ਭਾਜਪਾ ਦੇ ਰਾਸ਼ਟਰੀ ਅਧਿਕਾਰੀਆਂ ਦੀ ਅਹਿਮ ਮੀਟਿੰਗ ਅੱਜ, ਪੀਐਮ ਮੋਦੀ ਕਰਨਗੇ ਸੰਬੋਧਨ
ਭਾਜਪਾ ਦੇ ਕੌਮੀ ਪ੍ਰਧਾਨ ਜੇਪੀ ਨੱਢਾ ਕਰਨਗੇ ਮੀਟਿੰਗ ਦੀ ਅਗਵਾਈ
ਨਵੀਂ ਦਿੱਲੀ: ਨਵੇਂ ਖੇਤੀ ਕਾਨੂੰਨਾਂ ਦੇ ਚਲਦਿਆਂ ਭਾਜਪਾ ਸਰਕਾਰ ਖ਼ਿਲਾਫ਼ ਜਾਰੀ ਵਿਰੋਧ ਅਤੇ ਦੇਸ਼ ਦੇ ਪੰਜ ਸੂਬਿਆਂ ਵਿਚ ਹੋਣ ਜਾ ਰਹੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਅੱਜ ਭਾਰਤੀ ਜਨਤਾ ਪਾਰਟੀ ਦੀ ਅਹਿਮ ਬੈਠਕ ਹੋਣ ਜਾ ਰਹੀ ਹੈ। ਇਸ ਦੌਰਾਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਭਾਜਪਾ ਦੇ ਰਾਸ਼ਟਰੀ ਅਧਿਕਾਰੀਆਂ ਨੂੰ ਸੰਬੋਧਨ ਕਰਨਗੇ।
ਭਾਜਪਾ ਦੇ ਕੌਮੀ ਪ੍ਰਧਾਨ ਜੇਪੀ ਨੱਢਾ ਦੀ ਅਗਵਾਈ ਵਿਚ ਹੋਣ ਵਾਲੀ ਇਸ ਮੀਟਿੰਗ ਵਿਚ ਕਿਸਾਨ ਅੰਦੋਲਨ, ਵਿਧਾਨ ਸਭਾ ਚੋਣਾਂ ਸਮੇਤ ਹੋਰ ਕਈ ਮੁੱਦਿਆਂ ‘ਤੇ ਚਰਚਾ ਹੋਣ ਦੀ ਸੰਭਾਵਨਾ ਜਤਾਈ ਜਾ ਰਹੀ ਹੈ।
ਪੀਐਮ ਮੋਦੀ ਤੋਂ ਇਲਾਵਾ ਅਮਿਤ ਸ਼ਾਹ ਵੀ ਹੋਣਗੇ ਸ਼ਾਮਲ
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤੋਂ ਇਲਾਵਾ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਸਮੇਤ ਹੋਰ ਕੇਂਦਰੀ ਨੇਤਾ ਵੀ ਇਸ ਮੀਟਿੰਗ ਵਿਚ ਮੌਜੂਦ ਰਹਿਣਗੇ। ਸੂਤਰਾਂ ਮੁਤਾਬਕ ਇਸ ਮੀਟਿੰਗ ਦੌਰਾਨ ਆਉਣ ਵਾਲੀਆਂ ਪੰਜ ਸੂਬਿਆਂ ਦੀਆਂ ਵਿਧਾਨ ਸਭਾ ਚੋਣਾਂ ਸਬੰਧੀ ਰਣਨੀਤੀ ਤਿਆਰ ਕੀਤੀ ਜਾਵੇਗੀ। ਦੱਸ ਦਈਏ ਕਿ ਅਗਲੇ ਸਾਲ ਦੀ ਸ਼ੁਰੂਆਤ ਵਿਚ ਪੰਜਾਬ, ਉੱਤਰ ਪ੍ਰਦੇਸ਼ ਅਤੇ ਉਤਰਾਖੰਡ ਸੂਬਿਆਂ ਦੀਆਂ ਵਿਧਾਨ ਸਭਾ ਚੋਣਾਂ ਹੋਣ ਜਾ ਰਹੀਆਂ ਹਨ।
ਜ਼ਿਕਰਯੋਗ ਹੈ ਕਿ ਖੇਤੀ ਕਾਨੂੰਨਾਂ ਵਿਰੁੱਧ ਕਿਸਾਨੀ ਸੰਘਰਸ਼ ਦੇ ਚਲਦਿਆਂ ਪੰਜਾਬ-ਹਰਿਆਣਾ ਤੋਂ ਇਲਾਵਾ ਵੱਖ-ਵੱਖ ਸੂਬਿਆਂ ਵਿਚ ਭਾਜਪਾ ਨੂੰ ਭਾਰੀ ਵਿਰੋਧ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਲੋਕਾਂ ਵੱਲੋਂ ਭਾਜਪਾ ਆਗੂਆਂ ਦੇ ਮੁਕੰਮਲ ਸਮਾਜਕ ਬਾਈਕਾਟ ਦਾ ਐਲਾਨ ਕੀਤਾ ਜਾ ਰਿਹਾ ਹੈ।