ਕਿਸਾਨੀ ਅੰਦੋਲਨ ਦੌਰਾਨ ਆਉਣ ਵਾਲੀਆਂ ਪੰਜ ਸੂਬਿਆਂ ਦੀਆਂ ਚੋਣਾਂ ਤੋਂ ਭਾਜਪਾ ਚਿੰਤਤ, ਬੁਲਾਈ ਮੀਟਿੰਗ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਰਾਸ਼ਟਰੀ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਪ੍ਰਧਾਨਗੀ ਹੇਠ ਹੋਈ ਮੀਟਿੰਗ ਵਿਚ ਵੱਖ ਵੱਖ ਵਿਸ਼ਿਆ 'ਤੇ ਵਿਚਾਰ ਵਟਾਂਦਰਾ

Prime_Minister_Modi

ਨਵੀਂ ਦਿੱਲੀ: ਚੱਲ ਰਹੇ ਕਿਸਾਨੀ ਸੰਘਰਸ਼ ਦਰਮਿਆਨ ਪੰਜ ਸੂਬਿਆਂ ਦੀਆਂ ਆਉਣ ਵਾਲੀਆਂ ਚੋਣਾਂ ਨੂੰ ਲੈ ਕੇ ਭਾਜਪਾ ਚਿੰਤਤ ਹੈ। ਕਿਸਾਨ ਜਥੇਬੰਦੀਆਂ ਅਤੇ ਵਿਰੋਧੀ ਧਿਰਾਂ ਦੀ ਲਾਮਬੰਦੀ ਨੂੰ ਵੇਖਦਿਆਂ ਭਾਜਪਾ ਨੇ ਵੀ ਤਿਆਰੀਆਂ ਆਰੰਭ ਦਿੱਤੀਆਂ ਹਨ। ਇਸੇ ਤਹਿਤ ਭਾਜਪਾ ਦੀ  ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਪ੍ਰਧਾਨਗੀ ਹੇਠ ਅਹਿਮ ਮੀਟਿੰਗ ਹੋਈ ਜਿਸ ਵਿਚ ਰਾਸ਼ਟਰੀ ਅਧਿਕਾਰੀ ਵੀ ਸ਼ਾਮਲ ਹੋਏ। ਕੋਰੋਨਾ ਮਹਾਂਮਾਰੀ ਦੌਰਾਨ ਰਾਸ਼ਟਰੀ ਅਧਿਕਾਰੀਆਂ ਦੀ ਇਹ ਪਹਿਲੀ ਮੁਲਾਕਾਤ ਹੈ ਜਿਸ ਵਿਚ ਆਗੂਆਂ ਨੇ ਸ਼ਿਰਕਤ ਕੀਤੀ।

ਇਸ ਤੋਂ ਪਹਿਲਾਂ ਸ਼ਨੀਵਾਰ ਨੂੰ ਵੀ ਪਾਰਟੀ ਪ੍ਰਧਾਨ ਜੇਪੀ ਨੱਡਾ ਦੀ ਰਾਸ਼ਟਰੀ ਜਨਰਲ ਸਕੱਤਰਾਂ ਤੇ ਸੂਬਾ ਸੰਗਠਨ ਦੇ ਜਨਰਲ ਮੰਤਰੀਆਂ ਨਾਲ ਮੀਟਿੰਗਾਂ ਹੋਈਆਂ ਸਨ। ਸੂਤਰਾਂ ਮੁਤਾਬਕ ਸ਼ਨੀਵਾਰ ਨੂੰ ਹੋਈਆਂ ਮਹੱਤਵਪੂਰਨ ਮੀਟਿੰਗਾਂ ਵਿਚ ਰਾਸ਼ਟਰੀ ਅਧਿਕਾਰੀਆਂ ਦੀ ਮੀਟਿੰਗ ਦੇ ਏਜੰਡੇ, ਰਾਜ ਦੀਆਂ ਇਕਾਈਆਂ ਵੱਲੋਂ ਚਲਾਏ ਜਾ ਰਹੇ ਪ੍ਰੋਗਰਾਮਾਂ ਤੇ ਚੋਣ ਰਾਜਾਂ ਦੀਆਂ ਤਿਆਰੀਆਂ ਬਾਰੇ ਵਿਚਾਰ-ਵਟਾਂਦਰੇ ਹੋਏ।

