ਕਿਸਾਨਾਂ ਨਾਲ ਗੱਲਬਾਤ ਕਰਨਗੇ ਪੀਐੱਮ ਮੋਦੀ 

ਏਜੰਸੀ

ਖ਼ਬਰਾਂ, ਰਾਸ਼ਟਰੀ

ਉੱਤਰ ਪ੍ਰਦੇਸ਼ ਵਿੱਚ 2500 ਥਾਵਾਂ ‘ਤੇ ਕਿਸਾਨ ਸੰਵਾਦ ਦਾ ਆਯੋਜਨ ਕੀਤਾ ਜਾਵੇਗਾ

Narendra Modi

ਨਵੀਂ ਦਿੱਲੀ - ਨਵੇਂ ਖੇਤੀ ਕਾਨੂੰਨਾਂ ਪ੍ਰਤੀ ਕਿਸਾਨਾਂ ਦੀ ਨਾਰਾਜ਼ਗੀ ਜਾਰੀ ਹੈ। ਇਸ ਦੌਰਾਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਸਾਨਾਂ ਨਾਲ ਵਿਚਾਰ ਵਟਾਂਦਰੇ ਲਈ ਤਿਆਰੀ ਕਰ ਲਈ ਹੈ। ਪ੍ਰਧਾਨ ਮੰਤਰੀ ਮੋਦੀ, ਦੇਸ਼ ਦੇ ਸਾਬਕਾ ਪ੍ਰਧਾਨ ਮੰਤਰੀ ਅਟਲ ਬਿਹਾਰੀ ਵਾਜਪਾਈ ਦੇ ਜਨਮ ਦਿਨ 'ਤੇ ਕਿਸਾਨਾਂ ਨਾਲ ਚਰਚਾ ਕਰਨਗੇ।
ਭਾਰਤੀ ਜਨਤਾ ਪਾਰਟੀ (ਭਾਜਪਾ) ਨੇ ਇਸ ਬਾਰੇ ਜਾਣਕਾਰੀ ਦਿੱਤੀ ਹੈ।

ਪਾਰਟੀ ਨੇ ਕਿਹਾ ਕਿ ਉੱਤਰ ਪ੍ਰਦੇਸ਼ ਵਿੱਚ 2500 ਥਾਵਾਂ ‘ਤੇ ਕਿਸਾਨ ਸੰਵਾਦ ਦਾ ਆਯੋਜਨ ਕੀਤਾ ਜਾਵੇਗਾ। ਮਹੱਤਵਪੂਰਨ ਗੱਲ ਇਹ ਹੈ ਕਿ ਪਿਛਲੇ ਹਫ਼ਤੇ ਸਰਕਾਰ ਨੇ ਕਿਸਾਨਾਂ ਨੂੰ ਇੱਕ ਪ੍ਰਸਤਾਵ ਭੇਜਿਆ ਸੀ, ਜਿਸ ਨੂੰ ਕਿਸਾਨਾਂ ਨੇ ਰੱਦ ਕਰ ਦਿੱਤਾ ਸੀ। ਇਸ ਪ੍ਰਸਤਾਵ ਵਿਚ ਸਰਕਾਰ ਨੇ ਸਪਸ਼ਟ ਕੀਤਾ ਸੀ ਕਿ ਐਮਐਸਪੀ ਜਾਰੀ ਰਹੇਗੀ।