 ਮੀਟਿੰਗ ਦੌਰਾਨ ਪ੍ਰਧਾਨ ਮੰਤਰੀ  ਕੋਵਿਡ -19 ਮਹਾਂਮਾਰੀ ਦੌਰਾਨ ਮਾਰੇ ਗਏ ਲੋਕਾਂ ਨੂੰ ਸ਼ਰਧਾਂਜਲੀ ਦਿੱਤੀ ਗਈ ਅਤੇ ਇਸ ਸਬੰਧ ਵਿੱਚ ਇੱਕ ਸ਼ੋਕ ਮਤਾ ਵੀ ਪਾਸ ਕੀਤਾ ਗਿਆ। ਭਾਜਪਾ ਦੇ ਜਨਰਲ ਸਕੱਤਰ ਅਰੁਣ ਸਿੰਘ ਮੁਤਾਬਕ ਮੀਟਿੰਗ ਦੌਰਾਨ ਅਸਾਮ, ਪੱਛਮੀ ਬੰਗਾਲ ਅਤੇ ਤਾਮਿਲਨਾਡੂ ਸਮੇਤ ਪੰਜ ਰਾਜਾਂ ਦੀਆਂ ਵਿਧਾਨ ਸਭਾ ਚੋਣਾਂ, ਸਵੈ-ਨਿਰਭਰ ਭਾਰਤ ਮੁਹਿੰਮ ਅਤੇ ਤਿੰਨ ਖੇਤੀਬਾੜੀ ਕਾਨੂੰਨਾਂ 'ਤੇ ਵੀ ਵਿਚਾਰ ਵਟਾਂਦਰਾ ਹੋਇਆ ਹੈ।

ਕਾਬਲੇਗੌਰ ਹੈ ਕਿ ਚੱਲ ਰਹੇ ਕਿਸਾਨੀ ਅੰਦੋਲਨ ਦਾ ਫੈਲਾਅ ਹੁਣ ਦੇਸ਼-ਵਿਆਪੀ ਹੁੰਦਾ ਜਾ ਰਿਹਾ ਹੈ। ਕਿਸਾਨ ਜਥੇਬੰਦੀਆਂ ਨੇ ਦਿੱਲੀ ਵੱਲ ਵਧਣ ਦੀ ਥਾਂ ਹੁਣ ਆਪਣਾ ਰੁਖ ਦੇਸ਼ ਦੇ ਦੂਰ-ਦੁਰਾਂਡੇ ਇਲਾਕਿਆਂ ਵੱਲ ਕਰ ਲਿਆ ਹੈ। ਬੀਤੇ ਦਿਨੀਂ ਕਿਸਾਨ ਆਗੂਆਂ ਨੇ ਪੱਛਮੀ ਬੰਗਾਲ ਸਮੇਤ ਦੇਸ਼ ਦੇ ਉਨ੍ਹਾਂ ਸੂਬਿਆਂ ਵਿਚ ਵੀ ਕਿਸਾਨ ਰੈਲੀਆਂ ਕਰਨ ਦਾ ਐਲਾਨ ਕੀਤਾ ਸੀ, ਜਿੱਥੇ ਨੇੜ-ਭਵਿੱਖ ਵਿਚ ਚੋਣਾਂ ਹੋਣ ਜਾ ਰਹੀਆਂ ਹਨ। ਭਾਜਪਾ ਵੱਲੋਂ ਕੀਤੀਆਂ ਜਾ ਰਹੀਆਂ ਮੀਟਿੰਗਾਂ ਵਿਚ ਕਿਸਾਨ ਅੰਦੋਲਨ ਅਤੇ ਵਿਰੋਧੀ ਧਿਰਾਂ ਦੀ ਲਾਮਬੰਦੀ ਦੇ ਮੱਦੇਨਜ਼ਰ ਬਣੇ ਹਾਲਾਤਾਂ ਨਾਲ ਨਜਿੱਠਣ ਲਈ ਅਗਲੇਰੀ ਵਿਉਤਬੰਦੀ ਵਿਚਾਰ-ਵਟਾਦਰਾ ਹੋਣ ਦੇ ਆਸਾਰ ਹਨ।