ਪੀਐੱਮ ਮੋਦੀ ਦੇ ਇਸ ਪ੍ਰੋਗਰਾਮ ਨੂੰ ਲੈ ਕੇ ਭਾਜਪਾ ਦੇ ਉੱਤਰ ਪ੍ਰਦੇਸ਼ ਦੇ ਪ੍ਰਧਾਨ ਸਵਤੰਤਰ ਦੇਵ ਸਿੰਘ ਅਤੇ ਪਾਰਟੀ ਨੇਤਾ ਰਾਧਾ ਮੋਹਨ ਸਿੰਘ ਨੇ ਪਾਰਟੀ ਅਹੁਦੇਦਾਰਾਂ ਨਾਲ ਵਰਚੁਅਲ ਮੀਟਿੰਗ ਕੀਤੀ। ਇਸ ਦੌਰਾਨ ਰਾਧਾ ਮੋਹਨ ਸਿੰਘ ਨੇ ਵਿਰੋਧੀ ਧਿਰ ਨੂੰ ਨਿਸ਼ਾਨਾ ਬਣਾਇਆ। ਉਨ੍ਹਾਂ ਕਿਹਾ, 'ਮੋਦੀ ਸਰਕਾਰ ਨੇ ਜਿੰਨਾ ਭਲਾ ਕੀਤਾ ਹੈ, ਜੇਕਰ ਇਹ ਪਹਿਲਾਂ ਹੁੰਦਾ ਤਾਂ ਕਿਸਾਨਾਂ ਦੀ ਸਥਿਤੀ ਹੋਰ ਵੀ ਵਧੀਆ ਹੁੰਦੀ'। ਉਨਾਂ ਨੇ ਵਿਰੋਧੀ ਪਾਰਟੀਆਂ ਉੱਤੇ ਨਵੇਂ ਖੇਤੀਬਾੜੀ ਕਾਨੂੰਨਾਂ ਦੇ ਸਬੰਧ ਵਿੱਚ ਝੂਠ ਫੈਲਾਉਣ ਦਾ ਦੋਸ਼ ਵੀ ਲਗਾਇਆ।

ਹਾਲ ਹੀ ਵਿਚ ਪ੍ਰਧਾਨ ਮੰਤਰੀ ਮੋਦੀ ਨੇ ਮੱਧ ਪ੍ਰਦੇਸ਼ ਦੇ ਕਿਸਾਨਾਂ ਨਾਲ ਵੀ ਵਿਚਾਰ ਵਟਾਂਦਰੇ ਕੀਤੇ। ਇਸ ਸਮੇਂ ਦੌਰਾਨ ਉਨ੍ਹਾਂ ਨੇ ਸਪੱਸ਼ਟ ਕੀਤਾ ਸੀ ਕਿ ਘੱਟੋ ਘੱਟ ਸਮਰਥਨ ਮੁੱਲ ਨੂੰ ਨਾ ਤਾਂ ਖਤਮ ਕੀਤਾ ਹੈ ਅਤੇ ਨਾ ਹੀ ਖ਼ਤਮ ਕੀਤਾ ਜਾਵੇਗਾ। ਨਵੰਬਰ ਤੋਂ ਲੈ ਕੇ ਹੁਣ ਤੱਕ ਕਿਸਾਨ ਦਿੱਲੀ ਦੀਆਂ ਸਰਹੱਦਾਂ ‘ਤੇ ਨਿਰੰਤਰ ਪ੍ਰਦਰਸ਼ਨ ਕਰ ਰਹੇ ਹਨ। ਇਨ੍ਹਾਂ ਵਿੱਚੋਂ ਜ਼ਿਆਦਾਤਰ ਕਿਸਾਨ ਪੰਜਾਬ ਅਤੇ ਹਰਿਆਣਾ ਦੇ ਹਨ। ਪ੍ਰਦਰਸ਼ਨਾਂ ਨੂੰ ਖਤਮ ਕਰਨ ਲਈ, ਕਿਸਾਨਾਂ ਅਤੇ ਸਰਕਾਰ ਦਰਮਿਆਨ 5 ਗੇੜਾਂ ਦੀ ਗੱਲਬਾਤ ਹੋ ਚੁੱਕੀ ਹੈ, ਪਰ ਹੱਲ ਨਹੀਂ ਨਿਕਲਿਆ। ਇਕ ਪਾਸੇ ਸਰਕਾਰ ਕਾਨੂੰਨਾਂ ਵਿਚ ਸੋਧ ਕਰਨ ਦੀ ਗੱਲ ਕਰ ਰਹੀ ਹੈ ਪਰ ਕਿਸਾਨ ਕਾਨੂੰਨ ਵਾਪਸ ਲੈਣ ‘ਤੇ ਅੜੇ ਹੋਏ ਹਨ।